Saturday, August 22, 2026

ਜ਼ਿਲ੍ਹਾ ਪਠਾਨਕੋਟ ਦੀਆਂ ਵਿਦਿਆਰਥਣਾਂ ਨੂੰ 5630 ਸਾਇਕਲ ਵੰਡੇ – ਦਿਨੇਸ਼ ਸਿੰਘ ਬੱਬੂ

Dinesh Babbu

ਪਠਾਨਕੋਟ, 6 ਅਕਤੂਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਜਿੱਥੇ ਲੜਕੀਆਂ ਨੂੰ ਬਾਰਵੀਂ ਤੱਕ ਮੁਫ਼ਤ ਸਿੱਖਿਆ ਮੁਹਈਆ ਕੀਤੀ ਜਾ ਰਹੀ ਹੈ, ਉੱਥੇ ਗਿਆਰਵੀਂ ਅਤੇ ਬਾਰਵੀਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਸਕੂਲ ਆਉਣ ਜਾਉਣ ਲਈ ਮਾਈ ਭਾਗੋ ਸਕੀਮ ਤਹਿਤ ਮੁਫ਼ਤ ਸਾਇਕਲ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਹੁਣ ਤੱਕ ਇਸ ਸਕੀਮ ਤਹਿਤ ਜ਼ਿਲ੍ਹਾ ਪਠਾਨਕੋਟ ਦੀਆਂ ਵਿਦਿਆਰਥਣਾਂ ਨੂੰ 5630 ਸਾਇਕਲ ਵੰਡੇ ਜਾ ਚੁੱਕੇ ਹਨ। ਜਿਸ ਵਿਚੋਂ 60 ਸਾਇਕਲ 15 ਅਗਸਤ, 2015 ਨੂੰ ਆਜ਼ਾਦੀ ਦਿਵਸ ਦੇ ਮੌਕੇ ‘ਤੇ ਪਠਾਨਕੋਟ ਅਤੇ ਧਾਰਕਲਾਂ ਵਿਖੇ ਵੰਡੇ ਗਏ। ਉਨ੍ਹਾਂ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ 40 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ 4904 ਵਿਦਿਆਰਥਣਾਂ ਨੂੰ ਚਾਲੂ ਮਾਲੀ ਸਾਲ ਦੌਰਾਨ ਸਾਇਕਲ ਵੰਡਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਈ ਭਾਗੋ ਸਕੀਮ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥਣਾਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਦੂਰ ਦੁਰਾਡੇ ਤੋਂ ਆਉਣ ਜਾਉਣ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਜਿੱਥੇ ਵਿਦਿਆਰਥਣਾਂ ਦਾ ਸਕੂਲਾਂ ਵਿੱਚ ਵਿਦਿਆ ਪ੍ਰਾਪਤ ਕਰਨ ਲਈ ਆਉਣਾ ਜਾਉਣਾ ਸੁਖਾਲਾ ਹੋਇਆ ਹੈ, ਉੱਥੇ ਪਹਿਲਾਂ ਨਾਲੋਂ ਸਰਕਾਰੀ ਸਕੂਲਾਂ ਵਿੱਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ।
ਡਿਪਟੀ ਸਪੀਕਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲ ਦੇਣ ਦੇ ਨਾਲ ਨਾਲ ਸਵੈ ਰੱਖਿਆ ਲਈ ਕਰਾਟਿਆਂ ਦੀ ਵੀ ਮੁਫ਼ਤ ਟ੍ਰੇਨਿੰਗ ਸਕੂਲਾਂ ਵਿੱਚ ਦਿੱਤੀ ਜਾ ਰਹੀ ਹੈ, ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਵਿਦਿਆਰਥਣਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵੱਖਰੇ ਪਖਾਨੇ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੇ ਯੁੱਗ ਵਿੱਚ ਲੜਕਿਆਂ ਦੇ ਨਾਲ ਨਾਲ ਲੜਕੀਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਲੜਕੀਆਂ ਨੇ ਜ਼ਿਲ੍ਹਾ ਪਠਾਨਕੋਟ ਦਾ ਨਾਮ ਰਾਜ ਪੱਧਰ ਅਤੇ ਰਾਸ਼ਟਰੀ ਪੱਧਰ ‘ਤੇ ਰੋਸ਼ਨ ਕੀਤਾ ਹੈ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply