
ਅੰਮ੍ਰਿਤਸਰ, 31 ਅਗਸਤ (ਗੁਰਚਰਨ ਸਿੰਘ)- ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਅੱਜ ਫਰੈਂਡਜ਼ ਕਲੱਬ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਪ੍ਰਧਾਨ ਸ੍ਰੀ ਰਵੀ ਭਗਤ ਨੇ 9 ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡਦਿਆਂ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਲਈ ਸਿਲਾਈ ਮਸ਼ੀਨਾਂ ਰੁਜ਼ਗਾਰ ਦਾ ਵਧੀਆ ਸਾਧਨ ਬਣ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਜਿਹੜੀਆਂ ਔਰਤਾਂ ਆਪਣੇ ਪੈਰਾਂ ‘ਤੇ ਖੜ੍ਹਾ ਹੋਣਾ ਚਾਹੁੰਦੀਆਂ ਹਨ, ਉਹ ਰੈਡ ਕਰਾਸ ਕੋਲ ਸਿਲਾਈ ਮਸ਼ੀਨਾਂ ਲਈ ਅਪਲਾਈ ਕਰ ਸਕਦੀਆਂ ਹਨ, ਬਸ਼ਰਤੇ ਕਿ ਉਨ੍ਹਾਂ ਨੂੰ ਸਿਲਾਈ ਆਉਂਦੀ ਹੋਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਸਬੰਧੀ ਰੈਡ ਕਰਾਸ ਕੋਲ ਆਈਆਂ ਸਾਰੀਆਂ ਅਰਜ਼ੀਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।
ਸ੍ਰੀ ਰਵੀ ਭਗਤ ਨੇ ਕਿਹਾ ਕਿ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਪਛੜੇ ਲੋਕਾਂ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਸੇ ਤਹਿਤ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਬਿਨਾਂ ਵਿਆਜ਼ 10 ਹਜ਼ਾਰ ਰੁਪਏ ਦੀ ਰਾਸ਼ੀ ਆਪਣਾ ਕੋਈ ਵੀ ਰੁਜ਼ਗਾਰ ਸ਼ੁਰੂ ਕਰਨ ਲਈ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕੂਲ ਜਾਣ ਲਈ ਸਾਈਕਲ ਮੁਹੱਈਆ ਕਰਵਾਏ ਜਾਂਦੇ ਹਨ। ਇਸ ਮੌਕੇ ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ, ਸਕੱਤਰ ਰੈਡ ਕਰਾਸ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਡਾ. ਰਣਧੀਰ ਸਿੰਘ, ਐਂਟੀ ਕ੍ਰਾਈਮ ਬਿਊਰੋ ਦੇ ਪ੍ਰਧਾਨ ਗਿੰਨੀ ਸ਼ਰਮਾ, ਚਰਨਜੀਤ, ਸੁਨੀਲ ਵਿਜ, ਹਰਵਿੰਦਰ ਸਿੰਘ, ਗੁੱਡੂ ਭਾਟੀਆ, ਰਕੇਸ਼ ਬਾਬਾ, ਅਸ਼ਵਨੀ ਗਰਗ, ਬਿੰਨੀ ਕਨੌਜੀਆ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Punjab Post Daily Online Newspaper & Print Media