
ਪਠਾਨਕੋਟ, 28 ਜੁਲਾਈ (ਪ.ਪ) – ਪ੍ਰਾਈਵੇਟ ਸਕੂਲਾਂ ਦੇ ਮਾਲਕਾਂ, ਪ੍ਰਿੰਸੀਪਲਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ‘ਸੇਫ ਸਕੂਲ ਵਾਹਨ ਸਪੀਡ’ ਦੇ ਵਿਸ਼ੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਿਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ., ਜਸਵੰਤ ਸਿੰਘ ਢਿਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਡਾ. ਜਰਨੈਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ(ਐਲੀਮੈਂਟਰੀ), ਪ੍ਰਿੰ: ਮਨਜੀਤ ਮੱਲ੍ਹ, ਜਗਤਾਰ ਸਿੰਘ, ਵਿਜੇ ਪਾਸ਼ੀ, ਵੱਖ ਵੱਖ ਪ੍ਰਾਈਵੇਟ ਸਕੂਲਾਂ ਦੇ ਮਾਲਕ, ਪ੍ਰਿੰਸੀਪਲ ਅਤੇ ਬੱਚਿਆਂ ਦੇ ਮਾਤਾ-ਪਿਤਾ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨਯੋਗ ਹਾਈ ਕੋਰਟ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਾਰੇ ਸਕੂਲਾਂ ਨੂੰ ਬੱਚਿਆਂ ਦੀ ਸੁਰੱਖਿਆ ਵੱਲ ਧਿਆਨ ਦੇਣਾ ਚਾਹੀਦਾ ਹੈ। ਜਿਸ ਦੇ ਅਧੀਨ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣਾ, ਚੰਗੀ ਹਾਲਤ ਵਿੱਚ ਸਕੂਲੀ ਬੱਸਾਂ ਦੀ ਵਿਵਸਥਾ ਕਰਨਾ, ਬੱਸਾਂ ਵਿੱਚ ਕੰਡਕਟਰ ਦੀ ਵਿਵਸਥਾ ਕਰਨਾ ਆਦਿ ਸਕੂਲ ਦੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਹਾਈ ਕੋਰਟ ਦੁਆਰਾ ਦਿੱਤੇ ਗਏ ਆਦੇਸ਼ਾਂ ਅਨੁਸਾਰ 14 ਅਗਸਤ ਤੱਕ ਕਿਸੇ ਵੀ ਸਕੂਲ ਦੀ ਚੈਂਕਿੰਗ ਕੀਤੀ ਜਾ ਸਕਦੀ ਅਤੇ ਟ੍ਰੈਫਿਕ ਨਿਯਮਾਂ ਵਿੱਚ ਢਿਲ ਪਾਉਣ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਸੈਮੀਨਾਰ ਵਿੱਚ ਸੰਬੋਧਨ ਕਰਦੇ ਸ਼੍ਰੀ ਜਸਵੰਤ ਸਿੰਘ ਢਿੱਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦੀ ਵਿਵਸਥਾ ਕਰਨਾ ਸਕੂਲ ਦੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਨਾਲ ਬੱਚਿਆਂ ਦੇ ਮਾਪਿਆਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਉਹ ਬੱਚਿਆਂ ਨੂੰ ਸਕੂਲ ਲੈ ਕੇ ਜਾਣ ਵਾਲੇ ਵਾਹਨਾਂ ਪ੍ਰਤੀ ਜਾਗਰੂਕ ਹੋਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕੂਲਾਂ ਵੱਲੋਂ ਟ੍ਰੈਫਿਕ ਇੰਚਾਰਜ ਨਿਯੁਕਤ ਕਰਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਸੈਮੀਨਾਰ ਦੇ ਅੰਤ ਵਿੱਚ ਦੀਨਾਨਗਰ ਵਿੱਚ ਬੀਤੇ ਦਿਨ ਦੁੱਖਦਾਈ ਘਟਨਾ ਵਿੱਚ ਸ਼ਹੀਦ ਹੋਏ ਪੁਲੀਸ ਮੁਲਾਜਮਾਂ ਤੇ ਮਾਰੇ ਗਏ ਆਮ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ।
Punjab Post Daily Online Newspaper & Print Media