ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ ਸੱਗੂ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਕਾਰਨ ਸਮੁੱਚੇ ਪੰਜਾਬ ਵਾਸੀਆਂ ਦੇ ਹਿਰਦੇ ਬੁਰੀ ਤਰਾਂ ਵਲੂੰਧਰੇ ਗਏ ਹਨ ਅਤੇ ਪੰਜਾਬ ਦੇ ਲੋਕ ਬੇਹੱਦ ਪੀੜਾਦਾਇਕ ਸਥਿਤੀ ਵਿੱਚੋਂ ਗੁਜਰ ਰਹੇ ਹਨ, ਸੋ ਅਜਿਹੇ ਸਮੇਂ ਹਲਕਾ ਦੱਖਣੀ ਵਿੱਚ ਮਨਾਏ ਜਾ ਰਹੇ ਦੁਸਹਿਰਾ ਮੇਲੇ ਨੂੰ ਸੰਗਤਾਂ ਦੇ ਮਨ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉਕਤ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਦੇ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਨੇ ਕਰਦਿਆਂ ਹੋਇਆ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਸਭ ਧਰਮਾਂ ਦਾ ਸਤਿਕਾਰ ਕਰਦਿਆਂ ਹੋਇਆ ਭਾਈਚਾਰਕ ਸਾਂਝ ਨੁੂੰ ਪਹਿਲ ਦਿੱਤੀ ਹੈ, ਪਰ ਕੁੱਝ ਸ਼ਰਾਰਤੀ ਲੋਕ ਅਤੇ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਅੱਗ ਲਗਾਉਣ ਲਈ ਅਜਿਹੀਆ ਘਿਨੌਣੀਆ ਹਰਕਤਾਂ ਕਰ ਰਹੇ ਹਨ। ਉਹਨਾ ਜਿਥੇ ਪੰਜਾਬ ਸਰਕਾਰ ਤੋਂ ਜਲਦੀ ਤੋਂ ਜਲਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਯਕੀਨੀ ਬਣਾਉਣ ਦੀ ਮੰਗ ਕੀਤੀ, ਉਥੇ ਹੀ ਉਹਨਾਂ ਨੇ ਸਮੂਹ ਪੰਜਾਬੀਆਂ ਨੂੰ ਬੇਨਤੀ ਕੀਤੀ ਕਿ ਪੰਜਾਬ ਬੀਤੇ ਸਮੇਂ ਵਿੱਚ ਪਹਿਲਾਂ ਹੀ ਬਹੁਤ ਸੰਤਾਪ ਹੰਢਾਅ ਚੁੱਕਿਆ ਹੈ ਅਤੇ ਸਾਨੂੰ ਸਾਰਿਆਂ ਨੂੰ ਪੰਜਾਬ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿੰਦਿਆਂ ਹੋਇਆਂ ਆਪਸੀ ਭਾਈਚਾਰਾ ਅਤੇ ਸ਼ਾਂਤੀ ਕਾਇਮ ਕਰਨ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਗਰੁੱਪ ਦੇ ਨੇਤਾ ਸ. ਸੁਰਿੰਦਰ ਸਿੰਘ ਸੁਲਤਾਨਵਿੰਡ, ਕੌਂਸਲਰ ਸ. ਸ਼ਮਸ਼ੇਰ ਸਿੰਘ ਸ਼ੇਰਾ, ਕੌਸਲਰ ਸ. ਅਮਰਜੀਤ ਸਿੰਘ ਭਾਟੀਆ ਅਤੇ ਸਕੱਤਰ ਜਨਰਲ ਸ. ਕੁਲਜੀਤ ਸਿੰਘ ਵੀ ਮੌਜੂਦ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media