ਬਠਿੰਡਾ, 23 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਪੱਧਰ ਹੋਰ ਉਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਲਿਆਂ ਸਦਕਾ ਹੀ ਜਿੱਥੇ ਵਿਦਿਆਰਥੀਆਂ ਨੂੰ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੜ੍ਹਨ ਲਈ ਵਧੀਆ ਮਾਹੌਲ ਮਿਲ ਰਿਹਾ ਹੈ, ਉਥੇ ਖੇਡਾਂ ਦੇ ਖੇਤਰ ਵਿਚ ਵੀ ਬੱਚਿਆਂ ਨੂੰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਰਕਾਰ ਦੇ ਯਤਨਾਂ ਸਦਕਾ ਬਠਿੰਡਾ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ 385.00 ਲੱਖ ਰੁਪਏ ਦੀ ਲਾਗਤ ਨਾਲ 68 ਕਮਰਿਆਂ ਦੀ ਉਸਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੂਲਾਂ ਦੇ ਬੁਨਿਆਦੀ ਢਾਂਚੇ ਲਈ ਲੱਖਾਂ ਰੁਪਏ ਖਰਚੇ ਜਾ ਰਹੇ ਹਨ ਅਤੇ ਸਕੂਲੀ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਲਈ ਵੱਖਰੇ-ਵੱਖਰੇ ਟੁਆਲਿਟ ਵੀ ਬਣਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਅਮਰਜੀਤ ਕੌਰ ਕੋਟਫੱਤਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਸਰਕਾਰੀ ਵਿਚ ਸਿਵਲ ਵਰਕਸ ਅਧੀਨ 385.00 ਲੱਖ ਰੁਪਏ ਦੀ ਲਾਗਤ ਨਾਲ 68 ਕਮਰਿਆਂ ਦੀ ਉਸਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਣਾਏ ਗਏ ਇਨ੍ਹਾਂ ਕਮਰਿਆਂ ਵਿਚ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਬੱਚਿਆਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪੜ੍ਹਨ ਲਈ ਵਧੀਆ ਮਾਹੌਲ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਲ 2014-15 ਵਿੱਚ 6132 ਵਿਸ਼ੇਸ਼ ਲੋੜਾਂ ਵਾਲੇ ਬੱਚੇ ਪਾਏ ਗਏ, ਜਿਨ੍ਹਾਂ ਵਿਚੋਂ 541 ਬੱਚੇ ਹੋਮਬੇੇਸ ਐਜੂਕੇਸ਼ਨ ਦੁਆਰਾ ਕਵਰ ਕੀਤੇ ਜਾਣਗੇ ਅਤੇ ਬਾਕੀ ਬੱਚਿਆਂ ਨੂੰ ਰਿਸੋਰਸ ਰੂਮਾਂ ਰਾਹੀਂ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ 34 ਬੱਚਿਆਂ ਦੀ ਸਰਜਰੀ ਅਤੇ 395 ਬੱਚਿਆਂ ਦੀ ਫਿਜ਼ੀਓਥਰੈਪੀ ਦਾ ਟੀਚਾ ਇਸ ਸਾਲ ਵਿੱਚ ਪੂਰਾ ਕੀਤਾ ਜਾਵੇਗਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜ਼ਿਲ੍ਹਾ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਕਿਹਾ ਕਿ ਜਿਨ੍ਹਾਂ ਪ੍ਰਾਇਮਰੀ ਸਕੂਲਾਂ ਵਿੱਚ ਲੜਕੀਆਂ ਅਤੇ ਲੜਕਿਆਂ ਦੇ ਟੁਆਇਲਟ ਨਹੀਂ ਬਣੇ ਹੋਏ ਸਨ, ਜਾਂ ਮਾੜੀ ਹਾਲਤ ਵਿਚ ਸਨ, ਉਨ੍ਹਾਂ ਸਕੂਲਾਂ ਵਿਚ 17 ਲੱਖ, 35 ਹਜ਼ਾਰ ਦੀ ਲਾਗਤ ਨਾਲ 15 ਨਵੇਂ ਟੁਆਲਿਟ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੜਕਿਆਂ ਲਈ 1 ਲੱਖ, 18 ਹਜ਼ਾਰ ਰੁਪਏ ਦੀ ਲਾਗਤ ਨਾਲ 8 ਟੁਆਲਿਟ ਅਤੇ ਲੜਕੀਆਂ ਲਈ 1 ਲੱਖ, 13 ਹਜ਼ਾਰ ਰੁਪਏ ਦੀ ਲਾਗਤ ਨਾਲ 7 ਨਵੇਂ ਟੁਆਲਿਟ ਵੱਖ-ਵੱਖ ਸਕੂਲਾਂ ਵਿਚ ਬਣਨਗੇ ਅਤੇ ਇਸ ਕਾਰਜ ਨੂੰ ਅੰਤਿਮ ਛੋਹਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਡਾ. ਕੋਟਫੱਤਾ ਨੇ ਕਿਹਾ ਕਿ ਰਮਸਾ ਅਧੀਨ ਤਲਵੰਡੀ ਸਾਬੋ, ਮੰਡੀ ਕਲਾਂ ਅਤੇ ਘੁੱਦਾ ਵਿਖੇ ਨੌਵੀਂ-ਦਸਵੀਂ ਲੜਕੀਆਂ ਲਈ ਗਰਲਜ਼ ਹੋਸਟਲ ਬੜੇ ਵਧੀਆ ਤਰੀਕੇ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਦੀ ਯੋਜਨਾ ਵਿੱਚ ‘ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ’ ਅਧੀਨ 14 ਸਕੂਲ਼ਾਂ ਵਿੱਚ ਸਮੇਂ ਦੀ ਲੋੜ ਅਨੁਸਾਰ ਨਵੇਂ ਟਰੇਡ ਸ਼ੁਰੂ ਕੀਤੇ ਜਾ ਰਹੇ ਹਨ, ਤਾਂ ਜੋ ਇਨ੍ਹਾਂ ਵਿਦਿਆਰਥੀਆਂ ਵਿੱਚ ਸਕਿੱਲ ਡਿਵੈਲਪਮੈਂਟ (ਹੁਨਰ ਵਿਕਾਸ) ਦਾ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਵੈ-ਸੁਰੱਖਿਆ ਲਈ ਲੜਕੀਆਂ ਲਈ ਕਰਾਟੇ ਟ੍ਰੇਨਿੰਗ ਅਤੇ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਰੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਬਿਜਲੀ/ਪਾਣੀ ਦੇ ਬਿੱਲਾਂ ਅਤੇ ਹੋਰ ਫੁੱਟਕਲ ਕੰਮਾਂ ਲਈ 25 ਹਜ਼ਾਰ ਰੁਪਏ ਪ੍ਰਤੀ ਸਕੂਲ ਰਾਸ਼ੀ ਜਾਰੀ ਕੀਤੀ ਗਈ ਸੀ ਅਤੇ ਇਹ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਸਕੂਲ ਬਠਿੰਡਾ ਵਿੱਚ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਦਾਖਲੇ ਲਈ ਕਾਊਂਸਲਿੰਗ 24 ਜੂਨ ਨੂੰ ਐਮ.ਐਸ.ਡੀ. ਪਬਲਿਕ ਸਕੂਲ ਬਠਿੰਡਾ ਵਿਖੇ ਹੋ ਰਹੀ ਹੈ। ਉਨ੍ਹਾਂ ਗੁਣਾਤਮਕ ਸਿੱਖਿਆ ਦੇ ਸੁਧਾਰਾਂ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਧਿਆਪਕ ਪੂਰੀ ਜ਼ਿੰਮੇਵਾਰੀ ਅਤੇ ਮਿਹਨਤ ਨਾਲ ਬੱਚਿਆਂ ਨੂੰ ਪੜ੍ਹਾਉਣ, ਤਾਂ ਜੋ ਬੱਚੇ ਪੜ੍ਹ ਲਿਖ ਕੇ ਚੰਗੇ ਨਾਗਰਿਕ ਬਣ ਸਕਣ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …