Saturday, April 18, 2026

ਪਠਾਨਕੋਟ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਤਹਿਤ 6 ਕਰੋੜ ਰੁਪਏ ਖਰਚੇ – ਅਸ਼ਵਨੀ ਸ਼ਰਮਾ

MLA Pkt Ashwani

ਪਠਾਨਕੋਟ, 16 ਜੁਲਾਈ (ਪ.ਪ) – ਨਗਰ ਨਿਗਮ ਪਠਾਨਕੋਟ ਵੱਲੋਂ ਵੱਖ-ਵੱਖ ਵਿਕਾਸ ਸਕੀਮਾਂ ਤਹਿਤ ਸ਼ਹਿਰ ਦੇ ਸਮੁੱਚੇ ਵਿਕਾਸ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਤਹਿਤ 6 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਹੋਰ 4.14 ਕਰੋੜ ਰੁਪਏ ਪਠਾਨਕੋਟ ਸ਼ਹਿਰ ਦੇ ਵਿਕਾਸ ਲਈ ਮੰਨਜ਼ੂਰ ਕੀਤੇ ਗਏ ਹਨ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਉਕਤ ਰਾਸ਼ੀ ਵਿੱਚੋਂ 2.50 ਕਰੋੜ ਰੁਪਏ ਸ਼ਹਿਰ ਦੀਆਂ ਗਲੀਆਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ‘ਤੇ ਖਰਚ ਕੀਤੇ ਗਏ ਹਨ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਸਵੱਛ ਭਾਰਤ ਮੁਹਿੰਮ ਤਹਿਤ 1 ਕਰੋੜ ਰੁਪਏ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 35 ਨਵੇਂ ਡੰਪਰ, ਦੋ ਪੋਟੇਬਲ ਫੋਗਿੰਗ ਮਸ਼ੀਨਾਂ, ਦੋ ਨਵੇਂ ਟਰੈਕਟਰ, ਤਿੰਨ ਨਵੀਆਂ ਟਰਾਲੀਆਂ ਕਾਰਪੋਰੇਸ਼ਨ ਵੱਲੋਂ ਖਰੀਦੀਆਂ ਗਈਆਂ ਹਨ ਅਤੇ ਪੁਰਾਣੀ ਮਸ਼ੀਨਰੀ ਅਤੇ ਫਾਇਰ ਬ੍ਰਗੇਡ ਦੀਆਂ ਗੱਡੀਆਂ ਠੀਕ ਕਰਵਾਈਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ 5 ਨਵੀਆਂ ਮੋਟਰਾਂ ਲਗਵਾਈਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ। ਜਿੰਨ੍ਹਾਂ ਦੇ ਟੈਂਡਰ ਲਗਾ ਦਿੱਤੇ ਗਏ ਹਨ ਅਤੇ ਜਲਦੀ ਹੀ ਇਹ ਕੰਮ ਸ਼ੁਰੂ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਠਾਨਕੋਟ ਸ਼ਹਿਰ ਨੂੰ ਸਾਫ਼ ਸੁਥਰਾ, ਸੁੰਦਰ, ਹਰਿਆ ਭਰਿਆ ਬਣਾਉਣ ਅਤੇ ਇਸ ਦੇ ਸਰਵਪੱਖੀ ਵਿਕਾਸ ਲਈ 4.14 ਕਰੋੜ ਰੁਪਏ ਹੋਰ ਮੰਨਜ਼ੂਰ ਕੀਤੇ ਗਏ ਹਨ, ਜੋ ਜਲਦੀ ਹੀ ਕਾਰਪੋਰੇਸ਼ਨ ਨੂੰ ਪ੍ਰਾਪਤ ਹੋ ਜਾਣਗੇ।ਉਨ੍ਹਾਂ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਰੂਰੀ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਢਾਂਗੂ ਰੋਡ ਦੇ ਨਵ ਨਿਰਮਾਣ ‘ਤੇ 1.03 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਸ ਸੜਕ ਦੇ ਨਵ ਨਿਰਮਾਣ ਦਾ ਕੰਮ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਢਾਕੀ ਰੋਡ ਤੋਂ ਸਬਜੀ ਮੰਡੀ ਤੇ ਦਾਣਾ ਮੰਡੀ ਨੂੰ ਜਾਂਦੀ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਲਈ 1.40 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਸ ਸੜਕ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply