Monday, October 5, 2026

ਜ਼ਿਲ੍ਹੇ ਵਿਚ ਅਮਨ-ਸ਼ਾਤੀ ਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ – ਡੀ.ਸੀ

PPB1910201510ਫਾਜ਼ਿਲਕਾ 19 ਅਕਤੂਬਰ (ਵਿਨੀਤ ਅਰੋੜਾ) – ਬੀਤੇ ਦਿਨੀਂ ਪੰਜਾਬ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਅਣਸੁਖਾਵੀਂਆਂ ਘਟਨਾਵਾਂ ਉਪਰੰਤ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਅਮਨ ਸ਼ਾਂਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੀਆਂ ਧਾਰਮਿਕ, ਸਮਾਜਿਕ ਸੰਸਥਾਵਾਂ, ਸਭਾਵਾਂ, ਸੰਗਠਨਾਂ ਆਦਿ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਅਤੇ ਜ਼ਿਲ੍ਹਾ ਪੁਲਸ ਮੁਖੀ ਸ਼੍ਰੀ ਸਵਪਨ ਸ਼ਰਮਾ ਨੇ ਕੀਤੀ।  ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਕਾਰਨ ਸਮਾਜ ਦੇ ਹਰ ਵਰਗ ਨੂੰ ਭਾਰੀ ਠੇਸ ਪਹੁੰਚੀ ਹੈ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ/ ਸ਼ਹਿਰਾਂ ਵਿਚ ਧਾਰਮਿਕ ਸਥਾਨਾਂ ਦੀ ਰਾਖੀ ਲਈ ਖ਼ੁਦ ਅੱਗੇ ਆਉਣ ਅਤੇ ਧਾਰਮਿਕ ਸੰਸਥਾਨਾਂ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਰੋਜ ਸਵੇਰ ਸ਼ਾਮ ਧਾਰਮਿਕ ਸਥਾਨਾਂ ਤੋਂ ਅਮਨ ਸ਼ਾਂਤੀ ਦੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀ ਧਾਰਮਿਕ ਸਥਾਨਾਂ ਦੀ ਮਰਿਆਦਾ ਵਿਚ ਰਹਿ ਕੇ ਆਪਣੇ ਪੱਧਰ ਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕਰੀਏ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਹਰ ਇਨਸਾਨ ਨੂੰ ਆਪਣੇ ਆਪਣੇ ਧਾਰਮਿਕ ਸਥਾਨ ਪ੍ਰਤੀ ਚੌਕਸੀ ਰੱਖਣੀ ਚਾਹੀਦੀ ਹੈ। ਇਸ ਨਾਲ ਸਮਾਜ ਵਿਰੋਧੀ ਤੱਤਾਂ ਨੂੰ ਇਸ ਤਰ੍ਹਾਂ ਦੀਆਂ ਘਟਨਾਵਾਂ ਕਰਨ ਤੋਂ ਰੋਕਿਆ ਜਾ ਸਕੇਗਾ।
ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਪੁਲਿਸ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਈਏ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕ ਵਟਸਐਪ ਜਾਂ ਸ਼ੋਸਲ ਮੀਡੀਆ ਤੇ ਆਉਂਦੀ ਕਿਸੇ ਵੀ ਤਰ੍ਹਾਂ ਦੀ ਸੂਚਨਾਂ ਤੇ ਅਮਲ ਨਾ ਕਰਨ ਬਲਕਿ ਕਿਸੇ ਵੀ ਫੋਟੋ ਜਾਂ ਵੀਡੀਓ ਸਬੰਧੀ ਪੂਰੀ ਪੜਤਾਲ ਕਰਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਬੰਧੀ ਪੁਲਸ ਕੰਟਰੋਲ ਰੂਮ ਦੇ 100 ਨੰਬਰ ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪੁਲਸ ਮੁਖੀ ਨੇ ਕਿਹਾ ਕਿ ਪੁਲਸ ਵੱਲੋਂ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਫਾਜ਼ਿਲਕਾ ਜ਼ਿਲ੍ਹੇ ਅਤੇ ਵੱਖ ਵੱਖ ਸਬ ਡਿਵੀਜਨਾਂ ਵਿਚ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਸਦਭਾਵਨਾ / ਸ਼ਾਂਤੀ ਮਾਰਚ ਕੱਢਣ ਦਾ ਫੈਸਲਾ ਵੀ ਕੀਤਾ ਗਿਆ।  ਇਸ ਮੌਕੇ ਬਾਰ ਐਸੋਸੀਏਸ਼ਨ, ਵਪਾਰ ਮੰਡਲ, ਧਾਰਮਿਕ, ਸਮਾਜਿਕ ਸੰਸਥਾਵਾਂ, ਸੰਗਠਨਾਂ ਆਦਿ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ ਤੇ ਸਮਾਜ ਸਾਰੇ ਵਰਗ ਮਿਲ ਕੇ ਇਨ੍ਹਾਂ ਸਮਾਜ ਵਿਰੋਧੀ ਤਾਕਤਾਂ ਦੇ ਮਨਸੂਬੇ ਅਸਫਲ ਕਰਨ। ਸਮੂੰਹ ਸੰਸਥਾਵਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਯਕੀਨ ਦਿਵਾਇਆ ਕਿ ਉਹ ਅਮਨ ਸ਼ਾਂਤੀ ਭਾਈਚਾਰੇ ਲਈ ਉਨ੍ਹਾਂ ਨੂੰ ਪੁਰਾ ਸਹਿਯੋਗ ਦੇਣਗੇ।  ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਚਰਨਦੇਵ ਸਿੰੰਘ ਮਾਨ, ਮੈਡਮ ਅਮ੍ਰਿਤ ਆਈ.ਏ.ਐਸ. ਐਸ.ਡੀ.ਐਮ ਅਬੋਹਰ ਸ. ਰਾਜਪਾਲ ਸਿੰਘ, ਐਸ.ਡੀ.ਐਮ. ਜਲਾਲਾਬਾਦ ਸ਼੍ਰੀ ਅਵਿਕੇਸ਼ ਗੁਪਤਾ , ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਸ਼੍ਰੀ ਰਾਕੇਸ਼ ਧੂੜੀਆ, ਸ਼੍ਰੋਮਣੀ ਅਕਾਲੀ ਦਲ ਫਾਜ਼ਿਲਕਾ ਦਿਹਾਤੀ ਦੇ ਪ੍ਰਧਾਨ ਸ. ਗੁਰਪਾਲ ਸਿੰਘ ਗਰੇਵਾਲ, ਸ਼੍ਰੋਮਣੀ ਅਕਾਲੀ ਦਲ ਫਾਜ਼ਿਲਕਾ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਅਸ਼ੋਕ ਅਨੇਜਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੀਤਾ ਰਾਮ ਸ਼ਰਮਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਮਨੋਜ ਤ੍ਰਿਪਾਠੀ, ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਅਸ਼ੋਕ ਗੁਲਬੱਧਰ, ਪ੍ਰੈਸ ਕਲੱਬ ਫਾਜ਼ਿਲਕਾ ਦੇ ਪ੍ਰਧਾਨ ਸ. ਦਵਿੰਦਰ ਪਾਲ ਸਿੰਘ ਤੋਂ ਇਲਾਵਾ ਸ਼ਹਿਰ ਦੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਆਹੁਦੇਦਾਰ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply