Saturday, October 19, 2024

ਆਰ.ਐਸ.ਡੀ.ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਡਿਪਟੀ ਸਪੀਕਰ ਦਿਨੇਸ਼ ਬੱਬੂ ਨੇ ਲਹਿਰਾਇਆ ਕੌਮੀ ਝੰਡਾ

PPN1508201521ਪਠਾਨਕੋਟ, 15 ਅਗਸਤ (ਪ.ਪ) – ਭਾਰਤ ਦੇਸ਼ ਦੇ 69ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਤਹਿਸੀਲ ਧਾਰਕਲਾਂ ਦੇ ਆਰ.ਐਸ.ਡੀ.ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੜ੍ਹਾ ਉੱਪਰਲਾ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ।ਸਮਾਰੋਹ ਵਿੱਚ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਵੱਜੋਂ ਪਹੁੰਚੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮਾ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਇਸ ਮੌਕੇ ‘ਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਦੀ ਆਜ਼ਾਦੀ ਦਾ 69ਵਾਂ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਇਸ ਦਾ ਮਾਣ ਦੇਸ਼ ਤੋਂ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਦੀਨਨਗਰ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਯੌਧੇ ਪੁਲਿਸ ਜਵਾਨਾਂ ਨੂੰ ਉਹ ਨਮਨ ਕਰਦੇ ਹਨ। ਦੇਸ਼ ਤੋਂ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੇ ਸਦਕੇ ਹੀ ਅਸੀਂ ਇਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਉਨ੍ਹਾਂ ਕਿਹਾ ਕਿ ਅਕਾਲੀ -ਭਾਜਪਾ ਦੀ ਕਾਰਗੁਜ਼ਾਰੀ ਦੇ ਚੱਲਦੇ ਅੱਜ ਪੰਜਾਬ ਖੁਸ਼ਹਾਲੀ ਤੇ ਤਰੱਕੀ ਦੀ ਰਾਹ ਤੇ ਹੈ। ਉਨ੍ਹਾਂ ਨੇ ਕਿਹਾ ਕਿ ਪਠਾਨਕੋਟ ਨੂੰ ਜ਼ਿਲ੍ਹਾ ਅਤੇ ਕਾਰਪੋਰੇਸ਼ਨ ਬਣਾਉਣਾ ਅਕਾਲੀ-ਭਾਜਪਾ ਸਰਕਾਰ ਦੀ ਬਹੁਤ ਵੱਡੀ ਉਪਲਬੱਧੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਵਿੱਚ ਸੁਵਿਧਾ ਸੈਂਟਰ ਖੋਲ ਕੇ ਲੋਕਾਂ ਨੂੰ ਰਾਹਤ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਬਾਰਵੀਂ ਤੱਕ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਨਵੇਂ ਪ੍ਰੋਜੈਕਟ ਲੈ ਕੇ ਆ ਰਹੀ ਹੈ।
ਉਨ੍ਹਾਂ ਨੇ ਇਸ ਮੌਕੇ ‘ਤੇ ਮਾਈ ਭਾਗੋ ਸਕੀਮ ਤਹਿਤ 25 ਵਿਦਿਆਰਥਣਾਂ ਨੂੰ ਸਾਈਕਲ ਦਿੱਤੇ ਗਏ। ਉਨ੍ਹਾਂ ਨੇ 6 ਆਜ਼ਾਦੀ ਘੁਲਾਟੀਆਂ ਅਤੇ ਜੰਗੀ ਸ਼ਹੀਦਾਂ ਦੇ ਪਰਿਵਾਰਾਂ, 6 ਕਾਰਗਿੱਲ ਵਿਖੇ ਹੋਏ ਸ਼ਹੀਦਾਂ ਦੇ ਪਰਿਵਾਰਾਂ ਅਤੇ 3 ਕਾਰਗਿੱਲ ਵਿਖੇ ਜ਼ਖਮੀ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ, ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਤੇ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵੱਖ ਵੱਖ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ‘ਤੇ ਸਰਵਸ਼੍ਰੀ ਸਤੀਸ਼ ਕੁਮਾਰ ਵਸਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਸਪਾਲ ਐਸ.ਪੀ., ਰਣਜੀਤ ਸਿੰਘ ਡੀ.ਐਸ.ਪੀ. (ਦਿਹਾਤੀ), ਗੁਰਜੀਤ ਸਿੰਘ ਤਹਿਸੀਲਦਾਰ ਧਾਰਕਲਾਂ, ਰਾਮ ਲੁਭਾਇਆ ਬੀ.ਡੀ.ਪੀ.ਓ., ਪੂਰਨ ਚੰਦ ਚੇਅਰਮੈਨ ਬਲਾਕ ਸੰਮਤੀ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਧਾਰਕਲਾਂ ਖੇਤਰ ਦੇ ਲੋਕ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸੁਖਆਸਨ ਅਸਥਾਨ ਦੀ ਸੇਵਾ ਕਰਵਾਈ ਗਈ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ …

Leave a Reply