Thursday, March 5, 2026

ਨਿਰੋਲ ਦੇਸ਼ ਭਗਤੀ ‘ਤੇ ਆਧਾਰਿਤ ਹੋਵੇਗਾ ਅਜ਼ਾਦੀ ਦਿਵਸ ਮੌਕੇ ਸੱਭਿਆਚਾਰਕ ਪ੍ਰੋਗਰਾਮ

ਅੱਜ ਤੋਂ ਸਟੇਡੀਅਮ ਵਿਖੇ ਹੋਵੇਗੀ ਰਿਹਰਸਲ

ਅੰਮ੍ਰਿਤਸਰ, 5 ਅਗਸਤ (ਗੁਰਚਰਨ ਸਿੰਘ) – ਅਜ਼ਾਦੀ ਦਿਵਸ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਨਿਰੋਲ ਦੇਸ਼ ਭਗਤੀ ‘ਤੇ ਆਧਾਰਿਤ ਹੋਵੇਗਾ। ਇਹ ਪ੍ਰਗਟਾਵਾ ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰਾਜੇਸ਼ ਸ਼ਰਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਲਈ ਟੀਮਾਂ ਦੀ ਚੋਣ ਕਰ ਲਈ ਗਈ ਹੈ ਅਤੇ ਇਸ ਵਿਚ ਚਾਰ ਸੱਭਿਆਚਾਰਕ ਵੰਨਗੀਆਂ ਤੋਂ ਇਲਾਵਾ ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗੀ। ਸ੍ਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਸਬੰਧਤ ਸੰਸਥਾਵਾਂ ਵਿਚ ਚੱਲ ਰਹੀ ਹੈ ਅਤੇ ਭਲਕੇ 6 ਅਗਸਤ ਤੋਂ ਸਟੇਡੀਅਮ ਵਿਖੇ ਰਿਹਰਸਲ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਹੋਣ ਵਾਲੀ ਪਰੇਡ ਵਿਚ ਵੀ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੇ ਹਨ ਜਿਨ੍ਹਾਂ ਵਿਚ ਸਕਾਊਟਸ ਦੀਆਂ 3, ਗਰਲਜ਼ ਗਾਈਡਜ਼ ਦੀਆਂ 3, ਸਕੂਲ ਬੈਂਡ ਦੀਆਂ 7 ਟੁਕੜੀਆਂ ਭਾਗ ਲੈਣਗੀਆਂ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਪੀ. ਟੀ ਸ਼ੋਅ ਹੋਵੇਗਾ।
ਸ੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਲਗਨ ਨਾਲ ਨਿਭਾਉਣ ਤਾਂ ਜੋ ਅਜ਼ਾਦੀ ਦਿਵਸ ਦੇ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਉਨ੍ਹਾਂ ਰਸਤੇ ਅਤੇ ਸਟੇਜ ਦੀ ਸਜਾਵਟ ਤੋਂ ਇਲਾਵਾ ਇਨਾਮ ਵੰਡ ਸਮਾਗਮ ਲਈ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰ ਹਰਪਾਲਜੀਤ ਕੌਰ, ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਸਿੰਘ ਮੱਲ੍ਹੀ, ਨਹਿਰੂ ਯੁਵਾ ਕੇਂਦਰ ਦੇ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ, ਮੈਡਮ ਅਦਿੱਤੀ ਜੈਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply