Tuesday, April 28, 2026

ਫਾਜ਼ਿਲਕਾ ਬਲਾਕ ਦੇ 112 ਪਿੰਡਾਂ ਵਿਚ ਮਗਨਰੇਗਾ ਸਕੀਮ ਤਹਿਤ ਤੇਜੀ ਨਾਲ ਹੋਣਗੇ ਵਿਕਾਸ ਕੰਮ – ਜਿਆਣੀ

PPN2610201518

ਫਾਜ਼ਿਲਕਾ, 26 ਅਕਤੂਬਰ (ਪ.ਪ)- ਭਾਰਤ ਸਰਕਾਰ ਵੱਲੋਂ ਚਲਾਈ ਗਈ ਮਹਾਤਮਾ ਗਾਂਧੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ ਪਿੰਡਾਂ ਦੇ ਵਿਕਾਸ ਲਈ ਬਹੁਤ ਹੀ ਲਾਹੇਵੰਦ ਹੈ। ਫਾਜ਼ਿਲਕਾ ਬਲਾਕ ਦੇ 112 ਪਿੰਡਾਂ ਵਿਚ ਇਸ ਸਕੀਮ ਨੂੰ ਹੋਰ ਗਤੀ ਦੇਣ ਅਤੇ ਵਿਕਾਸ ਦੀ ਗਤੀ ਨੂੰ ਤੇਜ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ। ਇਸ ਨਾਲ ਪਿੰਡਾਂ ਦਾ ਵਿਕਾਸ ਹੀ ਨਹੀਂ ਹੋਵੇਗਾ ਬਲਕਿ ਪਿੰਡਾਂ ਦੇ ਲੋਕਾਂ ਦੀਆਂ ਸਾਂਝੀਆਂ ਸਮੱਸਿਆਵਾਂ ਨੂੰ ਖ਼ਤਮ ਕੀਤਾ ਜਾ ਸਕੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਇੱਥੇ ਪ੍ਰਸ਼ਾਸਨਿਕ ਅਧਿਕਾਰੀਆਂ , ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮੰਤੀ ਮੈਂਬਰਾਂ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਨਾਲ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ.,ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਿਪੁਲ ਉਜਵਲ, ਮੈਡਮ ਅਮ੍ਰਿਤ ਅੰਡਰ ਟ੍ਰੇਨਿੰਗ, ਆਈ.ਏ.ਐਸ. ਡੀ.ਡੀ.ਪੀ. ਓ ਸ. ਜਤਿੰਦਰ ਸਿੰਘ ਬਰਾੜ, ਸ਼੍ਰੀ ਰਾਕੇਸ਼ ਸਹਿਗਲ ਅਤੇ ਹੋਰ ਅਧਿਕਾਰੀ ਹਾਜਰ ਸਨ।
ਸ਼੍ਰੀ ਜਿਆਣੀ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਦੀ ਗਤੀ ਨੂੰ ਤੇਜ ਕਰਨ ਲਈ ਪਿੰਡਾਂ ਵਿਚ ਨਰੇਗਾ ਸਕੀਮ ਅਧੀਨ ਕੰਮ ਨੂੰ ਤੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਦਿੱਖ ਸੁਧਾਰਨ ਲਈ ਨਰੇਗਾ ਸਕੀਮ ਤਹਿਤ ਪਿੰਡਾਂ ਦੀਆਂ ਗਲੀਆਂ, ਨਾਲੀਆਂ ਦੀ ਸਫ਼ਾਈ ਅਤੇ ਛੱਪੜਾਂ ਆਦਿ ਦੀ ਸਫ਼ਾਈ ਕਰਵਾਈ ਜਾਵੇ ਅਤੇ ਪਿੰਡਾਂ ਵਿਚੋਂ ਗੰਦੇ ਪਾਣੀ ਦੀ ਨਿਕਾਸੀ ਲਈ ਇਸ ਸਕੀਮ ਅਧੀਨ ਕੰਮ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਵੱਛ ਭਾਰਤ ਅਭਿਆਨ ਨੂੰ ਇਸ ਸਕੀਮ ਨਾਲ ਵੀ ਪੂਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਛਾਂਦਾਰ ਬੂਟੇ ਲਗਾਉਣ ਲਈ ਖਾਕਾ ਉਲੀਕਿਆ ਜਾਵੇ ਅਤੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਰਾਬਤਾ ਕਾਇਮ ਕਰਕੇ ਪਿੰਡਾਂ ਵਿਚ ਰੁੱਖ ਲਗਾਏ ਜਾਣ। ਇਸ ਨਾਲ ਪਿੰਡਾਂ ਦੀ ਦਿੱਖ ਵਿਚ ਸੁਧਾਰ ਆਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪਿੰਡਾਂ ਵਿਚ ਬਣਨ ਵਾਲੇ ਰਾਜੀਵ ਗਾਂਧੀ ਸੇਵਾ ਕੇਂਦਰਾਂ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਇਸ ਯੋਜਨਾ ਨਾਲ ਜਿੱਥੇ ਪਿੰਡਾਂ ਦੇ ਮਜ਼ਦੂਰ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਉੱਥੇ ਹੀ ਇਸ ਨਾਲ ਪਿੰਡਾਂ ਦੀ ਦਸ਼ਾ ਵੀ ਬਦਲੇਗੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਵਿਪੁਲ ਉਜਵਲ ਵੱਲੋਂ ਨਰੇਗਾ ਸਕੀਮ ਤਹਿਤ ਪਿੰਡਾਂ ਵਿਚ ਹੋ ਸਕਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਉਜਵਲ ਨੇ ਦੱਸਿਆ ਕਿ ਜਲਦ ਹੀ ਪਿੰਡਾਂ ਵਿਚ ਗਲੀਆਂ ਨਾਲੀਆਂ ਅਤੇ ਹੋਰ ਕੰਮਾਂ ਲਈ ਵਰਤੋਂ ਵਿਚ ਆਉਣ ਵਾਲੀਆਂ ਸੀਮਿੰਟਿੰਡ ਇੱਟਾਂ ਨਰੇਗਾ ਸਕੀਮ ਤਹਿਤ ਬਣਾਉਣ ਦਾ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕੰਮ ਨਰੇਗਾ ਸਕੀਮ ਤਹਿਤ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਫਾਜ਼ਿਲਕਾ ਦੇ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਵਿਕਾਸ ਲਈ ਨਰੇਗਾ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਪਿੰਡ ਦੀ ਦਿੱਖ ਬਦਲ ਸਕਦੇ ਹਨ।  ਮੀਟਿੰਗ ਦੌਰਾਨ ਸ਼੍ਰੀ ਜਿਆਣੀ ਨੇ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਆਦੇਸ਼ ਦਿੱਤੇ ਕਿ ਉਹ ਪਿੰਡਾਂ ਦੇ ਵਿਕਾਸ ਲਈ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ। ਇਸ ਮੌਕੇ ਉਨ੍ਹਾਂ ਨਰੇਗਾ ਸਟਾਫ਼ ਦੀ ਘਾਟ ਨੂੰ ਵੀ ਪੂਰਾ ਕਰਨ ਦੇ ਆਦੇਸ਼ ਦਿੱਤੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply