Tuesday, March 10, 2026

ਜ਼ਿਲ੍ਹੇ ਵਿੱਚ ਗਾਜਰ ਬੂਟੀ ਵਿਰੋਧੀ ਮੁਹਿੰਮ ਦੀ ਮਿਸ਼ਨ ਵਜੋਂ ਸ਼ੁਰੂਆਤ- ਰਵੀ ਭਗਤ

PPN2808201508
ਅੰਮ੍ਰਿਤਸਰ, 28 ਅਗਸਤ (ਗੁਰਚਰਨ ਸਿੰਘ) – ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚੋਂ ਗਾਜਰ ਬੂਟੀ ਦੇ ਮੁਕੰਮਲ ਖ਼ਾਤਮੇ ਦੀ ਅੱਜ ਜੰਗੀ ਪੱਧਰ ‘ਤੇ ਸ਼ੁਰੂਆਤ ਕਰਦਿਆਂ ਪਹਿਲੇ ਪੜਾਅ ਵਿਚ ਕਰੀਬ 35 ਸਰਕਾਰੀ ਦਫ਼ਤਰਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਾਤਾਵਰਨ ਸਾਫ-ਸੁਥਰਾ ਰੱਖਣ ਦੇ ਮਕਸਦ ਨਾਲ ਗਾਜਰ ਬੂਟੀ ਪੁੱਟਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਇਸ ਸਬੰਧੀ ਤਿਆਰ ਕੀਤੇ ਖਾਕੇ ਮੁਤਾਬਿਕ ਦੋ ਮਹੀਨਿਆਂ ਦੇ ਅੰਦਰ-ਅੰਦਰ ਇਸ ਕਾਂਗਰਸੀ ਘਾਹ ਨੂੰ ਜ਼ਿਲ੍ਹੇ ਵਿਚੋਂ ਜੜ੍ਹੋਂ ਸਾਫ ਕਰਨ ਦਾ ਤਹੱਈਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਸਰਕਾਰੀ ਵਿਭਾਗਾਂ ਜਿਵੇਂ ਕਿ ਰੇਲਵੇ, ਲੋਕ ਨਿਰਮਾਣ, ਸਥਾਨਕ ਸਰਕਾਰਾਂ, ਪੰਚਾਇਤਾਂ ਆਦਿ ਦੇ ਦਫ਼ਤਰਾਂ ਵਿਚ ਸਰਕਾਰੀ ਮੁਲਾਜ਼ਮਾਂ ਵੱਲੋਂ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਕਾਂਗਰਸੀ ਘਾਹ ਵਿਰੋਧੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਇਕ ਮਿਸ਼ਨ ਵਜੋਂ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਤੌਰ ‘ਤੇ ਇਸ ਉਤੇ ਨਜ਼ਰਸਾਨੀ ਵੀ ਕੀਤੀ ਜਾਵੇਗੀ।
ਸ੍ਰੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਇਕ ਸੰਗਤ ਦਰਸ਼ਨ ਦੌਰਾਨ ਗਾਜਰ ਬੂਟੀ ਦੇ ਮੁਕੰਮਲ ਖ਼ਾਤਮੇ ਲਈ ਮੁਹਿੰਮ ਵਿੱਢਣ ਨੂੰ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਇਹ ਮੁਹਿੰਮ ਪੂਰੀ ਰਫ਼ਤਾਰ ਫੜਦੀ ਹੋਈ ਕਾਂਗਰਸੀ ਘਾਹ ਦੇ ਖ਼ਾਤਮੇ ਨੂੰ ਅਮਲੀ ਜਾਮਾ ਪਹਿਨਾਵੇਗੀ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਢੰਗ-ਤਰੀਕਿਆਂ ਜਿਵੇਂ ਕਿ ਸਪਰੇਅ ਆਦਿ ਰਾਹੀਂ ਗਾਜਰ ਬੂਟੀ ਨੂੰ ਖ਼ਤਮ ਕੀਤਾ ਗਿਆ। ਉਨ੍ਹਾਂ ਸਮਾਜ ਸੇਵੀ ਜਥੇਬੰਦੀਆਂ, ਗੈਰ ਸਰਕਾਰੀ ਸੰਸਥਾਵਾਂ, ਵਿਦਿਅਕ ਅਤੇ ਧਾਰਮਿਕ ਸੰਸਥਾਵਾਂ ਤੋਂ ਇਲਾਵਾ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਵਾਤਾਵਰਨ ਨੂੰ ਗੰਧਲਾ ਕਰਨ ਵਾਲੀ ਗਾਜਰ ਬੂਟੀ ਵਿਰੋਧੀ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।
ਇਸੇ ਦੌਰਾਨ ਮੁੱਖ ਖੇਤੀਬਾੜੀ ਅਫਸਰ ਸ. ਬਲਵਿੰਦਰ ਸਿੰਘ ਛੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਵਿਚ ਅੱਜ ਇਸ ਮੁਹਿੰਮ ਦਾ ਆਗਾਜ਼ ਹੋ ਚੁੱਕਾ ਹੈ ਅਤੇ ਅਗਲੇ ਪੜਾਅ ਨੂੰ ਅੰਜ਼ਾਮ ਦੇਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਤੰਬਰ ਦੇ ਪਹਿਲੇ ਹਫ਼ਤੇ ਸਮੀਖਿਆ ਮੀਟਿੰਗ ਕੀਤੀ ਜਾਵੇਗੀ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply