Sunday, April 5, 2026

ਅਨਿਲ ਜੋਸ਼ੀ ਵੱਲੋਂ ਵਿਕਾਸ ਪ੍ਰਾਜੈਕਟਾਂ ਤੇ ਹੋਰ ਮੁੱਦਿਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਰਣਜੀਤ ਐਵੀਨਿਊ ਵਿੱਚ ਲੱਗੇਗੀ ਆਰਜ਼ੀ ਪਟਾਕਾ ਮਾਰਕੀਟ

Anil Joshi Pic 1

ਅੰਮ੍ਰਿਤਸਰ, 18 ਸਤੰਬਰ (ਗੁਰਚਰਨ ਸਿੰਘ)- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਕਮਿਸ਼ਨਰ ਪੁਲਿਸ ਸ. ਜਤਿੰਦਰ ਸਿੰਘ ਔਲਖ, ਕਮਿਸ਼ਨਰ ਨਗਰ ਨਿਗਮ ਸ੍ਰੀ ਪ੍ਰਦੀਪ ਸੱਭਰਵਾਲ, ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀ ਸੰਦੀਪ ਰਿਸ਼ੀ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਅਤੇ ਹੋਰਨਾਂ ਚਲੰਤ ਮੁੱਦਿਆਂ ਸਬੰਧੀ ਵਿਚਾਰ ਚਰਚਾ ਕੀਤੀ।
ਸ੍ਰੀ ਜੋਸ਼ੀ ਨੇ ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਸ਼ਹਿਰ ਵਿਚ ਫੌਗਿੰਗ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਇਨ੍ਹਾਂ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰਨ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚ ਦਾਖ਼ਲ ਡੇਂਗੂ ਦੇ ਮਰੀਜ਼ਾਂ ਦਾ ਢੁਕਵਾਂ ਇਲਾਜ ਕੀਤਾ ਜਾਵੇ ਅਤੇ ਉਨ੍ਹਾਂ ਦੀ ਪੂਰੀ ਤਰ੍ਹਾਂ ਦੇਖਭਾਲ ਕੀਤੀ ਜਾਵੇ।
ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਕਮਿਸ਼ਮਨਰ ਨਗਰ ਨਿਗਮ ਨੂੰ ਕਿਹਾ ਕਿ ਸ਼ਹਿਰ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ, ਖਾਸ ਕਰਕੇ ਕਰਕੇ ਬੀ. ਆਰ. ਟੀ. ਸੀ ਪ੍ਰਾਜੈਕਟ, ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਉਹ ਹਰੇਕ ਹਫ਼ਤੇ ਸਾਰੇ ਪ੍ਰਾਜੈਕਟਾਂ ਦਾ ਰਾਊਂਡ ਜ਼ਰੂਰ ਲਗਾਉਣ। ਸ੍ਰੀ ਜੋਸ਼ੀ ਨੇ ਪੁਲਿਸ ਕਮਿਸ਼ਨਰ ਨੂੰ ਕਿਹਾ ਕਿ ਸ਼ਹਿਰ ਵਿਚ ਰੇਹੜੀ ਮਾਰਕੀਟ ਲਈ ਜਗ੍ਹਾ ਦੀ ਤਲਾਸ਼ ਕੀਤੀ ਜਾਵੇ ਤਾਂ ਜੋ ਸੜਕਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਸ ਮੌਕੇ ਉਨ੍ਹਾਂ ਪਟਾਕਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਰਣਜੀਤ ਐਵੀਨਿਊ ਵਿਖੇ 97 ਏਕੜ ਵਪਾਰਕ ਜਗ੍ਹਾ ‘ਤੇ ਆਰਜ਼ੀ ਪਟਾਕਾ ਮਾਰਕੀਟ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਮਿਸ਼ਨਰ ਪੁਲਿਸ ਨੂੰ ਕਿਹਾ ਕਿ ਉਹ ਇਸ ਸਬੰਧੀ ਸਮੇਂ ਸਿਰ ਲਾਇਸੰਸ ਮੁਹੱਈਆ ਕਰਵਾਉਣ ਤਾਂ ਜੋ ਪਟਾਕਾ ਕਾਰੋਬਾਰੀਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰੇਟ ਪਿਛਲੀ ਵਾਰ ਜਿੰਨਾ ਹੀ ਰਹੇਗਾ। ਪਟਾਕਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸ੍ਰੀ ਜੋਸ਼ੀ ਦਾ ਧੰਨਵਾਦ ਕੀਤਾ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply