ਲੋਕਾਂ ਨੂੰ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ
ਅੰਮ੍ਰਿਤਸਰ, 17 ਅਕਤੂਬਰ (ਗੁਰਚਰਨ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕੈਬਿਨਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਜਿਸ ਉਪਰੰਤ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ। ਮੁੱਖ ਮੰਤਰੀ ਨੇ ਬਾਅਦ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਹੀ ਸੂਬੇ ਦੀ ਸ਼ਾਂਤੀ, ਵਿਕਾਸ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਵੀ ਸਿੱਖ ਕੌਮ ਦੇ ਇਸ ਸਰਵਉੱਚ ਧਾਰਮਿਕ ਥਾਂ ‘ਤੇ ਆ ਕੇ ਇਹੀ ਅਰਦਾਸ ਕੀਤੀ ਹੈ ਤਾਂ ਜੋ ਸੂਬੇ ਵਿੱਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤੀ ਮਿਲੇ। ਇਸ ਮੌਕੇ ਇਕ ਹੋਰ ਸਵਾਲ ਦੇ ਜੁਆਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਦੀਆਂ ਵੈਰੀ ਕੁਝ ਤਾਕਤਾਂ ਇਸ ਦੀ ਮੁਸ਼ਕਿਲਾਂ ਨਾਲ ਹਾਸਲ ਹੋਈ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ ਪਰ ਸੂਬਾ ਸਰਕਾਰ ਅਜਿਹੇ ਕਿਸੇ ਵੀ ਮਨਸੂਬੇ ਨੂੰ ਸਫ਼ਲ ਨਹੀਂ ਹੋਣ ਦੇਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਇਨ੍ਹਾਂ ਤਾਕਤਾਂ ਦਾ ਛੇਤੀ ਹੀ ਪਰਦਾਫ਼ਾਸ਼ ਕਰਕੇ, ਉਨ੍ਹਾਂ ਨੂੰ ਬੇਨਕਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਹਮੇਸ਼ਾਂ ਹੀ ਧਰਮ ਅਤੇ ਜਾਤ ਪਾਤ ਤੋਂ ਉੱਪਰ ਉੱਠ ਕੇ ਵੰਡਪਾਊ ਤਾਕਤਾਂ ਨੂੰ ਕਰੜਾ ਜੁਾਅਬ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵਾਰ ਵੀ ਬਹਾਦਰ ਪੰਜਾਬੀ ਅਜਿਹੀਆਂ ਤਾਕਤਾਂ ਦੇ ਘਿਨਾਉਣੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਣਗੇ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫ਼ੁੱਟ ਪਾਊ ਤਾਕਤਾਂ ਵੱਲੋਂ ਕੀਤੇ ਜਾ ਰਹੇ ਕੂੜ੍ਹ ਪ੍ਰਚਾਰ ਤੋਂ ਸੁਚੇਤ ਰਹਿਣ।
Punjab Post Daily Online Newspaper & Print Media