ਅੰਮ੍ਰਿਤਸਰ, 8 ਸਤੰਬਰ (ਗੁਰਚਰਨ ਸਿੰਘ)- ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚੋਂ ਗਾਜਰ ਬੂਟੀ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਮੀਟਿੰਗ ਦੌਰਾਨ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਇਸ ਸਬੰਧੀ ਕੀਤੇ ਗਏ ਕੰਮਾਂ ਸਬੰਧੀ ਸਰਟੀਫਿਕੇਟ ਲਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਬਹੁਤ ਸਾਰੇ ਵਿਭਾਗਾਂ ਵੱਲੋਂ ਇਸ ਮੁਹਿੰਮ ਤਹਿਤ ਬਹੁਤ ਵਧੀਆ ਕੰਮ ਕੀਤਾ ਗਿਆ ਹੈ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਐਨ. ਜੀ. ਓਜ਼ ਨਾਲ ਮਿਲ ਕੇ ਇਸ ਸਬੰਧੀ ਵਾਰਡ ਵਾਈਜ਼ ਕੰਮ ਕਰਨ। ਇਸ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੇ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਵਿਚੋਂ ਗਾਜਰ ਬੂਟੀ ਦੇ ਸਫ਼ਾਏ ਦਾ ਕਰੀਬ 60 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਸੜਕਾਂ ‘ਤੇ ਇਹ ਕੰਮ ਚੱਲ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਹ ਕਿਤੇ ਵੀ ਗਾਜਰ ਬੂਟੀ ਦੇਖਣ ਤਾਂ ਇਸ ਸਬੰਧੀ ਉਨ੍ਹਾਂ ਜਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਵੀ ਹਦਾਇਤ ਕੀਤੀ ਕਿ ਗਾਜਰ ਬੂਟੀ ਨੂੰ ਸਹੀ ਢੰਗ ਨਾਨ ਖ਼ਤਮ ਕੀਤਾ ਜਾਵੇ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਲਿਟਰੇਚਰ ਤਿਆਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਇਕ ਮਿਸ਼ਨ ਵਜੋਂ ਲਿਆ ਜਾਵੇ ਤਾਂ ਜੋ ਮਨੁੱਖੀ ਸਿਹਤ ਅਤੇ ਵਾਤਾਵਰਨ ਲਈ ਘਾਤਕ ਇਸ ਘਾਹ ਦਾ ਜ਼ਿਲ੍ਹੇ ਵਿਚੋਂ ਮੁਕੰਮਲ ਖ਼ਾਤਮਾ ਕੀਤਾ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਬੀ. ਐਸ ਛੀਨਾ ਨੇ ਇਸ ਮੌਕੇ ਕਿਹਾ ਕਿ ਇਸ ਵੇਲੇ ਗਾਜਰ ਬੂਟੀ ‘ਤੇ ਸਪਰੇਅ ਨਾ ਕੀਤਾ ਜਾਵੇ ਅਤੇ ਇਸ ਨੂੰ ਜੜ੍ਹੋਂ ਪੁੱਟਣ ਦਾ ਹੀ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਇਕ ਲਗਾਤਾਰ ਕੀਤਾ ਜਾਣ ਵਾਲਾ ਕੰਮ ਹੈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਐਨ. ਜੀ. ਓਜ਼ ਦੇ ਨੁਮਾਇੰਦਿਆਂ ਨੇ ਗਾਜਰ ਬੂਟੀ ਦੇ ਖ਼ਾਤਮੇ ਸਬੰਧੀ ਆਪਣੇ ਸੁਝਾਅ ਵੀ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਡੀ ਡੀ ਪੀ ਓ ਸ੍ਰੀ ਐਸ ਪੀ ਆਂਗਰਾ, ਡਾ. ਮਲਹੋਤਰਾ, ਸ. ਬਲਵੰਤ ਸਿੰਘ, ਸ. ਗੁਰਦੀਪ ਸਿੰਘ ਤੋਂ ਇਲਾਵਾ ਬੀ. ਡੀ. ਪੀ. ਓਜ਼, ਐਨ. ਜੀ. ਓਜ਼ ਦੇ ਨੁਮਾਇੰਦੇ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media