
ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ)- ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਪ੍ਰਧਾਨ ਸ. ਰਜਿੰਦਰ ਸਿੰਘ ਮਰਵਾਹ ਦੇ ਮਾਤਾ ਬੀਬੀ ਸੁਰਿੰਦਰ ਕੌਰ ਮਰਵਾਹ, ਜਿਹੜੇ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅੱਜ ਭਾਈ ਵੀਰ ਸਿੰਘ ਹਾਲ, ਲਾਰੈਂਸ ਰੋਡ ਵਿਖੇ ਹੋਈ। ਇਸ ਦੌਰਾਨ ਸਵਰਗੀ ਮਾਤਾ ਸੁਰਿੰਦਰ ਕੌਰ ਮਰਵਾਹ ਨੂੰ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।
ਵੱਖ-ਵੱਖ ਬੁਲਾਰਿਆਂ ਨੇ ਇਸ ਮੌਕੇ ਬੀਬੀ ਸੁਰਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹ ਬਹੁਤ ਧਾਰਮਿਕ ਬਿਰਤੀ ਵਾਲੇ ਸਨ, ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਵੀ ਚੰਗੇ ਸੰਸਕਾਰ ਦਿੱਤੇ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ, ਪ੍ਰਧਾਨ ਸ਼ੋਮਣੀ ਕਮੇਟੀ ਜਥੇ: ਅਵਤਾਰ ਸਿੰਘ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੋਕ ਸੰਦੇਸ਼ ਭੇਜੇ ਗਏ। ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ਵਿਚ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ, ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ. ਬਲਜੀਤ ਸਿੰਘ ਜਲਾਲਉਸਮਾ, ਡੀ. ਆਈ. ਜੀ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤ, ਭਾਈ ਰਾਮ ਸਿੰਘ ਅਤੇ ਬੀਬੀ ਕਿਰਨਜੋਤ ਕੌਰ, ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਸੀਨੀਅਰ ਡਿਪਟੀ ਮੇਅਰ ਸ. ਅਵਤਾਰ ਸਿੰਘ ਟਰੱਕਾਂਵਾਲਾ, ਤਲਬੀਰ ਸਿੰਘ ਗਿੱਲ, ਨਵਦੀਪ ਸਿੰਘ ਗੋਲਡੀ, ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਵਿਧਾਇਕ ਮਲਕੀਤ ਸਿੰਘ ਏ ਆਰ, ਬਾਵਾ ਸਿੰਘ ਗੁਮਾਨਪੁਰਾ, ਸਾਬਕਾ ਮੇਟਰ ਸ਼ਵੇਤ ਮਲਿਕ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਅਤੇ ਹੋਰ ਸ਼ਖਸੀਅਤਾਂ ਸ਼ਾਮਿਲ ਸਨ। ਇਸ ਮੌਕੇ ਵਪਾਰ ਯੂਨੀਅਨਾਂ ਅਤੇ ਹੋਰ ਸੰਸਥਾਵਾਂ ਵੱਲੋਂ ਸ਼ੋਕ ਸੰਦੇਸ਼ ਭੇਜੇ ਗਏ।
Punjab Post Daily Online Newspaper & Print Media