
ਹੁਸ਼ਿਆਰਪੁਰ, 24 ਅਕਤੂਬਰ (ਸਤਵਿੰਦਰ ਸਿੰਘ)- ਸਥਾਨਕ ਇਤਿਹਾਸਕ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਵਿਖੇ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਜੇਲ੍ਹਾਂ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਸ਼੍ਰੀ ਸੋਹਣ ਸਿੰਘ ਠੰਡਲ, ਕੇਂਦਰੀ ਮੰਤਰੀ ਸ਼੍ਰੀ ਵਿਜੈ ਸਾਂਪਲਾ, ਰਾਜ ਸਭਾ ਮੈਂਬਰ ਸ਼੍ਰੀ ਅਵਿਨਾਸ਼ ਰਾਏ ਖੰਨਾ, ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਅਤੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਸ਼੍ਰੀ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਦੋਆਬਾ ਜ਼ੋਨ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ਼੍ਰੀ ਸਰਬਜੋਤ ਸਿੰਘ ਸਾਬੀ ਨੇ ਗੁਰੂ ਦੇ ਚਰਨਾਂ ਵਿਚ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਅਮਨ-ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਨੂੰ ਹਰ ਹਾਲ ਵਿਚ ਬਹਾਲ ਰੱਖਿਆ ਜਾਵੇਗਾ। ਉਨ੍ਹਾਂ ਸਿੱਖ ਸੰਗਠਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਵਿਗਾੜਨ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ, ਤਾਂ ਜੋ ਸੂਬੇ ਵਿਚ ਸ਼ਾਂਤੀ ਬਰਕਰਾਰ ਰਹਿ ਸਕੇ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਦੇ ਮਾਮਲੇ ਵਿਚ ਕੋਈ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਗਲਤ ਕੰਮ ਕਰਦਾ ਹੈ, ਤਾਂ ਅਜਿਹੇ ਸ਼ਰਾਰਤੀ ਅਨਸਰ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਸ਼੍ਰੀ ਠੰਡਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਹਾਲਾਤ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਪਾਠ ਕਰਵਾਏ ਜਾ ਰਹੇ ਹਨ। ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਵਿਜੈ ਸਾਂਪਲਾ, ਰਾਜ ਸਭਾ ਮੈਂਬਰ ਸ਼੍ਰੀ ਅਵਿਨਾਸ਼ ਰਾਏ ਖੰਨਾ, ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਅਤੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਸ਼੍ਰੀ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਵੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਲਈ ਹਰੇਕ ਵਿਅਕਤੀ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਆਪਸੀ ਸਾਂਝ ਬਣਾਈ ਰੱਖਣ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ। ਉਨ੍ਹਾਂ ਇਸ ਸਮਾਗਮ ਵਿਚ ਸ਼ਿਰਕਤ ਕਰਨ ਲਈ ਸਮੁੱਚੀ ਸੰਗਤ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ਼੍ਰੀ ਹਰਜਿੰਦਰ ਸਿੰਘ ਧਾਮੀ, ਡਾ. ਜੰਗ ਬਹਾਦਰ ਰਾਏ ਅਤੇ ਸ਼੍ਰੀ ਰਵਿੰਦਰ ਸਿੰਘ ਚੱਕ ਤੋਂ ਇਲਾਵਾ ਹਲਕਾ ਇੰਚਾਰਜ ਟਾਂਡਾ ਸ਼੍ਰੀ ਰਵਿੰਦਰ ਸਿੰਘ ਰਸੂਲਪੁਰ, ਮਾਰਕੀਟ ਕਮੇਟੀ ਚੇਅਰਮੈਨ ਸ਼੍ਰੀ ਅਵਤਾਰ ਸਿੰਘ ਜੌਹਲ, ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਸ਼੍ਰੀ ਸਤਵਿੰਦਰ ਪਾਲ ਸਿੰਘ ਢੱਟ ਅਤੇ ਸੀਨੀਅਰ ਡਿਪਟੀ ਮੇਅਰ ਸ਼੍ਰੀ ਪ੍ਰੇਮ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Punjab Post Daily Online Newspaper & Print Media