ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌ ਸਜਾਏ ਗਏ

ਅੰਮ੍ਰਿਤਸਰ, 14 ਸਤੰਬਰ (ਗੁਰਪ੍ਰੀਤ ਸਿੰਘ) – ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਧੀਰ ਸਿੰਘ ਅਤੇ ਭਾਈ ਦਵਿੰਦਰ ਸਿੰਘ ਬਟਾਲੇ ਵਾਲਿਆਂ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਚੱਲ ਕੇ ਚੌਂਕ ਕਰੋੜੀ ਤੇ ਚੌਂਕ ਬਾਬਾ ਸਾਹਿਬ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਵਿੱਚ ਸ਼ਾਮਲ ਸ਼ਬਦ ਕੀਰਤਨੀ ਜਥਿਆਂ ਵੱਲੋਂ ਧੁਰ ਕੀ ਬਾਣੀ ਦੇ ਕੀਰਤਨ ਕੀਤੇ ਗਏ।ਗਤਕਾ ਪਾਰਟੀਆਂ ਵੱਲੋਂ ਥਾਂ-ਥਾਂ ਗਤਕੇ ਦੇ ਜੌਹਰ ਦਿਖਾਏ ਗਏ ਤੇ ਸਕੂਲੀ ਬੈਂਡ ਅਤੇ ਬੈਂਡ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਜਗ੍ਹਾ-ਜਗ੍ਹਾ ਲੰਗਰ ਲਗਾ ਕੇ ਸੇਵਾ ਕੀਤੀ ਗਈ।
ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਸਵੇਰੇ 8:30 ਤੋਂ 12:00 ਵਜੇ ਤੀਕ ਸੁੰਦਰ ਜਲੌ ਸਜਾਏ ਗਏ।ਰਾਤ ਨੂੰ ਦੀਪਮਾਲਾ ਕੀਤੀ ਗਈ ਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਗਈ।
ਨਗਰ ਕੀਰਤਨ ਵਿੱਚ ਸz: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਬਾਵਾ ਸਿੰਘ ਗੁਮਾਨਪੁਰਾ ਮੈਂਬਰ ਸ਼ੋ੍ਰਮਣੀ ਕਮੇਟੀ, ਗੁਰਪ੍ਰਤਾਪ ਸਿੰਘ ਟਿੱਕਾ, ਅਮਰਬੀਰ ਸਿੰਘ ਢੋਟ ਕੌਂਸਲਰ, ਹਰਜਿੰਦਰ ਸਿੰਘ ਠੇਕੇਦਾਰ ਸਾਬਕਾ ਵਿਧਾਇਕ, ਗੁਰਮੀਤ ਸਿੰਘ ਠੇਕੇਦਾਰ ਅਕਾਲੀ ਆਗੂ, ਡਾ: ਰੂਪ ਸਿੰਘ ਤੇ ਮਨਜੀਤ ਸਿੰਘ ਸਕੱਤਰ, ਪ੍ਰਤਾਪ ਸਿੰਘ ਮੈਨੇਜਰ, ਸੁਲੱਖਣ ਸਿੰਘ ਤੇ ਗੁਰਿੰਦਰ ਸਿੰਘ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ, ਹਰਭਜਨ ਸਿੰਘ ਮਨਾਵਾਂ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਰਣਜੀਤ ਸਿੰਘ ਤੇ ਜਸਪਾਲ ਸਿੰਘ ਵਧੀਕ ਸਕੱਤਰ, ਪ੍ਰਿ: ਬਲਵਿੰਦਰ ਸਿੰਘ ਸ੍ਰੀ ਗੁਰੂ ਰਾਮ ਦਾਸ ਸਕੂਲ, ਸਤਿੰਦਰ ਸਿੰਘ ਨਿੱਜੀ ਸਹਾਇਕ, ਜਗਜੀਤ ਸਿੰਘ, ਸਕੱਤਰ ਸਿੰਘ, ਤੇ ਭੂਪਿੰਦਰਪਾਲ ਸਿੰਘ ਮੀਤ ਸਕੱਤਰ, ਗੁਰਬਚਨ ਸਿੰਘ ਪੀ ਆਰ ਓ, ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਅਤੇ ਵੱਡੀ ਗਿਣਤੀ ‘ਚ ਸੰਗਤਾਂ ਸ਼ਾਮਿਲ ਸਨ।
ਇਸ ਸ਼ੁੱਭ ਅਵਸਰ ‘ਤੇ ਜਥੇ: ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦੇਂਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਘਰ-ਘਰ ਪਹੁੰਚਾਉਣ ਲਈ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਤੇ ਸੰਗਤਾਂ ਆਪਣੇ ਪ੍ਰੀਵਾਰਾਂ ਸਮੇਤ ਖੰਡੇ ਬਾਟੇ ਦੀ ਪਾਹੁਲ ਛਕ ਬਾਣੀ ਤੇ ਬਾਣੇ ਨਾਲ ਜੁੜਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ।ਉਨ੍ਹਾਂ ਕਿਹਾ ਕਿ ਅੱਜ ਜੋ ਪਾਵਨ ਪੁਰਬ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਪਾਵਨ ਅਸਥਾਨ ਤੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਾਈ ਗੁਰਦਾਸ ਜੀ ਤੋਂ ਲਿਖਵਾ ਕੇ ਇਸ ਦਾ ਪਹਿਲਾ ਪ੍ਰਕਾਸ਼ 1604 ਈ: ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਅਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਗੁਰੂ-ਘਰ ਦੇ ਮਹਾਨ ਸੇਵਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਪੰਚਮ ਪਾਤਸ਼ਾਹ ਸੰਗਤਾਂ ਨਾਲ ਆਪ ਚੌਰ ਸਾਹਿਬ ਦੀ ਸੇਵਾ ਨਿਭਾਉਂਦੇ ਹੋਏ ਨਗਰ ਕੀਰਤਨ ਦੇ ਰੂਪ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ।ਇਸ ਪਾਵਨ ਦਿਹਾੜੇ ਦੀ ਯਾਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media