Sunday, November 8, 2026

ਡੀ. ਪੀ. ਆਰ ਓ ਦਲਜੀਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਲੋਕ ਸੰਪਰਕ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

PPN211021501
ਅੰਮ੍ਰਿਤਸਰ, 21 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ (ਵਾਧੂ ਚਾਰਜ ਫਰੀਦਕੋਟ) ਸ੍ਰੀ ਦਲਜੀਤ ਸਿੰਘ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ, ਨੂੰ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਨੇੜ੍ਹਲੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੀਆਂ ਬੇਟੀਆਂ ਸ਼ਲਿੰਦਰ ਕੌਰ ਅਤੇ ਮਨਿੰਦਰ ਕੌਰ ਨੇ ਦਿਖਾਈ।
ਜ਼ਿਕਰਯੋਗ ਹੈ ਕਿ ਸ. ਦਲਜੀਤ ਸਿੰਘ (59) ਦੀ ਕੱਲ੍ਹ ਆਪਣੇ ਦਫ਼ਤਰ ਫ਼ਰੀਦਕੋਟ ਵਿਚ ਅਚਾਨਕ ਸਿਹਤ ਨਾਸਾਜ਼ ਹੋਣ ਪਿੱਛੋਂ ਉਨ੍ਹਾਂ ਨੂੰ ਸਿਵਲ ਹਸਪਤਾਲ ਫਰੀਦਕੋਟ ਲਿਜਾਇਆ ਗਿਆ ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੇਟੀਆਂ ਛੱਡ ਗਏ ਹਨ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਤਰਫੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਤਰਫੋਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਪ੍ਰੋ. ਸਰਚਾਂਦ ਸਿੰਘ, ਵਧੀਕ ਮੁੱਖ ਸਕੱਤਰ ਲੋਕ ਸੰਪਰਕ ਸ੍ਰੀ ਕਰਨ ਅਵਤਾਰ ਸਿੰਘ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਰਾਹੁਲ ਤਿਵਾੜੀ ਅਤੇ ਪੰਜਾਬ ਪਬਲਿਕ ਰਿਲੇਸ਼ਨਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ ਸ. ਸਤਨਾਮ ਸਿੰਘ ਛੀਨਾ ਨੇ ਫੁੱਲ ਮਾਲਾਵਾਂ ਭੇਟ ਕੀਤੀਆਂ।
ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ੋਕ ਸੁਨੇਹਿਆਂ ਵਿੱਚ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਦਲਜੀਤ ਸਿੰਘ ਨੇ ਲੋਕ ਸੰਪਰਕ ਵਿਭਾਗ ਵਿਚ ਲੰਮਾਂ ਸਮਾਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਈ। ਉਨ੍ਹਾਂ ਨੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਦੀ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ ਦੀ ਪ੍ਰਾਰਥਨਾ ਕੀਤੀ।  ਇਸੇ ਤਰਾਂ ਪੰਜਾਬ ਦੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸ਼ੋਕ ਸੁਨੇਹੇ ਰਾਹੀਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ. ਦਲਜੀਤ ਸਿੰਘ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਲੰਮਾਂ ਸਮਾਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਨਿੱਜੀ ਤੌਰ ‘ਤੇ ਸ. ਦਲਜੀਤ ਸਿੰਘ ਦੀ ਸੁਪਤਨੀ ਸਰਦਾਰਨੀ ਕੰਵਲਜੀਤ ਕੌਰ ਅਤੇ ਬੇਟੀਆਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਦਲਜੀਤ ਸਿੰਘ ਨੇ ਉਨ੍ਹਾਂ ਨਾਲ ਫ਼ਰੀਦਕੋਟ ਵਿਖੇ ਕੰਮ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਬਹੁਤ ਹੀ ਸਿਆਣੇ ਅਤੇ ਦੂਰ ਦ੍ਰਿਸ਼ਟੀ ਵਾਲੇ ਅਧਿਕਾਰੀ ਸਨ, ਜਿਨ੍ਹਾਂ ਨੇ ਹਮੇਸ਼ਾ ਆਪਣੇ ਕੰਮ ਨਾਲ ਨਿਆਂ ਕੀਤਾ।ਇਸ ਮੌਕੇ ਸ. ਦਲਜੀਤ ਸਿੰਘ ਦੇ ਰਿਸ਼ਤੇਦਾਰਾਂ, ਦੋਸਤਾਂ-ਮਿੱਤਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੱਤਰਕਾਰ ਭਾਈਚਾਰੇ ਨਾਲ ਸਬੰਧਤ ਸ਼ਖਸੀਅਤਾਂ ਹਾਜ਼ਰ ਸਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply