ਪਠਾਨਕੋਟ, 23 ਜੂਨ (ਪ.ਪ) – ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਅਤੇ ਬੁਨਿਆਦੀ ਸਹੂਲਤਾਂ ਮੁਹਈਆ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਆਪਣੇ ਗ੍ਰਹਿ ਵਿਖੇ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਪੇਂਡੂ ਖੇਤਰ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਸਰਪੰਚਾਂ-ਪੰਚਾਂ ਅਤੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸੁਖਦੇਵ ਰਾਜ ਬੀ.ਡੀ.ਪੀ.ਓ. ਪਠਾਨਕੋਟ, ਉਮਾ ਕੁਮਾਰੀ ਸੀ.ਡੀ.ਪੀ.ਓ., ਅਤੁਲ ਖੁਰਾਣਾ ਐਸ.ਡੀ.ਓ. ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸੁਰਿੰਦਰ ਸੈਣੀ ਸਹਾਇਕ ਖੁਰਾਕ ਸਪਲਾਈ ਅਫ਼ਸਰ, ਵਿਜੇ ਕੁਮਾਰ ਮੰਡਲ ਪ੍ਰਧਾਨ ਦਿਹਾਤੀ, ਵਿਪਨ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਕਿਸ਼ਨ ਗੋਪਾਲ, ਵਿਨੇ ਮੋਹਨ, ਰਜਿੰਦਰ ਲਾਡੀ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਰਪੰਚ-ਪੰਚ ਹਾਜ਼ਰ ਸਨ।
ਸ਼੍ਰੀ ਸ਼ਰਮਾ ਨੇ ਸਰਪੰਚਾਂ-ਪੰਚਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਇਆ ਜਾਵੇਗਾ ਅਤੇ ਲੋਕਾਂ ਦੀ ਖੁੱਲੇ ਵਿੱਚ ਜੰਗਲ ਪਾਣੀ ਜਾਣ ਦੀ ਪ੍ਰਵਿਰਤੀ ਨੂੰ ਖਤਮ ਕਰਨ ਲਈ ਹਰ ਘਰ ਵਿੱਚ ਪਖਾਨਾ ਬਣਾ ਕੇ ਪਿੰਡਾਂ ਨੂੰ ਸਵੱਛ ਬਣਾਇਆ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਸਰਪੰਚਾਂ ਨੂੰ ਕਿਹਾ ਕਿ ਉਹ ਆਪਣੇ ਕੰਮ ਪ੍ਰਤੀ ਇਮਾਨਦਾਰ ਹੋਣ ਅਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ।
ਸ਼੍ਰੀ ਸ਼ਰਮਾ ਨੇ ਕਿਹਾ ਕਿ ਅਪੰਗ ਵਿਅਕਤੀਆਂ ਨੂੰ ਅਪੰਗਤਾ ਦੇ ਸਰਟੀਫਿਕੇਟ ਦੇਣ ਲਈ ਜਲਦੀ ਹੀ ਜ਼ਿਲ੍ਹੇ ਵਿੱਚ ਹੋਰ ਕੈਂਪ ਲਗਾਏ ਜਾਣਗੇ ਅਤੇ ਇਸ ਤੋਂ ਇਲਾਵਾ ਜਨਮ ਅਤੇ ਮੌਤ ਦੇ ਸਰਟੀਫਿਕੇਟ ਬਣਾਉਣ ਵਾਸਤੇ ਲੋਕਾਂ ਦੀ ਸਹੂਲਤ ਲਈ ਵੱਖ ਵੱਖ ਥਾਵਾਂ ‘ਤੇ ਕੈਂਪ ਲਾਗਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਵੱਖ ਵੱਖ ਪੈਨਸ਼ਨ ਸਕੀਮਾਂ ਸਬੰਧੀ ਮੁਸ਼ਕਲਾਂ ਨੂੰ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਸਰਪੰਚਾਂ-ਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮੱਤਭੇਦਾਂ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਅਤੇ ਵਿਕਾਸ ਕਾਰਜਾਂ ਲਈ ਮਿਲੀ ਰਹੀਆਂ ਗ੍ਰਾਟਾਂ ਨੂੰ ਇਮਾਨਦਾਰੀ ਨਾਲ ਖਰਚ ਕਰਨ ਅਤੇ ਮਿਆਰੀ ਕੰਮ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕ ਇੰਨ੍ਹਾਂ ਸਕੀਮਾਂ ਦਾ ਲਾਭ ਉੱਠਾ ਕੇ ਆਪਣਾ ਜੀਵਨ ਮਿਆਰ ਉੱਚਾ ਚੁੱਕ ਸਕਣ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਅਤੇ ਵਿਕਾਸ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …