Saturday, April 13, 2024

2.11 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਗੁਰਦਾਸਪੁਰ ‘ਚ ਬਣ ਰਹੇ ਹਨ 6 ਪਸ਼ੂ ਹਸਪਤਾਲ – ਧੁੱਗਾ

PPN1210201501

ਬਟਾਲਾ, 12 ਅਕਤੂਬਰ (ਨਰਿੰਦਰ ਸਿੰਘ ਬਰਨਾਲ) -ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਇਲਾਜ ਲਈ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਉਸਾਰੇ ਜਾ ਰਹੇ 6 ਪਸ਼ੂ ਹਸ਼ਪਤਾਲਾਂ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ, ਤਾਂ ਜੋ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਲਈ ਦੂਰ ਨਾ ਜਾਣਾ ਪਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਜਿਹੜੇ 6 ਪਸ਼ੂ ਹਸਪਤਾਲ ਬਣਾਏ ਜਾ ਰਹੇ ਹਨ ਉਨ੍ਹਾਂ ‘ਚ ਸ੍ਰੀ ਹਰਗੋਬਿੰਦਪੁਰ, ਕਾਦੀਆਂ, ਦੀਨਾਨਗਰ, ਦੋਰਾਂਗਲਾ, ਸਾਹੋਵਾਲ ਅਤੇ ਧਾਰੀਵਾਲ ਦੇ ਪਸ਼ੂ ਹਸਪਤਾਲ ਸ਼ਾਮਲ ਹਨ। ਸ੍ਰੀ ਦੇਸ ਰਾਜ ਸਿੰਘ ਧੁੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਹਸਪਤਾਲ ਨੂੰ ਬਣਾਉਣ ਲਈ 35.27 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ 6 ਪਸ਼ੂ ਹਸਪਤਾਲਾਂ ਉੱਪਰ ਕੁੱਲ 2 ਕਰੋੜ 11 ਲੱਖ ਰੁਪਏ ਦੇ ਕਰੀਬ ਖਰਚਾ ਆਏਗਾ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਦੀ ਉਸਾਰੀ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਅਤੇ ਛੇਤੀ ਹੀ ਇਹ ਪਸ਼ੂ ਹਸਪਤਾਲ ਬਣ ਕੇ ਤਿਆਰ ਹੋ ਜਾਣਗੇ।
ਮੁੱਖ ਸੰਸਦੀ ਸਕੱਤਰ ਸ੍ਰੀ ਦੇਸਰਾਜ ਸਿੰਘ ਧੁੱਗਾ ਨੇ ਅੱਗੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਪਸ਼ੂ ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਮੁਰੰਮਤ ਕਰਨ ਦੇ ਨਾਲ ਡਿਸਪੈਂਸਰੀਆਂ ਦੀ ਚਾਰ ਦਿਵਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਟੀਚਾ ਹੈ ਕਿ ਰਾਜ ਵਿੱਚ ਪਸ਼ੂਆਂ ਦੇ ਇਲਾਜ ਲਈ ਪਸ਼ੂ ਹਸਪਤਾਲਾਂ ਤੇ ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਜਾਵੇ ਤਾਂ ਜੋ ਪਸ਼ੂਆਂ ਦੇ ਇਲਾਜ ਨੂੰ ਲੈ ਕੇ ਪਸ਼ੂ ਪਾਲਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਪਸ਼ੂ ਪਾਲਕਾਂ ਨਾਲ ਪੂਰਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਡਾਕਟਰਾਂ ਵੱਲੋਂ ਕਿਸਾਨਾਂ ਦੇ ਘਰਾਂ ‘ਚ ਜਾ ਕੇ ਵੀ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਮੁੱਖ ਸੰਸਦੀ ਸਕੱਤਰ ਸ੍ਰੀ ਧੁੱਗਾ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪਸ਼ੂ ਪਾਲਣ ਕਿੱਤੇ ਨੂੰ ਉਤਸ਼ਾਹਤ ਕਰਨ ਲਈ ਨੌਜਵਾਨਾਂ ਨੂੰ ਮੁਫਤ ਸਿਖਲਾਈ ਦੇਣ ਦੇ ਨਾਲ ਉਨ੍ਹਾਂ ਨੂੰ ਵਿੱਤੀ ਸਹਾਇਤਾ ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪਸ਼ੂ ਧੰਨ ਚੈਪੀਅਨਸ਼ਿਪ ਕਰਾ ਕੇ ਵੀ ਪਸ਼ੂ ਪਾਲਕਾਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਉਦਮਾਂ ਸਦਕਾ ਸੂਬੇ ‘ਚ ਪਸ਼ੂ ਪਾਲਣ ਦਾ ਧੰਦਾ ਹੁਣ ਸਹਾਇਕ ਧੰਦਾ ਨਾ ਰਹਿ ਕੇ ਮੁੱਖ ਧੰਦਾ ਬਣ ਗਿਆ ਹੈ ਅਤੇ ਇਸ ਧੰਦੇ ਨੂੰ ਅਪਣਾ ਕੇ ਬਹੁਤ ਸਾਰੇ ਨੌਜਵਾਨਾਂ ਨੇ ਨਵੇਂ ਮੁਕਾਮ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

Check Also

ਐਲੀਵੇਟਿਡ ਸੜਕ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 2 ਮੋਟਰ ਸਾਈਕਲ ਸਵਾਰਾਂ ਦੀ ਮੌਤ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ)- ਸਥਾਨਕ ਐਲੀਵੇਟਿਡ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ …

Leave a Reply