ਛੀਨਾ ਨੇ ਨਵੀਂ ਕੰਟੀਨ ਦੇ ਉਦਘਾਟਨ ਕੀਤਾ ਤੇ ਵਿਦਿਆਰਥੀਆਂ ਨੂੰ ਪੌਦੇ ਵੰਡੇ
ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖਾਲਸਾ ਕਾਲਜ ਸੀਨੀਅਰ ਸੈ: ਸਕੂਲ (ਲੜਕੇ) ਵਿਖੇ ਅੱਜ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਦੇ ਸੈਮੀਨਾਰ ਹਾਲ ਵਿੱਚ ਰੱਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ। ਸਕੂਲ ਪ੍ਰਿੰਸੀਪਲ ਸ: ਨਿਰਮਲ ਸਿੰਘ ਭੰਗੂ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸਕੂਲ ਅਧਿਆਪਕ ਸ: ਮੰਗਤ ਸਿੰਘ ਵੱਲੋਂ ਪਾਠ ਦੇ ਭੋਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਧੁਰ ਕੀ ਬਾਣੀ ਦਾ ਇਲਾਹੀ ਕੀਰਤਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਇਸ ਤੋਂ ਪਹਿਲਾਂ ਸ: ਛੀਨਾ ਨੇ ਸਕੂਲ ਵਿੱਚ ਨਵੀਂ ਬਣੀ ਆਧੁਨਿਕ ਕੰਟੀਨ ਦਾ ਉਦਘਾਟਨ ਕਰਨ ਉਪਰੰਤ ਵਾਤਾਵਰਣ ਨੂੰ ਸ਼ੁੱਧ ਬਣਾਉਣ ਅਤੇ ਰੁੱਖ ਲਗਾਉਣ ਦਾ ਪ੍ਰਣ ਕਰਨ ਵਾਲੇ ਵਿਦਿਆਰਥੀਆਂ ਨੂੰ ਪੌਦੇ ਵੀ ਵੰਡੇ। ਸ: ਛੀਨਾ ਨੇ ਸਮਾਗਮ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਸਾਫ਼-ਸੁੱਥਰਾ ਬਣਾਉਣ ਲਈ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ, ਉੱਥੇ ਉਨ੍ਹਾਂ ਨੂੰ ਚੰਗਾ ਗਿਆਨ ਹਾਸਲ ਕਰਕੇ ਚੰਗੀ ਜੀਵਨ ਜਾਂਚ ਅਤੇ ਚੰਗੇ ਇਨਸਾਨ ਬਣਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਤੁਹਾਡੀ ਕਾਮਯਾਬੀ ਲਈ ਤੁਹਾਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਸੱਦਾ ਤੱਤਪਰ ਰਹਿੰਦੀ ਹੈ। ਸਮਾਗਮ ਵਿੱਚ ਸ: ਛੀਨਾ ਵੱਲੋਂ ਜਿੱਥੇ ਵਿਦਿਆਰਥੀਆਂ ਦੀ ਦਸਤਾਰ ਬੰਦੀ ਕੀਤੀ ਗਈ, ਉੱਥੇ ਪਤਿਤ ਹੋਏ ਵਿਦਿਆਰਥੀਆਂ ਨੇ ਕੇਸ ਰੱਖਣ ਦਾ ਪ੍ਰਣ ਵੀ ਕੀਤਾ।
ਇਸ ਤੋਂ ਪਹਿਲਾਂ ਜਿੱਥੇ ਸ: ਛੀਨਾ ਦਾ ਸਕੂਲ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਉਨ੍ਹਾਂ ਨੂੰ ਪੰਜਾਬ ਨੈਸ਼ਨਲ ਬੈਂਕ ਦੇ ਡਾਇਰੈਕਟਰ ਵਜੋਂ ਨਿਯੁਕਤ ਹੋਣ ‘ਤੇ ਪ੍ਰਿੰਸੀਪਲ ਸ: ਭੰਗੂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਮੈਂਬਰ ਸ: ਗੁਰਮਿੰਦਰ ਸਿੰਘ, ਸ: ਮੁਖਤਾਰ ਸਿੰਘ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਪ੍ਰਿੰਸੀਪਲ ਸ੍ਰੀਮਤੀ ਤਜਿੰਦਰ ਕੌਰ ਬਿੰਦਰਾ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸ: ਅਮਰਜੀਤ ਸਿੰਘ, ਰਣਕੀਰਤ ਸਿੰਘ, ਸ਼ਰਨਜੀਤ ਸਿੰਘ, ਰਾਜਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਸ: ਭੰਗੂ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਪਾ ਕੇ ਸਨਮਾਨਿਤ ਕੀਤਾ।