
ਨਵੀਂ ਦਿੱਲੀ, 19 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬੀਤੇ ਦਿਨੀਂ ਪੰਜਾਬ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਪਸ਼ਚਾਤਾਪ ਵੱਜੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ ਨੇ ਪਾਵਨ ਸਰੂਪਾਂ ਦੀ ਬੇਅਦਬੀ ਤੇ ਪਸ਼ਚਾਤਾਪ, ਸ਼ਹੀਦ ਹੋਏ ਸਿੰਘਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀਆਂ ਦੀ ਛੇਤੀ ਸਿਹਤਯਾਬੀ ਲਈ ਉਕਤ ਅਖੰਡ ਪਾਠ ਆਰੰਭ ਕਮੇਟੀ ਵੱਲੋਂ ਰਖਵਾਉਣ ਦਾ ਦਾਅਵਾ ਕੀਤਾ।
ਜੀ.ਕੇ. ਨੇ ਕਿਹਾ ਕਿ ਦਿੱਲੀ ਕਮੇਟੀ ਇਸ ਮਸਲੇ ਤੇ ਪੂਰਨ ਤਰ੍ਹਾ ਨਾਲ ਸੁਚੇਤ ਹੈ ਅਤੇ ਪੂਰੀ ਤਰ੍ਹਾਂ ਚੌਕਸੀ ਵਰਤਦੇ ਹੋਏ ਆਪਣੇ ਪ੍ਰਬੰਧ ਅਧੀਨ ਗੁਰਦੁਆਰਿਆਂ ਵਿੱਚ ਤੈਨਾਤ ਸਟਾਫ਼ ਨੂੰ ਕੜੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾ ਚੁੱਕੇ ਹਨ। ਜੀ.ਕੇ ਨੇ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਰਕਰਾਰ ਰੱਖਣ ਵਾਸਤੇ ਮਜ਼ਬੂਤ ਨਿਗਰਾਨੀ ਗੁਰੂ ਘਰਾਂ ਵਿੱਚ ਕਾਇਮ ਕਰਨ ਵਾਸਤੇ ਸੀ.ਸੀ.ਟੀ.ਵੀ ਕੈਮਰੇ ਸਥਾਪਿਤ ਕਰਨ ਦੀ ਵੀ ਸਲਾਹ ਦਿੱਤੀ।ਇਸ ਮੌਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ, ਸੀਨੀਅਰ ਮੈਂਬਰ ਕੁਲਮੋਹਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਸਣੇ ਕਈ ਕਮੇਟੀ ਮੈਂਬਰ ਮੌਜ਼ੂਦ ਸਨ।
Punjab Post Daily Online Newspaper & Print Media