ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) -ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਗਿਆਨੀ ਰਾਮ ਸਿੰਘ ਖਾਲਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਤਖਤਾਂ ਦੇ ਜਥੈਦਾਰਾਂ ਨੂੰ ਸਾਰੀਆਂ ਸੇਵਾਵਾਂ ਤੋਂ ਫਾਰਗ ਕਰਨ ਦੇ ਦਿੱਤੇ ਆਦੇਸ਼ ਦਾ ਸਵਾਗਤ ਕਰਧਿਆਂ ਇਸ ਨੂੰ ਸਹੀ ਕਰਾਰ ਦਿੱਤਾ ਹੈ।ਅੱਜ ਆਪਣੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਾਮ ਸਿੰਘ ਨੇ ਕਿਹਾ ਕਿ ਪੰਚ ਪਰਧਾਨੀ ਮਰਿਆਦਾ ਗੁਰੁ ਖਾਲਸੇ ਦੀ ਅਜਿਹੀ ਪ੍ਰੰਪਰਾ ਅਤੇ ਸੰਸਥਾ ਹੈ ਜਿਸ ਤੋਂ ਕਦੇ ਵੀ ਮੁਨਕਰ ਨਹੀ ਹੋਇਆ ਜਾ ਸਕਦਾ।ਇਸ ਬਾਬਤ ਇਤਿਹਾਸਕ ਹਵਾਲੇ ਦਿੰਦਿਆਂ ਉਨਾਂ ਕਿਹਾ ਕਿ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਵਡਿਆਈ ਦੇਂਦਿਆਂ ਆਪ ਪੰਜਾਂ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨੀ, ਚਮਕੌਰ ਦੀ ਗੜ੍ਹੀ ਵਿੱਚ ਅਤੇ ਦਾਦੂ ਦੀ ਕਬਰ ਵੱਲ ਸੰਕੇਤਕ ਤੀਰ ਛੱਡਣ ਸਮੇਂ ਪੰਜਾ ਪਿਆਰਿਆਂ ਦਾ ਹੁਕਮ ਮੰਨਣਾ ਅਹਿਮਘਟਨਾਵਾਂ ਹਨ।ਗਿਆਨੀ ਰਾਮ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਹੀ ਗਿਆਨੀ ਗੁਰਬਚਨ ਸਿੰਘ ਵਲੋਂ ਪੰਜ ਪਿਆਰਿਆਂ ਦੇ ਫੈਸਲੇ ਨੁੰ ਝੁਠਲਾਉਣ ਦੀ ਜੋ ਕੋਸ਼ਿਸ਼ ਕੀਤੀ ਗਈ ਹੈ, ਉਸ ਨੂੰ ਠੀਕ ਨਹੀ ਕਿਹਾ ਜਾ ਸਕਦਾ ਕਿਉਂਕਿ ਗਿਆਨੀ ਗੁਰਬਚਨ ਸਿੰਘ ਸ਼ਾਇਦ ਭੁੱਲ ਗਏ ਹਨ ਕਿ ਖੇਤਰੀ ਮਸਲਿਆਂ ਦਾ ਨਿਪਟਾਰਾ ਤਖਤ ਸ੍ਰੀ ਪਟਨਾ ਸਾਹਿਬ ਅਤੇ ਤਖਤ ਹਜ਼ੂਰ ਸਾਹਿਬ ਦੇ ਪੰਜ ਪਿਆਰੇ ਹੀ ਕਰਦੇ ਹਨ।ਉਨਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਪੰਜ ਪਿਆਰਿਆਂ ਦੇ ਅੱਜ ਦੇ ਆਦੇਸ਼ ਨੂੰ ਰੱਦ ਕਰਨ ਦੇ ਬਿਆਨ ਨੂੰ ਮੰਦਭਾਗਾ ਕਰਾਰ ਦਿੱਤਾ।
Check Also
ਸ਼ਹੀਦੀ ਸ਼ਤਾਬਦੀਆਂ ਨੂੰ ਸਮਰਪਿਤ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ …
Punjab Post Daily Online Newspaper & Print Media