Monday, July 1, 2024

ਇਕ ਮਹੀਨੇ ਦੇ ਅੰਦਰ ਸਕੂਲੀ ਵੈਨਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਏ.ਡੀ.ਸੀ

ਮਹੀਨਾਵਾਰ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੋਂ ਲਿਆ ਕੰਮਾਂ ਦਾ ਜਾਇਜ਼ਾ

ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਵੈਨਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ, ਜੋ ਸੁਰੱਖਿਆ ਦੇ ਲਿਹਾਜ਼ ਤੋਂ ਕਾਫੀ ਕਾਰਗਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਇਲੈਕਟ੍ਰੋਨਿਕ ਦਰਵਾਜ਼ੇ ਵੀ ਲਗਾਏ ਜਾਣ, ਤਾਂ ਜੋ ਬੱਚਿਆਂ ਦੇ ਬੱਸ ਵਿਚੋਂ ਡਿੱਗਣ ਦਾ ਖਤਰਾ ਨਾ ਰਹੇ। ਉਨ੍ਹਾਂ ਸਕੂਲ ਮੁਖੀਆਂ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਸਕੂਲੀ ਵੈਨਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਅਤੇ ਇਲੈਕਟ੍ਰੋਨਿਕ ਦਰਵਾਜ਼ੇ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਇਕ ਮਹੀਨੇ ਉਪਰੰਤ ਉਨ੍ਹਾਂ ਸਕੂਲੀ ਵੈਨਾਂ ਦੇ ਚਲਾਨ ਕੱਟੇ ਜਾਣ, ਜਿਹੜੇ ਅਜਿਹਾ ਨਹੀਂ ਕਰਨਗੇ। ਸ਼੍ਰੀ ਸ਼ਰਮਾ ਅੱਜ ਮਹੀਨਾਵਾਰ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਕੋਲੋਂ ਉਨ੍ਹਾਂ ਅਧੀਨ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈ ਰਹੇ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਪੀ.ਐਲ.ਆਰ.ਐਸ ਦੀ ਮੀਟਿੰਗ ਦੌਰਾਨ ਕਿਹਾ ਕਿ ਮਾਲ ਦੇ ਰਿਕਾਰਡ ਲਈ ਜ਼ਿਲ੍ਹੇ ਦੇ 292 ਪਿੰਡ ਕੰਪਿਊਟਰਾਇਜ਼ਡ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹਾ ਵਾਸੀਆਂ ਨੂੰ ਜ਼ਮੀਨ ਰਿਕਾਰਡ ਸਬੰਧੀ ਫਰਦਾਂ ਦੀਆਂ ਨਕਲਾਂ ਤੋਂ ਇਲਾਵਾ ਹੋਰ ਵੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਰਦ ਦੀ ਨਕਲ ਸਮੇਂ ਸਿਰ ਦੇਣੀ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਵੀ ਵਿਅਕਤੀ ਦੀ ਖੱਜਲ-ਖੁਆਰੀ ਨਾ ਹੋ ਸਕੇ। ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਿਚ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਲਈ ਵਧੇਰੇ ਜ਼ਹਿਰਾਂ ਦੀ ਵਰਤੋਂ ਨਾ ਕਰਨ ਲਈ ਵੱਧ ਤੋਂ ਵੱਧ ਪ੍ਰੇਰਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਬੀਜਾਂ, ਖਾਦਾਂ ਅਤੇ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਕੀਤੀ ਜਾਵੇ।
ਸ਼੍ਰੀ ਸ਼ਰਮਾ ਨੇ ਨਜਾਇਜ਼ ਕਬਜ਼ਿਆਂ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਜਾਇਦਾਦ ‘ਤੇ ਨਜਾਇਜ਼ ਕਬਜ਼ਾ ਸਹਿਣ ਨਹੀਂ ਕੀਤਾ ਜਾਵੇਗਾ, ਇਸ ਲਈ ਨਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ। ਉਨ੍ਹਾਂ ਕਿਹਾ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਪਾਰਕਿੰਗ ਦਾ ਵੀ ਉਚਿੱਤ ਬੰਦੋਬਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪਾਰਕਿੰਗ ਦੀ ਸਮੱਸਿਆ ਬਿਲਕੁੱਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਆਪਣੀ ਡਿਊਟੀ ਨੇਪਰੇ ਚਾੜ੍ਹਨ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਆਪਣੇ ਅਧੀਨ ਦੇਣ ਵਾਲੀਆਂ ਸੇਵਾਵਾਂ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਸਮੇਂ-ਸਿਰ ਦੇਣੀਆਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਅਤੇ ਸਹੂਲਤਾਂ ਹੇਠਲੇ ਪੱਧਰ ਤੱਕ ਪਹੁੰਚਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ,ਇਸ ਲਈ ਸੁਹਿਰਦਤਾ ਅਤੇ ਇਮਾਨਦਾਰੀ ਨਾਲ ਜਨਤਾ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।ਮੀਟਿੰਗ ਵਿਚ ਐਸ.ਡੀ.ਐਮ ਤਲਵੰਡੀ ਸਾਬੋ ਵਿਨੀਤ ਕੁਮਾਰ, ਐਸ.ਡੀ.ਐਮ. ਰਾਮਪੁਰਾ ਫੂਲ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਲਤੀਫ ਅਹਿਮਦ, ਐਸ.ਪੀ. ਸ਼੍ਰੀ ਜਸਵੀਰ ਸਿੰਘ, ਡੀ.ਡੀ.ਪੀ.ਓ ਅਰੁਣ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply