
ਬਠਿੰਡਾ, 16 ਅਕਤੂਬਰ (ਜਸਬੀਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੂਬਾ ਸਰਕਾਰ ਵਲੋਂ ਸੰਤ ਸ਼੍ਰੀ ਫਤਹਿ ਸਿੰਘ ਬਦਿਆਲਾ ਦੀ ਬਰਸੀ ‘ਤੇ ਰਾਜ ਪੱਧਰੀ ਸਮਾਗਮ 30 ਅਕਤੂਬਰ ਨੂੰ ਪਿੰਡ ਬਦਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਤ ਫਤਹਿ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨਗੇ।ਇਸ ਰਾਜ ਪੱਧਰੀ ਬਰਸੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣਾ ਪੂਰਾ ਜੀਵਨ ਧਾਰਮਿਕ ਅਤੇ ਸਮਾਜ ਭਲਾਈ ਵਿੱਚ ਲਗਾਉਣ ਵਾਲੇ ਸੰਤ ਫਤਹਿ ਸਿੰਘ ਜੀ ਦੇ ਬਰਸੀ ਸਮਾਗਮ ਦੌਰਾਨ ਅਗੇਤੇ ਹੀ ਪ੍ਰਬੰਧ ਕਰ ਲਏ ਜਾਣ, ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹੋਣ ਵਾਲੇ ਸਮਾਗਮ ਦੇ ਓਵਰਆਲ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਕੁਮਾਰ ਸ਼ਰਮਾ ਹੋਣਗੇ। ਉਨ੍ਹਾਂ ਨਵੇਂ ਤਾਇਨਾਤ ਅਫ਼ਸਰਾਂ ਨੂੰ ਸਮਾਗਮ ਵਾਲੀ ਥਾਂ ਦਾ ਦੌਰਾ ਕਰਨ ਲਈ ਵੀ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੰਡੀ ਅਫ਼ਸਰ ਸਮਾਗਮ ਵਾਲੀ ਜਗ੍ਹਾ ‘ਤੇ ਸਾਫ਼-ਸਫ਼ਾਈ ਦਾ ਪ੍ਰਬੰਧ, ਪੀਣ ਵਾਲੇ ਪਾਣੀ, ਜਰਨੇਟਰ ਆਦਿ ਦਾ ਪ੍ਰਬੰਧ ਕਰਨਾ ਯਕੀਨੀ ਬਨਾਉਣਗੇ। ਇਸੇ ਤਰ੍ਹਾ ਨਿਗਰਾਨ ਇੰਜੀਨੀਅਰ ਪੰਜਾਬ ਪਾਵਰ ਕਾਰਪੋਰੇਸ਼ਨ ਨੂੰ ਬਿਜਲੀ ਦੇ ਖੰਭੇ, ਤਾਰਾਂ ਆਦਿ ਦੇ ਕੰਮ ਨੂੰ ਚੰਗੀ ਤਰ੍ਹਾਂ ਠੀਕ ਹੋਣ ਸਬੰਧੀ ਨਿਰਦੇਸ਼ ਦਿੱਤੇ।ਉਨ੍ਹਾਂ ਸਿਵਲ ਸਰਜਨ ਬਠਿੰਡਾ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਮਾਗਮ ਵਾਲੇ ਦਿਨ ਮੈਡੀਕਲ ਟੀਮ, ਐਂਬੂਲੈਂਸ ਗੱਡੀਆ ਆਦਿ ਦਾ ਪ੍ਰਬੰਧ ਕਰਨਾ ਯਕੀਨੀ ਬਨਾਉਣਗੇ।ਉਨ੍ਹਾਂ ਜ਼ਿਲ੍ਹਾ ਮੈਨੇਜਰ ਪੀ.ਆਰ.ਟੀ.ਸੀ. ਨੂੰ ਰਿਕਵਰੀ ਵੈਨ ਦਾ ਪ੍ਰਬੰਧ ਕਰਨ ਲਈ ਕਿਹਾ।ਇੰਜਨੀਅਰ ਲੋਕ ਨਿਰਮਾਣ ਵਿਭਾਗ ਨੂੰ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਬੈਰੀਕੈਡਿੰਗ ਦਾ ਪ੍ਰਬੰਧ ਕਰਨ ਲਈ ਹਦਾਇਤ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਮੀਤ ਕੁਮਾਰ ਜਾਰੰਗਲ, ਸਹਾਇਕ ਕਮਿਸ਼ਨਰ (ਜਨਰਲ)-ਕਮ- ਐਸ.ਡੀ.ਐਮ.ਰਾਮਪੁਰਾ ਫੂਲ, ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ.ਬਠਿੰਡਾ ਅਨਮੋਲ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
Punjab Post Daily Online Newspaper & Print Media