Saturday, April 18, 2026

ਆਜ਼ਾਦੀ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਫੁੱਲ ਡਰੈਸ ਰਿਹਰਸਲ
ਡੀ. ਸੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਮਾਰੋਹ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

PPN1308201514

PPN1308201515

ਅੰਮ੍ਰਿਤਸਰ, 13 ਅਗਸਤ (ਗੁਰਚਰਨ ਸਿੰਘ)- 69ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਅੱਜ ਸਟੇਡੀਅਮ ਵਿਖੇ ਕੀਤੀ ਗਈ ਜਿਸ ਦਾ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜਾਇਜ਼ਾ ਲਿਆ।
ਇਸ ਮੌਕੇ ਪਰੇਡ ਕਮਾਂਡਰ ਏ. ਸੀ. ਪੀ ਡਾ. ਬੀ. ਕੇ ਸਿੰਗਲਾ ਦੀ ਅਗਵਾਈ ਵਿਚ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ. ਸੀ. ਸੀ. ਕੈਡਿਟਾਂ, ਐਨ. ਐਸ. ਐਸ. ਸਕਾਊਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਅਤੇ ਬੈਂਡ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕੀਤਾ ਅਤੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ ਸ਼ੋਅ ਅਤੇ ਦੇਸ਼ ਭਗਤੀ ‘ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 15 ਅਗਸਤ 1947 ਨੂੰ ਸਾਡਾ ਮੁਲਕ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦ ਹੋਇਆ ਸੀ ਅਤੇ ਸਮੂਹ ਦੇਸ਼ ਵਾਸੀਆਂ ਲਈ ਇਹ ਗੌਰਵਮਈ ਦਿਨ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿਚ ਉਹ ਆਪਣੇ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਕਰਨ। ਇਸ ਮਗਰੋਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਇਕ ਰਿਵੀਊ ਮੀਟਿੰਗ ਕਰਦਿਆਂ ਕਿਹਾ ਕਿ ਦੇਸ਼ ਭਗਤੀ ਦਾ ਜਜ਼ਬਾ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਕਾਇਮ ਰੱਖਦੇ ਹੋਏ ਸਾਰੇ ਅਧਿਕਾਰੀ ਤੇ ਕਰਮਚਾਰੀ ਇਸ ਸਮਾਗਮ ਨੂੰ ਕੇਵਲ ਸਰਕਾਰੀ ਸਮਾਗਮ ਤੱਕ ਸੀਮਤ ਨਾ ਰੱਖਣ ਸਗੋਂ ਇਸ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ। ਉਨ੍ਹਾਂ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਪਰੇਡ, ਸਭਿਆਚਾਰਕ ਪ੍ਰੋਗਰਾਮ, ਇਨਾਮਾਂ ਤੇ ਸਨਮਾਨਾਂ ਦੀ ਵੰਡ ਸਮੇਤ ਵੱਖ-ਵੱਖ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਭਾਵੇਂ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ, ਪਰੰਤੂ ਜ਼ਿਆਦਾ ਸਰਦਾਰੀ ਸਰਕਾਰੀ ਸਕੂਲਾਂ ਦੀ ਹੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸੁਤੰਤਰਤਾ ਦਿਵਸ ਸਮਾਰੋਹ ਨੂੰ ਦੇਖਣ ਲਈ ਪੁੱਜਣ ਵਾਲੇ ਲੋਕਾਂ ਦੇ ਸੁਖਾਵੇਂ ਦਾਖਲੇ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਐਸ. ਡੀ. ਐਮ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ-2 ਸ੍ਰੀ ਰਾਜੇਸ਼ ਸ਼ਰਮਾ, ਏ. ਡੀ. ਸੀ. ਪੀ ਸ੍ਰੀ ਕੁਲਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰਬੀਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਹਰਪਾਲਜੀਤ ਕੌਰ, ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ, ਸ. ਸੁਖਦੇਵ ਸਿੰਘ ਲਾਈਨ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply