
ਅੰਮ੍ਰਿਤਸਰ, 3 ਸਤੰਬਰ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਅੱਜ ਇਥੇ ਯੂਨੀਵਰਸਿਟੀ ਦੇ ਨਾਨ-ਟੀਚਿੰਗ ਸਟਾਫ ਲਈ ਪ੍ਰੋਫੈਸ਼ਨਲ ਡਿਵੈਲਪਮੈਂਟ ‘ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ ਯੂਨੀਵਰਸਿਟੀ ਦੇ ਅਕਾਦਮਿਕ ਮਾਮਲੇ ਦੇ ਡੀਨ, ਪ੍ਰੋ. ਪਰਮਜੀਤ ਸਿੰਘ ਨੇ ਕੀਤਾ। ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ 31 ਕਰਮਚਾਰੀ ਭਾਗ ਲੈ ਰਹੇ ਹਨ।
ਕੋਰਸ ਕੋਆਰਡੀਨੇਟਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਰਜਿਸਟਰਾਰ ਨੇ ਸ਼ਾਰਟ ਟਰਮ ਕੋਰਸ ਦੇ ਉਦੇਸ਼ਾਂ ‘ਤੇ ਚਾਨਣਾ ਪਾਇਆ।ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਤੇ ਸੈਂਟਰ ਬਾਰੇ ਜਾਣਕਾਰੀ ਦਿੱਤੀ।
ਪ੍ਰੋ. ਪਰਮਜੀਤ ਸਿੰਘ ਨੇ ਉਚੇਰੀ ਸਿਖਿਆ ਸੰਸਥਾਵਾਂ ਦੇ ਵਿਕਾਸ ਵਿਚ ਨਾਨ-ਟੀਚਿੰਗ ਕਰਮਚਾਰੀਆਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਨਾਲ-ਨਾਲ ਨਾਨ-ਟੀਚਿੰਗ ਪ੍ਰਸ਼ਾਸਨ ਨੂੰ ਵਿਕਾਸ ਦੇ ਸਾਂਝੇਦਾਰ ਦੱਸਦਿਆਂ ਯੂਨੀਵਰਸਿਟੀ ਦੇ ਵਿਕਾਸ ਵਿਚ ਹੋਰ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਅਮਲੇ ਦੇ ਯੋਗਦਾਨ ਤੋਂ ਬਿਨਾਂ ਕਿਸੇ ਉਚੇਰੀ ਸਿਖਿਆ ਅਦਾਰੇ ਨੂੰ ਠੀਕ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ।
ਉਨ੍ਹਾਂ ਕਿਹਾ ਕਿ ਕਿਸੇ ਕਿੱਤੇ ਲਈ ਗਿਆਨ ਤੇ ਗੁਣਵਤਾ ਮੁੱਢਲੇ ਰੂਪ ਵਿਚ ਰੱਖੇ ਜਾਂਦੇ ਹਨ ਪਰ ਪ੍ਰਤੀਬੱਧਤਾ, ਮਨੋਭਾਵ, ਸਮਰਪਣ ਤੇ ਸਮੁੱਚਤਾ ਤੋਂ ਬਿਨਾਂ ਕਾਰਜ ਨੂੰ ਠੀਕ ਢੰਗ ਨਾਲ ਨੇਪਰੇ ਚਾੜ੍ਹਨਾ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਦੌਰ ਅਨੁਸਾਰ ਸਾਨੂੰ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ ਅਤੇ ਸਾਰੇ ਕਾਰਜਾਂ ਨੂੰ ਕਰਨ ਲਈ ਪ੍ਰਤੀਬੱਧ ਹੋਣਾ ਚਾਹੀਦਾ ਹੈ। ।
ਪ੍ਰੋ. ਢਿੱਲੋਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਯੂਨੀਵਰਸਿਟੀ ਦੇ ਵਿਕਾਸ ਵਿਚ ਯੋਗਦਾਨ ਪਾਉਣ ਲਈ ਵਿਦਿਆਰਥੀਆਂ, ਅਧਿਆਪਕਆਂ ਅਤੇ ਪ੍ਰਸ਼ਾਸਕੀ ਅਮਲੇ ਵੱਲੋਂ ਹੋਰ ਤਾਲਮੇਲ ਅਤੇ ਏਕਤਾ ਨਾਲ ਕਾਰਜ ਕੀਤੇ ਜਾਣੇ ਚਾਹੀਦੇ ਹਨ। ਪ੍ਰੋ. ਨਾਗਪਾਲ ਨੇ ਵੀ ਇਸ ਮੌਕੇ ਆਪਣੇ ਵਿਚਾਰ ਪੇਸ਼ ਕੀਤੇ।
Punjab Post Daily Online Newspaper & Print Media