Thursday, July 23, 2026

ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਬਟਾਲਾ ਪੁਲਿਸ ਨੇ ਦਿੱਤੀ ਸ਼ਰਧਾਂਜਲੀ

PPN211021516

ਬਟਾਲਾ, 21 ਅਕਤੂਬਰ (ਨਰਿੰਦਰ ਸਿੰਘ ਬਰਨਾਲ) – ਪੰਜਾਬ ਪੁਲਸ ਦੇ ਬਹਾਦਰ ਜਵਾਨਾਂ ਨੇ ਸੂਬੇ ਤੇ ਦੇਸ਼ ‘ਚ ਅਮਨ-ਸ਼ਾਂਤੀ ਅਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਫੁੱਟਪਾਊ ਤਾਕਤਾਂ ਦੇ ਮਨਸੂਬੇ ਨਾਕਾਮ ਕਰਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ।ਪੰਜਾਬ ਪੁਲਸ ਉਨ੍ਹਾਂ ਮਹਾਨ ਯੋਧਿਆਂ ਦੀ ਸ਼ਹਾਦਤ ਨੂੰ ਸਿਜ਼ਦਾ ਕਰਦੀ ਹੋਈ ਇਹ ਪ੍ਰਣ ਕਰਦੀ ਹੈ ਕਿ ਪੁਲਿਸ ਦਾ ਹਰੇਕ ਜਵਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਰ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਹਮੇਸ਼ਾਂ ਤਿਆਰ ਰਹੇਗਾ।ਇਹ ਪ੍ਰਗਟਾਵਾ ਐੱਸ.ਐੱਸ.ਪੀ. ਬਟਾਲਾ ਸ. ਦਿਲਜਿੰਦਰ ਸਿੰਘ ਢਿਲੋਂ ਨੇ ਅੱਜ ਸਥਾਨਕ ਪੁਲਸ ਲਾਈਨ ਵਿਖੇ ਸੋਗ ਪਰੇਡ ਦਿਵਸ (ਪੁਲਿਸ ਕੋਮੈਮੋਰੇਸ਼ਨ ਡੇਅ ਪਰੇਡ) ਮੌਕੇ ਸ਼ਹੀਦ ਹੋਏ ਪੰਜਾਬ ਪੁਲਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਆਪਣੇ ਸੰਬੋਧਨ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਅੱਜ ਦੇ ਦਿਨ 21 ਅਕਤੂਬਰ 1959 ਨੂੰ  ਲਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ ‘ਤੇ ਪੈਟਰੋਲਿੰਗ ਕਰ ਰਹੀ ਸੀ.ਆਰ.ਪੀ.ਐੱਫ ਦੀ ਟੁੱਕੜੀ ‘ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ ਜਿਸਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਇਹ ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ। ਸ. ਢਿਲੋਂ ਨੇ ਦੱਸਿਆ ਕਿ ਉਨ੍ਹਾਂ ਸ਼ਹੀਦਾਂ ਦੀ ਯਾਦ ਵਿਚ ਸਾਲ 1960 ਤੋਂ ਦੇਸ਼ ਦੀਆਂ ਸਾਰੀਆਂ ਪੁਲਿਸ ਫੋਰਸਿਜ਼, ਸੁਰੱਖਿਆ ਬਲਾਂ ਵਲੋਂ ਲਏ ਗਏ ਫੈਸਲੇ ਮੁਤਾਬਕ ਹਰ ਸਾਲ 21 ਅਕਤੂਬਰ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ।
ਐੱਸ.ਐੱਸ.ਪੀ. ਸ. ਦਿਲਜਿੰਦਰ ਸਿੰਘ ਢਿਲੋਂ ਨੇ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਪੂਰਾ ਦੇਸ਼ ਹਮੇਸ਼ਾਂ ਆਪਣੇ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਦੇ ਬਹਾਦਰ ਜਵਾਨਾਂ ਨੇ ਸੂਬੇ ਵਿੱਚ ਏਕਤਾ ਤੇ ਅਖੰਡਤਾ ਕਾਇਮ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ ਅਤੇ ਬਟਾਲਾ ਪੁਲਿਸ ਦੇ 117 ਜਵਾਨਾਂ ਨੇ ਅੱਤਵਾਦ ਦੌਰਾਨ ਆਪਣੀਆਂ ਜਾਨਾਂ ਵਾਰ ਕੇ ਸ਼ਹਾਦਤਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਜੇਕਰ ਕਿਸੇ ਸ਼ਹੀਦ ਪਰਿਵਾਰ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ‘ਚ ਲਿਆਂਦੀ ਜਾ ਸਕਦੀ ਹੈ। ਇਸੇ ਦੌਰਾਨ ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਵ ਅਰੋੜਾ ਨੇ ਵੀ ਆਪਣੇ ਸੰਬੋਧਨ ‘ਚ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ।
ਇਸ ਤੋਂ ਪਹਿਲਾਂ ਐੱਸ.ਐਸ.ਪੀ. ਬਟਾਲਾ ਸ. ਦਿਲਜਿੰਦਰ ਸਿੰਘ ਢਿਲੋਂ ਨੇ ਸ਼ਹੀਦੀ ਸਮਾਰਕ ‘ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਐੱਸ.ਪੀ. (ਹੈੱਡਕੁਆਟਰ) ਸ. ਜਤਿੰਦਰ ਸਿੰਘ ਮੰਡ, ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਵ ਅਰੋੜਾ, ਡੀ.ਐੱਸ.ਪੀ. ਜੇ.ਐੱਸ. ਸੰਧੂ, ਡੀ.ਐੱਸ.ਪੀ. ਹਰੀਸ਼ਰਨ ਸ਼ਰਮਾਂ, ਡੀ.ਐੱਸ.ਪੀ. ਦਿਲਬਾਗ ਸਿੰਘ, ਪੁਲਿਸ ਜ਼ਿਲ੍ਹਾ ਬਟਾਲਾ ਦੇ ਸਮੂਹ ਥਾਣਿਆਂ ਦੇ ਐੱਸ.ਐੱਚ.ਓਜ. ਅਤੇ ਸ਼ਹੀਦ ਪਰਿਵਾਰਾਂ ਵੱਲੋਂ ਸ਼ਹੀਦੀ ਸਮਾਰਕ ‘ਤੇ ਫੁੱਲ ਚੜ੍ਹਾ ਕੇ ਸ਼ਹੀਦਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਗਈ। ਡੀ.ਐੱਸ.ਪੀ. ਸ. ਕ੍ਰਿਪਾਲ ਸਿੰਘ ਚਾਹਲ ਦੀ ਅਗਵਾਈ ਹੇਠ ਬਟਾਲਾ ਪੁਲਿਸ ਦੇ ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਸ਼ਹੀਦ ਅਫਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਡੀ.ਐੱਸ.ਪੀ. ਸ. ਦਿਲਬਾਗ ਸਿੰਘ ਪਿਛਲੇ ਸਾਲ ਦੌਰਾਨ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ 434 ਅਫਸਰਾਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ। ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਢਿਲੋਂ ਨੇ ਸ਼ਹੀਦ ਪੁਿਲਸ ਜਵਾਨਾਂ ਦੇ ਪਰਿਵਾਰਾਂ ਦਾ ਮਾਣ-ਸਨਮਾਨ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply