
ਬਟਾਲਾ, 21 ਮਈ (ਨਰਿੰਦਰ ਬਰਨਾਲ ) – ਜ਼ਮੀਨ ਹੇਠਲੇ ਪਾਣੀ ਦੇ ਸੋਮੇ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ ਤਾਂ ਪੰਜ ਪਾਣੀਆਂ ਦੀ ਧਰਤੀ ਪੰਜਾਬ ਨੂੰ ਬੰਜਰ ਹੋਣੋ ਬਚਾਇਆ ਜਾ ਸਕੇ। ਝੋਨੇ ਦੀ ਸਿੱਧੀ ਬਿਜਾਈ ਸਫਲਤਾਪੂਰਵਕ ਕਰਨ ਅਤੇ ਚੰਗੀ ਪੈਦਾਵਾਰ ਲੈਣ ਲਈ ਕੁਝ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਦੀ ਸਖਤ ਜ਼ਰੂਰਤ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। ਇਹ ਵਿਚਾਰ ਬਲਾਕ ਕਾਦੀਆਂ ਦੇ ਖੇਤੀਬਾੜੀ ਅਫਸਰ ਜਰਮਨਜੀਤ ਸਿੰਘ ਨੇ ਕਾਦੀਆਂ ਬਲਾਕ ਦੇ ਪਿੰਡ ਲੋਹਚੱਪ ਵਿਖੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਤ ਕਰਦਿਆਂ ਕਹੇ। ਖੇਤੀਬਾੜੀ ਵਿਭਾਗ ਵੱਲੋਂ ਮੌਕੇ ਤੇ ਕਿਸਾਨਾਂ ਨੂੰ ਖੇਤਾਂ ਵਿੱਚ ਡਰਿਲ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਕੇ ਦਿਖਾਇਆ ਵੀ ਗਿਆ। ਇਸ ਮੌਕੇ ਹਰਪ੍ਰੀਤ ਸਿੰਘ, ਜੁਝਾਰ ਸਿੰਘ, ਜਗਦੀਪ ਸਿੰਘ, ਗੁਰਸ਼ਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਅਫਸਰ ਜਰਮਨਜੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 30 ਫੀਸਦੀ ਮਜ਼ਦੂਰੀ ਅਤੇ 10-15 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ ਅਤੇ ਉੱਚੀਆਂ ਜ਼ਮੀਨਾਂ ਦੀ ਚੋਣ ਨਾ ਕਰੋ, ਸਿਰਫ ਭਾਰੀਆਂ ਅਤੇ ਜ਼ਰਖੇਜ਼ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕੀਤੀ ਜਾਵੇ ਕਿਉਂਕਿ ਹਲਕੀਆਂ ਜ਼ਮੀਨਾਂ ਵਿੱਚ ਪਾਣੀ ਖੜਾ ਨਾ ਹੋਣ ਕਾਰਨ ਸਿੱਧੀ ਬਿਜਾਈ ਨਾਲ ਬੀਜੇ ਝੋਨੇ ਦੀ ਫਸਲ ਵਿੱਚ ਲੋਹੇ ਦੀ ਘਾਟ ਬਹੁਤ ਆ ਜਾਂਦੀ ਹੈ। ਉਨਾਂ ਕਿਹਾ ਕਿ ਜਿਨਾਂ ਖੇਤਾਂ ਵਿੱਚ ਜਿਥੇ ਮਧਾਨਾ ਅਤੇ ਗੰਢ ਵਾਲੇ ਡੀਲੇ ਦੀ ਵਧੇਰੇ ਸਮੱਸਿਆ ਹੋਵੇ, ਦੀ ਚੋਣ ਵੀ ਨਹੀਂ ਕਰਨੀ ਚਾਹੀਦੀ।
ਖੇਤੀਬਾੜੀ ਅਫਸਰ ਨੇ ਕਿਹਾ ਕਿ ਸਿੱਧੀ ਬਿਜਾਈ ਦੀ ਸਫਲਤਾ ਲਈ ਜ਼ਰੂਰੀ ਹੈ ਕਿ ਖੇਤ ਨੂੰ ਲੇਜ਼ਰ ਕਰਾਹੇ ਨਾਲ ਪੱਧਰਾ ਕਰ ਲਿਆ ਜਾਵੇ ਤਾਂ ਜੋ ਪਾਣੀ ਇਕਸਾਰ ਲੱਗ ਸਕੇ ਅਤੇ ਪਾਣੀ ਦੀ ਬੱਚਤ ਵੀ ਹੋ ਸਕੇ। ਉਨਾਂ ਕਿਹਾ ਕਿ ਬਾਸਮਤੀ ਦੀ ਬਿਜਾਈ ਵੀ ਸਿੱਧੀ ਬਿਜਾਈ ਵਿਧੀ ਨਾਲ ਕੀਤੀ ਜਾ ਸਕਦੀ ਹੈ। ਖੇਤੀਬਾੜੀ ਅਫਸਰ ਜਰਮਨਜੀਤ ਸਿੰਘ ਨੇ ਕਿਹਾ ਕਿ ਸਿੱਧੀ ਬਿਜਾਈ ਨਾਲ ਬੀਜੇ ਝੋਨੇ ਨੁੰ 130 ਕਿਲੋ ਯੂਰੀਆ ਪ੍ਰਤੀ ਏਕੜ ਤਿੰਨ ਬਰਾਬਰ ਹਿੱਸਿਆ ਵਿੱਚ ਬਿਜਾਈ ਤੋਂ 2,5 ਅਤੇ 9 ਹਫਤਿਆਂ ਬਾਅਦ ਛੱਟੇ ਨਾਲ ਪਾਉ। ਉਨਾਂ ਕਿਹਾ ਕਿ ਫਾਸਫੋਰਸ ਅਤੇ ਪੋਟਾਸ਼ ਖਾਦ ਦੀ ਵਰਤੋਂ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ‘ਤੇ ਕਰੋ, ਜੇਕਰ ਕਣਕ ਦੀ ਫਸਲ ਨੂੰ ਫਾਸਫੋਰਸ ਦੀ ਪੂਰੀ ਮਾਤਰਾ ਪਾਈ ਗਈ ਹੈ ਤਾਂ ਝੋਨੇ ਦੀ ਫਸਲ ਨੁੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲਿਟਰ ਪੈਂਡੀਮੈਥਾਲੀਨ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਛਿੜਕਾਅ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸਵਾਂਕ ਅਤੇ ਮੋਥੇ ਦੀ ਰੋਕਥਾਮ ਲਈ ਬਿਜਾਈ ਤੋਂ 20-25 ਦਿਨਾਂ ਬਾਅਦ 100 ਮਿਲੀਲਿਟਰ ਬਿਸਪਾਇਰੀਬੈਕ 10 ਐਸ.ਸੀ. ਪ੍ਰਤੀ ਏਕੜ ਨੂੰ 150 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰੋ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media