
ਸੰਦੌੜ/ਬਠਿੰਡਾ, 24 ਸਤੰਬਰ( ਹਰਮਿੰਦਰ ਭੱਟ/ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਦੱਸਿਆ ਕਿ 1 ਅਕਤੂਬਰ ਤੋਂ ਜ਼ਿਲ੍ਹਾ ਬਠਿੰਡਾ ਵਿੱਚ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਲਈ ਸਾਰੇ 178 ਖਰੀਦ ਕੇਂਦਰਾਂ ‘ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਖ੍ਰੀਦ ਕੇਂਦਰਾਂ ‘ਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਿਜਲੀ ਆਦਿ ਦਾ ਪੁਖਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਇਸ ਸਾਲ 802 ਲੱਖ ਮੀਟਰਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਹੈ। ਕਿਸਾਨ ਭਰਾਵਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕਰਦਿਆਂ ਡਾ. ਬਸੰਤ ਗਰਗ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਫ਼ਸਲ ਵੇਚਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਫ਼ਸਲ ਵਿੱਚ ਨਮੀ ਦਾ ਮਾਤਰਾ ਜ਼ਿਆਦਾ ਹੋਵੇਗੀ ਤਾਂ ਉਸ ਨੂੰ ਮੰਡੀ ਵਿਖੇ ਹੀ ਸੁਕਾਉਣਾ ਪਵੇਗਾ, ਜਿਸ ਨਾਲ ਕਿਸਾਨਾਂ ਨੂੰ ਖੱਜਲ ਖੁਆਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਖ੍ਰੀਦ ਕੇਂਦਰਾਂ ‘ਤੇ ਤਾਇਨਾਤ ਸਟਾਫ਼ ਨੂੰ ਵੀ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਜ਼ਿਆਦਾ ਨਮੀ ਵਾਲਾ ਝੋਨਾ ਮੰਡੀਆਂ ਵਿਚ ਨਾ ਆਉਣ ਦੇਣ। ਉਨ੍ਹਾਂ ਕਿਹਾ ਕਿ ਸਮੂਹ ਖ੍ਰੀਦ ਏਜੰਸੀਆਂ ਨੂੰ ਖ੍ਰੀਦ ਲਈ 42 ਹਜ਼ਾਰ ਦੇ ਲੱਗਭੱਗ ਗੱਠਾਂ (ਬਰਾਦਾਨਾ) ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖ੍ਰੀਦ ਨੂੰ ਸਮੇਂ-ਸਿਰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਬਠਿੰਡਾ ਨੂੰ ਨੋਡਲ ਏਜੰਸੀ ਵਲੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਿਲਿੰਗ ਪਾਲਿਸੀ ਅਨੁਸਾਰ ਉਨ੍ਹਾਂ 227 ਸ਼ੈਲਰਾਂ ਨੂੰ ਖਰੀਫ ਸਾਲ 2015-16 ਲਈ ਵੱਖ-ਵੱਖ ਏਜੰਸੀਆਂ ਨੂੰ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਇਹ ਅਲਾਟਮੈਂਟ ਉਨ੍ਹਾਂ ਸ਼ੈਲਰਾਂ ਨੂੰ ਕੀਤੀ ਗਈ ਹੈ, ਜਿਨ੍ਹਾਂ ਵਲੋਂ ਆਪਣੀ ਮਿਲਿੰਗ ਸਮੇਂ-ਸਿਰ ਪੂਰੀ ਕੀਤੀ ਗਈ ਅਤੇ ਜਿਨ੍ਹਾਂ ਵੱਲ ਸਰਕਾਰ ਦਾ ਕੋਈ ਵੀ ਬਕਾਇਆ ਨਹੀਂ ਹੈ। ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤਾਂ ਦਿੰਦਿਆਂ ਡਾ. ਗਰਗ ਨੇ ਕਿਹਾ ਕਿ ਹਰ ਮੰਡੀ ਵਿੱਚ ਕਿਸਾਨਾਂ ਦੇ ਠਹਿਰਨ ਅਤੇ ਫ਼ਸਲ ਲਿਆਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਦਾ ਪ੍ਰਬੰਧ, ਬਿਜਲੀ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਅਫ਼ਸਰਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਦੀ ਫ਼ਸਲ ਮੰਡੀ ਵਿੱਚ ਨਾ ਰੁਲੇ ਅਤੇ ਸਮੇਂ ਸਿਰ ਚੁਕਾਈ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਮੀਤ ਜਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਢਿੱਲੋਂ, ਐਸ.ਡੀ.ਐਮ. ਰਾਮਪੁਰਾ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਵਿਨੀਤ ਕੁਮਾਰ, ਐਸ.ਪੀ.ਹੈਡਕੁਆਰਟ ਡਾ. ਨਾਨਕ ਸਿੰਘ, ਖ੍ਰੀਦ ਏਜੰਸੀਆਂ ਦੇ ਨੁਮਾਇੰਦੇ, ਸ਼ੈਲਰ ਮਾਲਕ, ਟਰਾਂਸਪੋਰਟਰ, ਆੜ੍ਹਤੀਏ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media