ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਕੀਤੀਆਂ ਭੇਂਟ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਦੇ ਮੌਕੇ ਤੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਿਸ ਅਫਸਰਾਂ ਅਤੇ ਜਵਾਨਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਇੱਕ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ। ਇਸ ਸਮਾਗਮ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਚਰਨਦੇਵ ਸਿੰਘ ਮਾਨ ਨੇ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਸ਼ਹੀਦਾਂ ਨੂੰ ਸੋਗ ਸਲਾਮੀ ਦੇਣ ਲਈ ਕਰਵਾਈ ਗਈ ਪ੍ਰੇਡ ਦੀ ਅਗਵਾਈ ਡੀ.ਐਸ.ਪੀ. ਬੱਲੂਆਣਾ ਸ. ਜਸਵੀਰ ਸਿੰਘ ਪੀ.ਪੀ.ਐਸ ਵੱਲੋਂ ਕੀਤੀ ਗਈ।
ਇਸ ਮੌਕੇ ਸ. ਮਾਨ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਵੀਰਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੁਲਿਸ ਬਲ ਨੂੰ ਸੱਦਾ ਦਿੱਤਾ ਕਿ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਜਾਬ ਪੁਲਿਸ ਲੋਕ ਸੇਵਾ ਪ੍ਰਤੀ ਆਪਣੇ ਆਪ ਨੂੰ ਹੋਰ ਵੀ ਤਨਦੇਹੀ ਨਾਲ ਸਮਰਪਿਤ ਕਰਨਾ ਚਾਹੀਦਾ ਹੈ ਅਤੇ ਪੁਲਿਸ ਦਾ ਦੇਸ਼ ਦੀ ਅੰਦਰੂਨੀ ਸੁੱਰਖਿਆ ਵਿਚ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਪੰਜਾਬ ਪੁਲਿਸ ਦੇ ਗੌਰਵਸ਼ਾਲੀ ਇਤਿਹਾਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫੋਰਸ ਨੇ ਦੇਸ਼ ਦੀ ਏਕਤਾ , ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਦੇਸ਼ ਹਿੱਤ ਵਡੇਰੀਆਂ ਕੁਰਬਾਨੀਆਂ ਕੀਤੀਆਂ ਹਨ, ਜਿਹਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ 11 ਪੁਲਸ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਸ.ਪੀ. ( ਐਚ) ਸ੍ਰੀ ਧਰਮਵੀਰ ਸਿੰਘ ਪੀ.ਪੀ.ਐਸ., ਐਸ. ਪੀ. ਅਬੋਹਰ ਸ਼੍ਰੀ ਹਰਜੀਤ ਸਿੰਘ ਆਈ. ਪੀ. ਐਸ. , ਡੀ.ਐਸ.ਪੀ. ਜਲਾਲਾਬਾਦ ਸ. ਹਰਜਿੰਦਰ ਸਿੰਘ, ਡੀ.ਐਸ.ਪੀ. ਹੈਡਕੁਆਰਟਰ ਸ. ਬਲਜੀਤ ਸਿੰਘ, ਡੀ.ਐਸ.ਪੀ. ਫਾਜ਼ਿਲਕਾ ਸ. ਗੁਰਮੀਤ ਸਿੰਘ, ਡੀ.ਐਸ.ਪੀ. ਅਬੋਹਰ ਸ੍ਰੀ ਗੁਰਭੇਜ ਸਿੰਘ, ਇੰਸਪੈਕਟਰ ਸ਼੍ਰੀ ਸੁਰਿੰਦਰ ਕੁਮਾਰ ਇੰਚਾਰਜ ਸਕਿਊਰਿਟੀ ਤੋਂ ਇਲਾਵਾ ਹੋਰ ਵੀ ਪੁਲਸ ਅਧਿਕਾਰੀ ਹਾਜਰ ਸਨ ।
Punjab Post Daily Online Newspaper & Print Media