
ਪਠਾਨਕੋਟ, 11 ਅਕਤੂਬਰ (ਪ.ਪ)- ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 10 ਅਕਤੂਬਰ ਤੱਕ 590 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 538 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਜਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਫਿਰੋਜਪੁਰ ਕਲਾਂ, ਸਰਨਾ, ਕਾਨਵਾਂ, ਭੋਆ, ਸਿਓੜਾ, ਨਰੋਟ ਜੈਮਲ ਸਿੰਘ, ਬਮਿਆਲ, ਤਾਰਾਗੜ੍ਹ ਆਦਿ ਮੰਡੀਆਂ ਦਾ ਦੌਰਾ ਕਰਨ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 331 ਮੀਟਰਿਕ ਟਨ, ਪਨਗ੍ਰੇਨ ਨੇ 70 ਮੀਟਰਿਕ ਟਨ, ਪਨਸਪ ਨੇ 38 ਮੀਟਰਿਕ ਟਨ, ਮਾਰਕਫੈਡ 10 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਂਸਿੰਗ ਕਾਰਪੋਰੇਸ਼ਨ ਨੇ 89 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 300 ਮੀਟਰਿਕ ਟਨ ਝੋਨੇ ਦੀ ਚੁਕਾਈ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਲਾਈਟਾਂ, ਛਾਂ, ਪਾਣੀ ਆਦਿ ਦੀ ਵਿਵਸਥਾ ਦਾ ਜਾਇਜਾ ਲਿਆ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਅਤੇ ਅਦਾਇਗੀ ਨਿਰਧਾਰਤ ਸਮੇਂ ਵਿੱਚ ਕਰਨ ਅਤੇ ਆਪਣੀ ਹਾਜਰੀ ਮੰਡੀਆਂ ਵਿੱਚ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਮੰਡੀਆਂ ਵਿੱਚ ਆਪਣੀ ਡਿਊਟੀ ਤੋਂ ਗੈਰ ਹਾਜਰ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦੇਣ। ਉਨ੍ਹਾਂ ਨੇ ਆੜਤੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਮੀ ਦਾ ਜ਼ਰੂਰ ਖਿਆਲ ਰੱਖਣ ਤਾਂ ਜੋ ਫ਼ਸਲ ਸੁੱਕਾਉਣ ਅਤੇ ਵੇਚਣ ਲਈ ਉਨ੍ਹਾਂ ਨੂੰ ਮੰਡੀਆਂ ਵਿੱਚ ਬਹੁਤੀ ਦੇਰ ਬੈਠਣਾ ਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਹਰਾ ਅਤੇ ਅੱਧਪੱਕਿਆ ਝੋਨਾ ਬਿਲਕੁਲ ਵੀ ਨਾ ਕੱਟਣ। ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਮੌਕੇ ਤੇ ਹੱਲ ਕੀਤਾ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮੰਗਲ ਦਾਸ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਨਸੀਬ ਸੈਣੀ ਇੰਸਪੈਕਟਰ, ਬਲਬੀਰ ਬਾਜਵਾ ਸੈਕਟਰੀ ਮਾਰਕੀਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।
Punjab Post Daily Online Newspaper & Print Media