ਪਾਵਨ ਸਰੂਪਾਂ ਦੀ ਬੇਅਦਬੀ ਦੇ ਪਸ਼ਚਾਤਾਪ ਵੱਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਨਵੀਂ ਦਿੱਲੀ, 23 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬੀਤੇ ਦਿਨੀਂ ਪੰਜਾਬ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਪਸ਼ਚਾਤਾਪ ਵੱਜੋਂ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਕਮੇਟੀ ਵੱਲੋੋਂ ਪਾਵਨ ਸਰੂਪਾਂ ਦੀ ਬੇਅਦਬੀ ਤੇ ਪਸ਼ਚਾਤਾਪ, ਸ਼ਹੀਦ ਹੋਏ ਸਿੰਘਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀਆਂ ਦੀ ਛੇਤੀ ਸਿਹਤਯਾਬੀ ਲਈ ਉਕਤ ਅਖੰਡ ਪਾਠ ਸਾਹਿਬ ਰਖਵਾਏ ਗਏ ਸੀ।ਹੈਡ ਗ੍ਰੰਥੀ ਭਾਈ ਰਣਜੀਤ ਸਿੰਘ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਸ਼ਹੀਦ ਹੋਏ ਸਿੰਘਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਵੀ ਕੀਤੀ।
ਮੌਜੂਦ ਸੰਗਤਾਂ ਨੂੰ ਇਸ ਮੌਕੇ ਸੰਬੋਧਤ ਕਰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬੀਤੇ ਦਿਨੀਂ ਵਾਪਰੀ ਇਸ ਘਟਨਾਂ ਕਰਕੇ ਸਿਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਢਾਹ ਲਗਣ ਦੀ ਗੱਲ ਕਹੀ।ਇਸ ਮੰਦਭਾਗੀ ਘਟਨਾ ਤੇ ਦਿੱਲੀ ਕਮੇਟੀ ਵੱਲੋਂ ਕੀਤੀ ਗਈ ਪਹਿਲਕਦਮੀ ਦੀ ਜਾਣਕਾਰੀ ਵੀ ਜੀ.ਕੇ. ਨੇ ਸੰਗਤਾਂ ਸਾਹਮਣੇ ਰੱਖੀ। ਜੀ.ਕੇ. ਨੇ ਕਿਹਾ ਕਿ ਪੰਜਾਬ ਦੇ ਉਪ ਮੁਖਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਦੋਸ਼ੀਆਂ ਦੇ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕਮੇਟੀ ਵੱਲੋਂ ਕੀਤੀ ਗਈ ਸੀ, ਜਿਸ ਤੇ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਐਸ.ਐਸ.ਪੀ. ਫਰੀਦਕੋਟ ਨੂੰ ਮੁਹੱਤਲ ਕੀਤਾ ਜਾ ਚੁੱਕਿਆ ਹੈ ਅਤੇ ਕੋਟਕਪੂਰਾ ਵਿੱਖੇ ਗੋਲੀ ਚਲਾਉਣ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਦੇ ਖਿਲਾਫ਼ ਪਰਚੇ ਵੀ ਦਰਜ ਕੀਤੇ ਜਾ ਰਹੇ ਹਨ।
ਜੀ.ਕੇ ਨੇ ਕੌਮ ਦੀ ਇਸ ਔਖੀ ਘੜੀ ਵਿੱਚ ਸਮੂਹ ਸੰਗਤਾਂ ਨੂੰ ਇੱਕਜੁਟ ਹੋਣ ਦਾ ਵੀ ਸੱਦਾ ਦਿੱਤਾ। ਨੌਜਵਾਨਾਂ ਨੂੰ ਇਸ ਮਸਲੇ ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦੇ ਹੋਏ ਜੀ.ਕੇ. ਨੇ ਕੌਮ ਵਿੱਚ ਪਾੜ ਪਾਉਣ ਵਾਸਤੇ ਵਿਦੇਸ਼ੀ ਅਤੇ ਦੇਸ਼ੀ ਏਜੰਸੀਆਂ ਵੱਲੋਂ ਉਕਤ ਘਟਨਾਵਾਂ ਨੂੰ ਅੰਜਾਮ ਦੇਣ ਦਾ ਵੀ ਦਾਅਵਾ ਕੀਤਾ। ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਗੋਲੀ ਕਾਂਡ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਖਤ ਸਜਾ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਦੀ ਆਸ਼ ਜਤਾਉਂਦੇ ਹੋਏ ਪੰਜਾਬ ਵਿੱਚ ਅਮਨ ਸ਼ਾਂਤੀ ਦੀ ਬਹਾਲੀ ਲਈ ਸੰਗਤਾਂ ਨੂੰ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਵਾਸਤੇ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਦੀ ਵੀ ਸਿਰਸਾ ਨੇ ਸਲਾਘਾ ਕੀਤੀ।ਸਿਰਸਾ ਨੇ ਸਮੂਹ ਸਿੰਘ ਸਭਾਵਾਂ ਨੂੰ ਗੁਰੂ ਘਰਾਂ ਵਿੱਚ ਸੁਰੱਖਿਆ ਅਤੇ ਨਿਗਰਾਨੀ ਮਜਬੂਤ ਕਰਨ ਦੀ ਵੀ ਸਲਾਹ ਦਿੱਤੀ। ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ,ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਕਮੇਟੀ ਮੈਂਬਰ ਕੁਲਮੋਹਨ ਸਿੰਘ, ਗੁਰਮੀਤ ਸਿੰਘ ਮੀਤਾ, ਚਮਨ ਸਿੰਘ, ਰਵੇਲ ਸਿੰਘ, ਬੀਬੀ ਧੀਰਜ ਕੌਰ ਅਤੇ ਅਕਾਲੀ ਆਗੂ ਵਿਕਰਮ ਸਿੰਘ ਮੌਜੂਦ ਸਨ।
Punjab Post Daily Online Newspaper & Print Media
