ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਅੱਜ ਹੋਈ ਇੱਕ ਇਕੱਤਰਤਾ ਵਿਚ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਵਲੋਂ ਸੰਤ ਗੁਰਮੀਤ ਰਾਮ ਰਹੀਮ ਸਿੰਘ ਦੇ ਸਪੱਸ਼ਟੀਕਰਨ ਨੂੰ ਪ੍ਰਵਾਨ ਕਰਨ ਦੇ ਫੈਸਲੇ ‘ਤੇ ਸਹਿਮਤੀ ਪ੍ਰਗਟਾਈ ਹੈ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਸਿੱਖਾਂ ਦੀ ਭਗਤੀ ਅਤੇ ਸ਼ਕਤੀ ਦੇ ਕੇਂਦਰ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਭ ਸਿੱਖਾਂ ਅਤੇ ਸਿੱਖ ਜੱਥੇਬੰਦੀਆਂ ਲਈ ਆਦਰਯੋਗ ਹੋਣਾ ਚਾਹੀਦਾ ਹੈ।ਉਨ੍ਹਾਂ ਸਿੱਖ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਿੱਖਾਂ ਦੇ ਇਸ ਪੰਥਕ ਮਾਮਲੇ ਨੂੰ ਰਾਜਨੀਤੀ ਨਾਲ ਨਹੀਂ ਜੋੜਣਾ ਚਾਹੀਦਾ।ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਲਏ ਜਾਣ ਵਾਲੇ ਫੈਸਲੇ ਸਮੂਹ ਸੰਗਤਾਂ ਲਈ ਇਲਾਹੀ ਹੁੰਦੇ ਹਨ ਅਤੇ ਸਿੱਖ ਸੰਗਤਾਂ ਦੇ ਹਮੇਸ਼ਾਂ ਹੀ ਹੱਕ ਵਿਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਵਲੋਂ ਜਿੱਥੇ ਲਿਖਤੀ ਸਪੱਸ਼ਟੀਕਰਨ ਭੇਜਿਆ ਗਿਆ ਹੈ, ਉਥੇ ਹੀ ਉਨ੍ਹਾਂ ਆਪਣੀ ਇਕ ਵੀਡੀਓ ਰਿਕਾਰਡਿੰਗ ਕਰਕੇ ਸੀ.ਡੀ ਵੀ ਭੇਜੀ ਹੈ, ਜਿਸ ਵਿੱਚ ਸਪੱਸ਼ਟੀਕਰਨ ਨੂੰ ਉਨ੍ਹਾਂ ਅਲਫਾਜ਼ਾਂ ਨਾਲ ਹੀ ਬਿਆਨ ਕੀਤਾ ਗਿਆ ਹੈ, ਜੋ ਲਿਖਤੀ ਰੂਪ ਵਿਚ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਦੇ ਕੇਸ ਵਿਚ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਫੈਂਸਲਾ ਲੈਂਦੇ ਸਮੇਂ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਜਥੇਦਾਰ ਤਖਤ ਸ਼੍ਰੀ ਪਟਨਾ ਸਾਹਿਬ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਜਥੇਦਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਅਤੇ ਤਖਤ ਸ਼੍ਰੀ ਹਜੂਰ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਵੀ ਮੌਜੂਦ ਸਨ। ਸਿੰਘ ਸਾਹਿਬਾਨਾਂ ਵਲੋਂ ਪੂਰੀਆਂ ਦੀਰਘ ਵਿਚਾਰਾਂ ਰਾਹੀਂ ਹੀ ਫੈਂਸਲਾ ਲਿਆ ਗਿਆ ਹੈ। ਇਸ ਮੌਕੇ ਮੀਤ ਪ੍ਰਧਾਨ ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਐਡੀਸ਼ਨਲ ਆਨਰੇਰੀ ਸਕੱਤਰ ਹਰਮਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media