ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿਚ ਚਿੱਟੀ ਮੱਖੀ ਦੇ ਹਮਲੇ ਕਾਰਨ ਨਰਮੇ ਦੀ ਫਸਲ ਦੇ ਖ਼ਰਾਬੇ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਲਈ ਰਾਹਤ ਵੱਜੋਂ 169 ਕਰੋੜ 84 ਲੱਖ 17 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁਆਵਜਾ ਰਾਸ਼ੀ ਸਬੰਧਤ ਉਪ ਮੰਡਲਾਂ ਵਿਚ ਭੇਜ ਦਿੱਤੀ ਗਈ ਹੈ ਅਤੇ ਸਬੰਧਤ ਐਸ.ਡੀ.ਐਮਜ. ਦੀ ਦੇਖਰੇਖ ਹੇਠ ਇਸ ਦੀ ਵੰਡ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਇਸ ਮੁਆਵਜਾ ਰਾਸ਼ੀ ਨੂੰ ਕਿਸਾਨਾਂ ਵਿਚ ਵੰਡਣ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰਾਬੇ ਦਾ ਪ੍ਰਤੀ ਏਕੜ 8 ਹਜ਼ਾਰ ਰੁਪਏ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਉਪਮੰਡਲ ਲਈ 65 ਕਰੋੜ, 58 ਲੱਖ 39 ਹਜ਼ਾਰ, ਅਬੋਹਰ ਉਪ ਮੰਡਲ ਲਈ 102 ਕਰੋੜ 21 ਲੱਖ 05 ਹਜ਼ਾਰ ਅਤੇ ਉਪ ਮੰਡਲ ਜਲਾਲਾਬਾਦ ਲਈ 2 ਕਰੋੜ 04 ਲੱਖ 64 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਾਸੀ ਸਬੰਧਤ ਉਪ ਮੰਡਲ ਦੇ ਐਸ.ਡੀ.ਐਮਜ਼ ਨੂੰ ਭੇਜੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜਿੰਨ੍ਹਾਂ ਕਿਸਾਨਾਂ ਨੇ ਨਰਮੇ ਦੀ ਫ਼ਸਲ ਨੂੰ ਖਰਾਬੇ ਕਾਰਨ ਵਾਹ ਦਿੱਤਾ ਸੀ ਉਸ ਲਈ ਵੀ ਕਰੀਬ 3 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਨਰਮੇ ਦੀ ਫ਼ਸਲ ਦੇ ਖਰਾਬੇ ਦੀ ਗਿਰਦਾਵਰੀ ਲਈ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਲਗਾਈਆਂ ਗਈਆਂ ਸਨ। ਇਸ ਸਬੰਧੀ ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਦੂਜੇ ਜ਼ਿਲ੍ਹਿਆਂ ਦੇ ਏ.ਡੀ.ਓ. ਵਿਸੇਸ਼ ਗਿਰਦਾਵਰੀ ਲਈ ਮਾਲ ਵਿਭਾਗ ਨਾਲ ਤਾਇਨਾਤ ਕੀਤੇ ਗਏ ਸਨ ਤਾਂ ਜੋ ਗਿਰਦਾਵਰੀ ਦਾ ਕੰਮ ਜਲਦ ਨੇਪਰੇ ਚਾੜ ਕੇ ਰਿਪੋਟ ਸਰਕਾਰ ਨੂੰ ਭੇਜੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਗਿਰਦਾਵਰੀ ਦੌਰਾਨ ਜਿੰਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦੇ ਖਰਾਬੇ ਦੀ ਪੁਸ਼ਟੀ ਹੋਈ ਸੀ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਆਵਜਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਪੂਰੀ ਤਰਾਂ ਨਾਲ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਪੀੜ੍ਹਤ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਮੁਆਵਜ਼ਾ ਰਾਸ਼ੀ ਸਬੰਧੀ ਕਿਸੇ ਤਰ੍ਹਾਂ ਦੀ ਵੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਐਸ.ਡੀ.ਐਮ. ਜਾਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ਾ ਰਾਸ਼ੀ ਵੰਡਣ ਵਿਚ ਕਿਸੇ ਤਰ੍ਹਾਂ ਦੀ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media