ਮੁੱਖ ਮੰਤਰੀ ਸਮੇਤ ਭਾਰਤੀ ਫੌਜ ਦੇ ਸੀਨੀਅਰ ਅਧਿਕਾਰੀ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਭੇਂਟ ਕਰਨਗੇ

ਪੱਟੀ, 22 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – 50 ਸਾਲ ਪਹਿਲਾਂ ਹੋਈ 1965 ਦੀ ਹਿੰਦ-ਪਾਕਿ ਜੰਗ ਵਿੱਚ ਸ਼ਹੀਦ ਹੋਏ ਭਾਰਤੀ ਫੌਜ ਦੇ ਗਰਨੇਡੀਅਰ ਹਵਾਲਦਾਰ ਅਬਦੁਲ ਹਾਮੀਦ ਅਤੇ ਹੋਰ ਭਾਰਤੀ ਫੌਜ ਦੇ ਜਵਾਨਾਂ ਦੀ ਯਾਦ ਨੂੰ ਤਾਜਾ ਰੱਖਦਿਆਂ ਪੰਜਾਬ ਸਰਕਾਰ ਵੱਲੋਂ 9 ਸਤੰਬਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਅਮਰਕੋਟ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਰਾਜ ਪੱਧਰੀ ਸਮਾਗਮ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅੱਜ ਪ੍ਰੋ. ਵਿਰਸਾ ਸਿੰਘ ਵਲਟੋਹਾ ਮੁੱਖ ਸੰਸਦੀ ਸਕੱਤਰ ਪੇਂਡੂ ਜਲ ਸਪਲਾਈ, ਸੈਨੀਟੇਸ਼ਨ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਅਤੇ ਐੱਸ.ਐੱਸ.ਪੀ. ਸ੍ਰੀ ਮਨਮੋਹਨ ਕੁਮਾਰ ਸ਼ਰਮਾ ਵੱਲੋਂ ਕਸਬਾ ਅਮਰਕੋਟ ਦੀ ਦਾਣਾ ਮੰਡੀ ਅਤੇ ਅਬਦੁਲ ਹਮੀਦ ਦੀ ਯਾਦਗਾਰ ਵਾਲੇ ਸਥਾਨ ਆਸਲ ਉਤਾੜ ਦਾ ਦੌਰਾ ਕੀਤਾ ਗਿਆ। ਇਸੇ ਦੌਰਾਨ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ 9 ਸਤੰਬਰ 2015 ਨੂੰ ਪਿੰਡ ਆਸਲ ਉਤਾੜ ਵਿਖੇ 1965 ਦੀ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਾਂਬਾਜ ਸ਼ਹੀਦਾਂ ਨੂੰ ਭਾਰਤੀ ਫੌਜ ਦੇ ਸੀਨੀਅਰ ਅਧਿਕਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 1965 ਦੀ ਜੰਗ ਨੂੰ ਭਾਵੇਂ 50 ਸਾਲ ਬੀਤ ਗਏ ਹਨ ਪਰੰਤੁ ਜੰਗ ਦੌਰਾਨ ਲਾਸਾਨੀ ਸ਼ਹਾਦਤਾਂ ਦੇਣ ਵਾਲੇ ਭਾਰਤੀ ਫੌਜ ਦੇ ਜਵਾਨਾਂ ਦੀ ਯਾਦ ਲੋਕਾਂ ਵਿਚ ਅੱਜ ਵੀ ਤਾਜਾ ਹੈ ਅਤੇ ਪੰਜਾਬ ਸਰਕਾਰ ਵੱਲੋਂ 50ਵੇਂ ਸਾਲ ਦੇ ਮੌਕੇ ‘ਤੇ ਭਾਰਤੀ ਫੌਜ ਦੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਇਸ ਸਮਾਗਮ ਦੌਰਾਨ ਸ਼ਹੀਦਾਂ ਦੇ ਵਾਰਸਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਪ੍ਰੋ. ਵਲਟੋਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀ ਰਾਤ ਸਰਹੱਦਾਂ ‘ਤੇ ਪਹਿਰਾ ਦੇ ਕੇ ਦੇਸ਼ ਦੀ ਰਾਖੀ ਕਰਨ ਵਾਲੇ ਫੌਜੀ ਜਵਾਨਾਂ ਦਾ ਸਨਮਾਨ ਕਰਨਾ ਸਾਡਾ ਫਰਜ਼ ਹੈ ਤਾਂਕਿ ਆਉਣ ਵਾਲੀਆਂ ਪੀੜੀਆਂ ਅਤੇ ਨੌਜਵਾਨ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਹਮੇਸ਼ਾ ਦੇਸ਼ ਦੀ ਏਕਤਾ, ਆਖੰਡਤਾ, ਮਾਨ ਸਨਮਾਨ ਨੂੰ ਬਰਕਰਾਰ ਰੱਖਣ ਲਈ ਤਤਪਰ ਰਹਿਣ ਅਤੇ ਦੇਸ਼ ਪ੍ਰਤੀ ਮਰ ਮਿਟਣ ਦਾ ਹੌਂਸਲਾ ਅਤੇ ਜਜਬੇ ਦੀ ਭਾਵਨਾ ਸਦਾ ਲਈ ਬਣੀ ਰਹੇ।
ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸ. ਬਖਤਾਵਰ ਸਿੰਘ ਏ.ਡੀ.ਸੀ. (ਜਨਰਲ), ਸ. ਅਮਨਦੀਪ ਸਿੰਘ ਭੱਟੀ ਐੱਸ.ਡੀ.ਐੱਮ. ਪੱਟੀ, ਸ. ਸਤਿਨਾਮ ਸਿੰਘ ਐਕਸੀਅਨ, ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।
Punjab Post Daily Online Newspaper & Print Media