Tuesday, March 17, 2026

ਕਿਸਾਨਾਂ ਦੇ ਧਰਨੇ-ਮੁਜ਼ਾਹਰੇ ਸਿਆਸਤ ਤੋਂ ਪ੍ਰੇਰਿਤ – ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ‘ਤੇ 1000 ਕਰੋੜ ਰੁਪਏ ਹੋਰ ਖ਼ਰਚ ਹੋਣਗੇ

PPN0810201510

PPN0810201511

ਅੰਮ੍ਰਿਤਸਰ, 8 ਅਕਤੂਬਰ (ਗੁਰਚਰਨ ਸਿੰਘ) – ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦਾ ਜਲਦ ਹੀ ਵਿਸਤਾਰ ਕੀਤਾ ਜਾਵੇਗਾ ਅਤੇ ਇਥੇ ਆਡੀਓ-ਵਿਜ਼ੂਅਲ ਅਤੇ ਹੋਰਨਾਂ ਆਧੁਨਿਕ ਤਕਨੀਕਾਂ ਰਾਹੀਂ ਵਡਮੁੱਲੇ ਇਤਿਹਾਸ ਨੂੰ ਬਾਖੂਬੀ ਦਰਸਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਅਗਲੇ ਹਿੱਸੇ ਦੇ ਸੁੰਦਰੀਕਰਨ ਦਾ ਕੰਮ ਵਿਸਾਖੀ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਹ ਅੱਜ ਸਵੇਰੇ ਆਪਣੀ ਧਰਮ ਪਤਨੀ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਅੱਜ ਇਥੇ ਉਨ੍ਹਾਂ ਦੱਸਿਆ ਕਿ ਧਾਰਮਿਕ ਨਗਰੀ ਨੂੰ ਨਵੀਂ ਦਿੱਖ ਦੇਣ ਦੇ ਮਕਸਦ ਨਾਲ ਹਾਲ ਗੇਟ ਤੋਂ ਟਾਊਨ ਹਾਲ ਤੱਕ ਅਤੇ ਟਾਊਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਸਾਹਮਣੇ ਬਣੇ ਪਲਾਜ਼ੇ ਤੱਕ ਦੇ ਰਸਤੇ ਦੇ ਸੁੰਦਰੀਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ, ਜਿਸ ਨਾਲ ਇਸ ਇਤਿਹਾਸਕ ਨਗਰੀ ਨੂੰ ਇਕ ਨਵੀਂ ਦਿੱਖ ਮਿਲੇਗੀ। ਕਿਸਾਨੀ ਮੁੱਦਿਆਂ ਸਬੰਧੀ ਪੁੱਛੇ ਜਾਣ ‘ਤੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਸਭ ਤੋਂ ਵੱਧ ਸੋਚਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਬਾਸਮਤੀ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾ ਕੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਮੁਲਕਾਂ ਵਿਚ ਬਾਸਮਤੀ ਦਾ ਨਿਰਯਾਤ ਕਰਵਾਉਣ, ਜਿਨ੍ਹਾਂ ਵਿਚ ਇਸ ਦੇ ਨਿਰਯਾਤ ‘ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਚਿੱਟੇ ਮੱਛਰ ਕਾਰਨ ਰਾਜਸਥਾਨ ਅਤੇ ਹਰਿਆਣਾ ਵਿਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ, ਪਰੰਤੂ ਪੰਜਾਬ ਵਿਚ ਇਸ ਦੇ ਨੁਕਸਾਨ ਭਰਪਾਈ ਲਈ ਸਭ ਤੋਂ ਵੱਧ 8 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਗੰਨੇ ਦੀ ਖ਼ਰੀਦ ਵੀ ਵਧੀਆ ਢੰਗ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਧਰਨੇ-ਮੁਜ਼ਾਹਰੇ ਕਰਕੇ ਕੇਵਲ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਤਕਲੀਫ਼ ਹੈ ਤਾਂ ਉਹ ਧਰਨੇ-ਮੁਜ਼ਾਹਰੇ ਛੱਡ ਕੇ ਇਸ ਸਬੰਧੀ ਮੁੱਖ ਮੰਤਰੀ ਨਾਲ ਗੱਲ ਕਰਨ।
ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਚੋਣਾਂ ਲੜਨਾ ਹਰੇਕ ਨਾਗਰਿਕ ਅਤੇ ਪਾਰਟੀ ਦਾ ਅਧਿਕਾਰ ਹੈ ਪਰੰਤੂ ਪੰਜਾਬ ਵਾਸੀ ਹੁਣ ਇਸ ਪਾਰਟੀ ਦੀਆਂ ਗੱਲਾਂ ਵਿਚ ਨਹੀਂ ਆਉਣਗੇ ਕਿਊਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਇਸ ਨੇ ਚਮਤਕਾਰ ਦਿਖਾਇਆ ਸੀ ਪਰੰਤੂ ਬਾਅਦ ਵਿਚ ਪਟਿਆਲਾ ਅਤੇ ਤਲਵੰਡੀ ਸਾਬੋ ਦੀ ਜ਼ਿਮਨੀ ਚੋਣ ਵਿਚ ਇਸ ਦਾ ਹਸ਼ਰ ਬੁਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਜੋ ‘ਕਾਰਨਾਮੇ’ ਕੀਤੇ ਹਨ, ਉਹ ਸਭ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਇਸ ਨੇ ਆਪਣੇ ਮੰਤਰੀਆਂ ਦੀਆਂ ਤਨਖਾਹਾਂ ਵਿਚ 400 ਫੀਸਦੀ ਵਾਧਾ ਕੀਤਾ ਹੈ ਅਤੇ ਹਰੇਕ ਚੀਜ਼ ‘ਤੇ ਭਾਰੀ ਟੈਕਸ ਲਗਾ ਦਿੱਤੇ ਹਨ। ਇਸੇ ਤਰ੍ਹਾਂ ਲੋਕਪਾਲ ਦੀਆਂ ਗੱਲਾਂ ਕਰਨ ਵਾਲੇ ਦਿੱਲੀ ਵਿਚ ਅਜੇ ਤੱਕ ਲੋਕਪਾਲ ਨਹੀਂ ਲਿਆ ਸਕੇ।
ਨਕਲੀ ਕੀਟਨਾਸ਼ਕਾਂ ਦੇ ਮਾਮਲੇ ਸਬੰਧੀ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਵਲੋਂ ਜਾਂਚ ਚੱਲ ਰਹੀ ਹੈ ਅਤੇ ਦੋਸ਼ੀ ਪਾਏ ਗਏ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ। ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਵਿਚ ਇਥੇ ਡੇਢ ਹਜ਼ਾਰ ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭੇ ਗਏ ਹਨ ਅਤੇ ਆਉਂਦੇ 6 ਮਹੀਨਿਆਂ ਵਿਚ 1000 ਕਰੋੜ ਰੁਪਏ ਹੋਰ ਵਿਕਾਸ ਕਾਰਜਾਂ ‘ਤੇ ਖ਼ਰਚੇ ਜਾਣਗੇ। ਸ਼ਹਿਰ ਦੀ ਸਫ਼ਾਈ ਸਮੱਸਿਆ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਟੈਂਡਰ ਲਗਾਏ ਜਾ ਚੁੱਕੇ ਹਨ ਅਤੇ 10 ਨਵੰਬਰ ਤੱਕ ਇਸ ‘ਤੇ ਵੱਡੇ ਪੱਧਰ ਉਤੇ ਕੰਮ ਸ਼ੁਰੂ ਹੋ ਜਾਵੇਗਾ।  ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਮੁੱਖ ਸਕੱਤਰ ਸ਼ੋਮਣੀ ਕਮੇਟੀ ਸ. ਹਰਚਰਨ ਸਿੰਘ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਚੇਅਰਮੈਨ ਸ. ਵੀਰ ਸਿੰਘ ਲੋਪੋਕੇ ਅਤੇ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਉਪਕਾਰ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਰਜਿੰਦਰ ਸਿੰਘ ਮਰਵਾਹ, ਸ. ਨਵਦੀਪ ਸਿੰਘ ਗੋਲਡੀ, ਸ. ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply