
ਜੰਡਿਆਲਾ ਗੁਰੂ, 24 ਅਕਤੂਬਰ (ਹਰਿੰਦਰਪਾਲ ਸਿੰਘ) – ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਹੋ ਰਹੀ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਸਮੁੱਚੀਆਂ ਪੰਥਕ ਧਿਰਾਂ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ, ਸੇਵਾ ਸੋਸਾਇਟੀਆ, ਕਥਾਵਾਚਕਾਂ ਵਲੋਂ ਪਿੰਡਾਂ ਦੇ ਹਰ ਇਕ ਗੁਰਦੁਆਰਾ ਸਾਹਿਬ ਵਿੱਚ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕੈਮਰੇ ਲਗਾਉਣ ਅਤੇ ਪਹਿਰਾ ਲਗਾਉਣ ਲਈ ਬੇਨਤੀਆਂ ਕੀਤੀਆਂ ਜਾ ਰਹੀਆਂ ਸੀ। ਅੱਜ ਪਿੰਡ ਦੇਵੀਦਾਸਪੁਰਾ ਜੰਡਿਆਲਾ ਗੁਰੁ ਦੇ ਪਿੰਡ ਵਿੱਚ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੇਅਦਬੀ ਦੇ ਰੋਸ ਵਜੋਂ ਸ਼੍ਰੀ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੋਕੇ ਵਿਸ਼ੇਸ਼ ਤੋਰ ਤੇ ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਵਲੋਂ ਦਿੱਤੇ ਸਹਿਯੋਗ ਨਾਲ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿੱਚ ਸੀ ਸੀ ਟੀ ਵੀ ਕੈਮਰੇ ਲਗਾਉਣ ਦੀ ਸੇਵਾ ਕੀਤੀ ਗਈ । ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਚੇਅਰਮੈਨ ਫਤਿਹ ਅਕੈਡਮੀ ਸ੍ਰ: ਜਗਬੀਰ ਸਿੰਘ ਨੇ ਕਿਹਾ ਕਿ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਦੀ ਜਿੰਮੇਦਾਰੀ ਬਣਦੀ ਹੈ ਕਿ ਇਸਦੀ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ ਕਰਨ ਵਾਲਾ ਕਾਨੂੰਨ ਲਾਗੂ ਕਰਵਾਏ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਰਗਾੜੀ ਕਾਂਡ ਕੋਟਕਪੁਰਾ ਫੜੇ ਦੋ ਬੇਦੋਸ਼ੇ ਗੁਰਸਿੱਖ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਅਸਲੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।ਇਸ ਮੋਕੇ ਹੋਰਨਾਂ ਤੋਂ ਇਲਾਵਾ ਗਿਆਨੀ ਹਰਜੀਤ ਸਿੰਘ ਗ੍ਰੰਥੀ, ਮੇਜਰ ਸਿੰਘ, ਹਰਸਿਮਰਜੋਤ ਸਿੰਘ, ਜਸਜੀਤ ਸਿੰਘ, ਦਿਲਬਾਗ ਸਿੰਘ, ਮਲਜਿੰਦਰ ਸਿੰਘ, ਸਰਪੰਚ ਹਰਪਾਲ ਸਿੰਘ ਆਦਿ ਮੋਜੂਦ ਸਨ।
Punjab Post Daily Online Newspaper & Print Media