ਅੰਮ੍ਰਿਤਸਰ, 31 ਜਨਵਰੀ (ਜਸਬੀਰ ਸਿੰਘ ਸੱਗੂ)- ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਉੱਪਰ ਰੋਕ ਲਗਾਏ ਜਾਣ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਲਾਘਾਯੋਗ ਤੇ ਰਾਹਤ ਵਾਲਾ ਕਦਮ ਦੱਸਿਆ ਹੈ। ਟੀ.ਵੀ. ਚੈਨਲਾਂ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਪ੍ਰੋਫੈਸਰ ਭੁੱਲਰ ਪਿਛਲੇ ਵੀਹ ਸਾਲ ਤੋਂ ਜੇਲ੍ਹ ਦੀ ਕਾਲ ਕੋਠੜੀ ਵਿੱਚ ਬੰਦ ਹੈ। ਉਸ ਦੇ ਖਿਲਾਫ ਇੱਕ ਵੀ ਗਵਾਹ ਨਹੀਂ ਪੇਸ਼ ਹੋਇਆ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਭੁੱਲਰ ਨੂੰ ਫਾਂਸੀ ਦੀ ਸਜਾ ਸੁਣਾਏ ਜਾਣ ਮੌਕੇ ਸੁਪਰੀਮ ਕੋਰਟ ਦੇ ਤਿੰਨ ਜੱਜ ਵੀ ਇੱਕ ਮਤ ਨਹੀਂ ਸਨ ਤੇ ਇਨ੍ਹਾਂ ਵਿੱਚੋਂ ਇਕ ਜੱਜ ਨੇ ਆਪਣਾ ਵਿਰੋਧ ਦਰਜ ਕਰਵਾਇਆ ਸੀ, ਪ੍ਰੰਤੂ ਫਿਰ ਵੀ ਪ੍ਰੋਫੈਸਰ ਭੁੱਲਰ ਨੂੰ ਫਾਂਸੀ ਦੀ ਸਜਾ ਸੁਣਾ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੋਫੈਸਰ ਭੁੱਲਰ ਨੂੰ ਸੁਣਾਈ ਸਜਾ ਵਿਰੁੱਧ ਹਮੇਸ਼ਾ ਜ਼ੋਰਦਾਰ ਅਵਾਜ਼ ਉਠਾਈ ਹੈ ਤੇ ਲਗਾਤਾਰ ਇਸ ਫਾਂਸੀ ਦੀ ਸਜਾ ਦਾ ਵਿਰੋਧ ਕਰਦਿਆਂ ਗਵਰਨਰ ਪੰਜਾਬ ਨੂੰ ਮੈਮੋਰੰਡਮ ਤੇ ਰਾਸ਼ਟਰਪਤੀ ਪਾਸ ਰਹਿਮ ਦੀ ਅਪੀਲ ਪਾ ਕੇ ਕਿਹਾ ਸੀ ਕਿ ਜੇਕਰ ਪ੍ਰੋਫੈਸਰ ਭੁੱਲਰ ਨੂੰ ਫਾਂਸੀ ਦਿੱਤੀ ਗਈ ਤਾਂ ਇਸ ਨਾਲ ਸਿੱਖਾਂ ਦਾ ਦੇਸ਼ ਦੇ ਕਾਨੂੰਨ ਤੋਂ ਬਿਲਕੁਲ ਹੀ ਵਿਸ਼ਵਾਸ਼ ਉੱਠ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਾਨੂੰਨ ਮੁਤਾਬਿਕ ਕਿਸੇ ਵੀ ਮਾਨਸਿਕ ਬਿਮਾਰ ਆਦਮੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ ਤੇ ਪ੍ਰੋਫੈਸਰ ਭੁੱਲਰ ਮਾਨਸਿਕ ਬਿਮਾਰੀ ਤੋਂ ਗੰਭੀਰ ਪੀੜ੍ਹਤ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਪ੍ਰੋਫੈਸਰ ਭੁੱਲਰ ਦੀ ਫਾਂਸੀ ਤੇ ਫਿਲਹਾਲ ਰੋਕ ਲੱਗਣ ਨਾਲ ਸਿੱਖ ਜਗਤ ਲਈ ਰਾਹਤ ਵਾਲੀ ਗੱਲ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …