ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੇ 3 ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਤੋਂ ਕਿਨਾਰਾ ਕਰੀ ਬੈਠੇ ਸਾਬਕਾ ਵਿਧਾਇਕ ਮਨਿੰਦਰ ਸਿੰਘ ਕੰਗ ਦੇ ਗ੍ਰਹਿ ਵਿਖੇ ਜਾ ਕੇ ਅੱਜ ਉਨ੍ਹਾਂ ਨੂੰ ਆਪਣੇ ਨਾਲ ਤੋਰ ਲਿਆ ਹੈ। ਇਸ ਮੌਕੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਮੌਜੂਦਗੀ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮਨਜਿੰਦਰ ਸਿੰਘ ਕੰਗ ਉਨ੍ਹਾਂ ਦੇ ਕਰੀਬੀ ਹਨ ਅਤੇ ਸਖ਼ਤ ਮਿਹਨਤੀ ਆਗੂ ਹਨ। ਉਨ੍ਹਾਂ ਕਿਹਾ ਕਿ ਸ: ਕੰਗ ਨੂੰ ਨਾਲ ਤੋਰ ਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ ਅਤੇ ਸ: ਕੰਗ ਨੂੰ ਪਾਰਟੀ ਵੱਲੋਂ ਪੂਰਾ ਮਾਣ ਮਿਲੇਗਾ ਅਤੇ ਉਹ ਪਹਿਲੇ ਦੀ ਤਰ੍ਹਾਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ। ਇਸ ਮੌਕੇ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ: ਕੰਗ ਦੇ ਮੁੜ ਸਰਗਰਮ ਸਿਆਸਤ ਵਿੱਚ ਆਉਣ ਨਾਲ ਅੰਮ੍ਰਿਤਸਰ ਅਤੇ ਖਡੂਰ ਸਾਹਿਬ ਹਲਕਿਆਂ ਦੇ ਪਾਰਟੀ ਉਮੀਦਵਾਰਾਂ ਨੂੰ ਬੜ੍ਹਤ ਮਿਲੇਗੀ। ਇਸ ਮੌਕੇ ਸ: ਕੰਗ ਨੇ ਕਿਹਾ ਕਿ ਪਾਰਟੀ ਵੱਲੋਂ ਮੌਜੂਦਾ ਚੋਣਾਂ ਜਿੱਤਣ ਲਈ ਜੋ ਵੀ ਡਿਊਟੀ ਲਗਾਈ ਗਈ ਹੈ ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਸਰਕਾਰ ਦੌਰਾਨ ਸ: ਬਾਦਲ ਨੂੰ ਫਸਾਉਣ ਲਈ ਉਨ੍ਹਾਂ ‘ਤੇ ਬਹੁਤ ਦਬਾਅ ਪਾਇਆ ਸੀ। ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਬਾਦਲ ਨੇ ਮੌਜੂਦਾ ਚੋਣਾਂ ਨੂੰ ਦੇਸ਼ ਦੀ ਦੂਜੀ ਜੰਗ-ਏ-ਆਜ਼ਾਦੀ ਦਾ ਨਾਮ ਦਿੱਤਾ। ਉਨ੍ਹਾਂ ਕਿਹਾ ਕਿ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਜੋ ਵੀ ਮੁਨਾਸਿਬ ਹੋਇਆ ਉਹ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਦੀ ਮਾੜੀ ਬੋਲ ਬਾਣੀ ਨੇ ਹੀ ਉਨ੍ਹਾਂ ਦਾ ਨੁਕਸਾਨ ਕੀਤਾ ਹੈ, ਸਾਡੀ ਉਸ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਕੇਂਦਰ ਨੇ ਪੰਜਾਬ ਨਾਲ ਵਿਤਕਰੇ ਕੀਤੇ ਹਨ ਅਤੇ ਹੁਣ ਗ਼ੈਰ ਕਾਂਗਰਸੀ ਐਨ ਡੀ ਏ ਸਰਕਾਰ ਲਿਆ ਕੇ ਪੰਜਾਬ ਦੇ ਹਿਤਾਂ ਲਈ ਕੰਮ ਕੀਤੇ ਜਾਣਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …