Saturday, March 7, 2026

ਪੰਜਾਬ ਸਰਕਾਰ ਨੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦਿਤੇ – ਚੇਅਰਮੈਨ ਕਾਹਲੋਂ

ਉਭਰਦੇ ਖਿਡਾਰੀਆਂ ਦੀ ਸਿਖਲਾਈ ਦਾ ਸਾਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ

ਬਟਾਲਾ, 22 ਜੁਲਾਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਹੈ।ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਾਣ ਵਧਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਜਲ ਸਰੋਤ ਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਬੀਤੇ ਦਿਨੀ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ 306 ਨਾਮੀ ਖਿਡਾਰੀਆਂ ਨੂੰ 9 ਕਰੋੜ ਰੁਪੈ ਤੋਂ ਵੱਧ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਹੈ ਜੋ ਕਿ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ‘ਚ ਹੋਰ ਪ੍ਰਾਪਤੀਆਂ ਕਰਨ ਲਈ ਪ੍ਰਰੇਗਾ। ਖਿਡਾਰੀਆਂ ਦਾ ਸਨਮਾਨ ਕੀਤੇ ਜਾਣ ‘ਤੇ ਚੇਅਰਮੈਨ ਸ. ਕਾਹਲੋਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਸ ਪ੍ਰਗਟ ਕੀਤੀ ਹੈ ਕਿ ਸੂਬਾ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਸਦਕਾ ਪੰਜਾਬ ਖੇਡਾਂ ਦੇ ਖੇਤਰ ‘ਚ ਹੋਰ ਮਿਸਾਲੀ ਪ੍ਰਾਪਤੀਆਂ ਕਰੇਗਾ।
ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤੀ ਦੇਣ ਲਈ ਪੰਜਾਬ ਸਰਕਾਰ ਵਲੋਂ ਉਭਰਦੇ ਖਿਡਾਰੀਆਂ ਨੂੰ ਸਿਖਲਾਈ, ਖੁਰਾਕ ਤੇ ਸਿੱਖਿਆ ਦਾ ਸਾਰਾ ਖਰਚ ਸੂਬਾ ਸਰਕਾਰ ਵਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕਿਸੇ ਖਿਡਾਰੀ ਨੂੰ ਵਿਦੇਸ਼ ਤੋਂ ਸਿਖਲਾਈ ਦੀ ਜ਼ਰੂਰਤ ਹੈ ਤਾਂ ਵੀ ਪੰਜਾਬ ਸਰਕਾਰ ਵਲੋਂ ਉਸਦਾ ਖਰਚ ਸਹਿਣ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਵਲੋਂ 100 ਕਰੋੜ ਰੁਪੈ ਦਾ ਖੇਡ ਪ੍ਰੋਤਸਾਹਨ ਫੰਡ ਕਾਇਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਪੇਸ਼ੇਵਰ ਸਿਖਲਾਈ ਲਈ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੁਹਾਲੀ ਵਿਖੇ ਸਥਾਪਨਾ ਕੀਤੀ ਗਈ ਹੈ, ਜਿਸ ਵਿਚ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਕੋਚਾਂ ਵਲੋਂ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੀਓ ਉਲੰਪਿਕ 2016 ਵਿਖੇ ਸੂਬੇ ਦੇ ਖਿਡਾਰੀਆਂ ਦੀ ਸ਼ਭ ਤੋਂ ਵੱਧ ਭਾਗੀਦਾਰੀ ਲਈ 11 ਖੇਡਾਂ ਦੀ ਸਿਖਲਾਈ ਇਸ ਇੰਸਟੀਚਿਊਟ ਵਿਖੇ ਪ੍ਰਦਾਨ ਕੀਤੀ ਜਾ ਰਹੀ ਹੈ।
ਚੇਅਰਮੈਨ ਸ. ਕਾਹਲੋਂ ਨੇ ਅੱਗੇ ਕਿਹਾ ਕਿ ਹੇਠਲੇ ਪੱਧਰ ‘ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਸਕੂਲਾਂ ਵਿਚ ਲਾਜ਼ਮੀ ਵਿਸ਼ੇ ਵਜੋਂ ਪੜਾਉਣ ਦਾ ਪ੍ਰਸਤਾਵ ਵਿਚਾਰ ਅਧੀਨ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਖੇਡ ਨੀਤੀ ਤਹਿਤ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਕਸਰਤ ਲਈ ਜਿੰਮ ਦਾ ਸਮਾਨ ਅਤੇ ਖੇਡਾਂ ਦਾ ਸਮਾਨ ਵੀ ਮੁਹੱਈਆ ਕਰਇਆ ਗਿਆ ਹੈ, ਤਾਂ ਜੋ ਪੰਜਾਬ ਦੇ ਨੌਜਵਾਨ ਖੇਡਾਂ ਦੇ ਖੇਤਰ ‘ਚ ਨਵੇਂ ਮੁਕਾਮ ਹਾਸਲ ਕਰ ਸਕਣ।ਸ. ਕਾਹਲੋਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਹ ਯਤਨ ਸੂਬੇ ‘ਚ ਖੇਡ ਸੱਭਿਆਚਾਰ ਨੂੰ ਪ੍ਰਫੁਲਤ ਕਰਨ ‘ਚ ਸਹਾਈ ਹੋਣਗੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply