
ਪਠਾਨਕੋਟ, 18 ਜੂਨ (ਪ.ਪ) – ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਸਤੀ, ਉੱਚੇਰੀ ਅਤੇ ਮਿਆਰੀ ਸਿੱਖਿਆ ਮੁਹਈਆ ਕਰਵਾਉਣ ਲਈ ਲਮੀਣੀ (ਪਠਾਨਕੋਟ) ਵਿਖੇ 14 ਕਰੋੜ 28 ਲੱਖ 59 ਹਜ਼ਾਰ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਦੀ ਉਸਾਰੀ ਦਾ ਕੰਮ 65 ਪ੍ਰਤੀਸ਼ਤ ਮੁਕੰਮਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਆਯੋਜਿਤ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ., ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਮਨਮੋਹਨ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ, ਯਸ਼ਪਾਲ ਸ਼ਰਮਾ ਤਹਿਸੀਲਦਾਰ, ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ, ਡਾ. ਅਨਿਲ ਮਹਿੰਦਰ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ., ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ, ਰਜਿੰਦਰ ਸਿੰਘ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ), ਮਨਜੀਤ ਸਿੰਘ ਜ਼ਿਲ੍ਹਾ ਭਲਾਈ ਅਫ਼ਸਰ, ਹਰਬੰਸ ਸਿੰਘ ਖਜ਼ਾਨਾ ਅਫ਼ਸਰ, ਸੁਖਦੇਵ ਰਾਜ ਬੀ.ਡੀ.ਪੀ.ਓ. ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਲਿਕਪੁਰ (ਪਠਾਨਕੋਟ) ਵਿਖੇ 45 ਕਰੋੜ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਇਸ ਦੀ ਉਸਾਰੀ ਦਾ ਕੰਮ 46 ਪ੍ਰਤੀਸ਼ਤ ਮੁਕੰਮਲ ਹੋ ਗਿਆ ਹੈ ਅਤੇ ਇਹ ਕੰਪਲੈਕਸ ਦਸੰਬਰ, 2015 ਤੱਕ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਗਨ ਸਕੀਮ ਤਹਿਤ ਪਿਛਲੇ ਸਾਲ ਦੇ 1161 ਲਾਭਪਾਤਰੀਆਂ ਨੂੰ ਪ੍ਰਤੀ ਲਾਭਪਾਤਰੀ 15000ਰੁਪਏ ਦੀ ਆਨ ਲਾਈਨ ਅਦਾਇਗੀ ਉਨ੍ਹਾਂ ਦੇ (ਲਾਭਪਾਤਰੀਆਂ) ਬੈਂਕ ਖਾਤਿਆਂ ਵਿੱਚ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਜੁਲਾਈ, ਅਗਸਤ ਅਤੇ ਸਤੰਬਰ, 2014 ਦੇ ਪੈਡਿੰਗ ਪਏ ਕੇਸਾਂ ਨੂੰ ਵੀ ਜਲਦੀ ਅਦਾਇਗੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿਖੇ 3 ਕਰੋੜ 76 ਲੱਖ ਦੀ ਲਾਗਤ ਨਾਲ ਉਸਾਰੇ ਜਾ ਰਹੇ ਆਡੀਟੋਰੀਅਮ ਦਾ ਕੰਮ 15 ਜੁਲਾਈ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ ਅਤੇ ਅਧੂਰੇ ਪਏ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕ ਇੰਨ੍ਹਾਂ ਸਕੀਮਾਂ ਦਾ ਲਾਭ ਉਠਾਕੇ ਆਪਣਾ ਜੀਵਨ ਮਿਆਰ ਉੱਚਾ ਚੁੱਕ ਸਕਣ।
ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਆਪਣੇ ਆਪਣੇ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਵਿਕਾਸ ਕੰਮਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਕਰਕੇ ਮਾਲ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਤੋਂ ਪਹਿਲਾ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਵੀ ਮੀਟਿੰਗ ਕੀਤੀ।
Punjab Post Daily Online Newspaper & Print Media