ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਕਿਲ ਕੇ ਕਰ ਰਹੀ ਹੈ ਲੋਕਾਂ ਦੀ ਸੇਵਾ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਮੌਜੂਦਾ ਹਾਲਾਤ ਵਿੱਚ ਭਾਰਤ ਨੂੰ ਸੰਗਠਿਤ ਰੱਖਣ ਅਤੇ ਇਸ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਨਕਸ਼ੇ ਕਦਮਾਂ ‘ਤੇ ਚੱਲਣ ਦੀ ਲੋੜ ਹੈ। ਇਹ ਪ੍ਰਗਟਾਵਾ ਅੱਜ ਸਥਾਨਕ ਆਰਟ ਗੈਲਰੀ ਵਿਖੇ ਕੇਂਦਰੀ ਰੱਖਿਆ ਰਾਜ ਮੰਤਰੀ ਸ੍ਰੀ ਰਾਓ ਇੰਦਰਜੀਤ ਸਿੰਘ ਨੇ ਕੌਮੀ ਏਕਤਾ ਦਿਵਸ ਸਬੰਧੀ ਕਰਵਾਏ ਸਮਾਗਮ ਦੌਰਾਨ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਭਾਜਪਾ ਪੰਜਾਬ ਦੇ ਉਪ ਪ੍ਰਧਾਨ ਸ. ਰਜਿੰਦਰ ਮੋਹਨ ਸਿੰਘ ਛੀਨਾ ਅਤੇ ਸ੍ਰੀ ਕੇਵਲ ਗਿੱਲ, ਸਾਬਕਾ ਕੈਬਨਿਟ ਮੰਤਰੀ ਸ੍ਰੀ ਬਲਦੇਵ ਰਾਜ ਚਾਵਲਾ, ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰੀ ਨਰੇਸ਼ ਸ਼ਰਮਾ, ਉਪ ਚੇਅਰਮੈਨ ਜੰਗਲਾਤ ਵਿਭਾਗ ਮੈਡਮ ਰੀਨਾ ਜੇਤਲੀ, ਸ੍ਰੀ ਸੁਰਿੰਦਰ ਸ਼ਰਮਾ, ਸ੍ਰੀ ਚਰਨਜੀਤ ਸਿੰਘ ਕਾਕਾ, ਸ੍ਰੀ ਪਿੰਟੂ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ ਸ੍ਰੀ ਰਾਓ ਨੇ ਹਾਜ਼ਰੀਨ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦੀ ਸਹੁੰ ਵੀ ਚੁਕਾਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਓ ਇੰਦਰਜੀਤ ਸਿੰਘ ਨੇ ਕਿਹਾ ਕਿ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ 140ਵੇਂ ਜਨਮ ਦਿਵਸ ਨੂੰ ਭਾਰਤ ਸਰਕਾਰ ਵੱਲੋਂ ਮੁਲਕ ਭਰ ਵਿਚ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਸਰਦਾਰ ਵੱਲਭ ਭਾਈ ਪਟੇਲ ਵੱਲੋਂ ਆਜ਼ਾਦੀ ਸੰਘਰਸ਼ ਵਿਚ ਨਿਭਾਈੇ ਲਾਮਿਸਾਲ ਭੂਮਿਕਾ ਅਤੇ ਆਜ਼ਾਦ ਭਾਰਤ ਦੀ ਏਕਤਾ ਨੂੰ ਨਵੀਂ ਅਤੇ ਮਜ਼ਬੂਤ ਦਿਸ਼ਾ ਪ੍ਰਦਾਨ ਕਰਨ ਦੀ ਗੱਲ ਕਰਦਿਆਂ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਕਿ ਸਰਦਾਰ ਪਟੇਲ ਰਾਸ਼ਟਰੀ ਏਕਤਾ ਨੂੰ ਸਮਰਪਿਤ ਉਹ ਸ਼ਖਸੀਅਤ ਸਨ, ਜਿਨਖ਼ਾਂ ਭਾਰਤ ਨੂੰ ਇਕ ਮਜ਼ਬੂਤ ਰਾਸ਼ਟਰ ਬਣਾਉਣ ਵਿਚ ਬਹੁਤ ਅਹਿਮ ਭੂਮਿਕਾ ਨਿਭਾਈ। ਉਨਖ਼ਾਂ ਕਿਹਾ ਕਿ ਅਜੋਕੇ ਸਮੇਂ, ਜਦੋਂ ਕਿ ਦੇਸ਼ ਵਿਰੋਧੀ ਤਾਕਤਾਂ ਮੁਲਕ ਨੂੰ ਮਜ਼ਹਬ ਅਤੇ ਜਾਤਾਂ ਦੇ ਨਾਂਅ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਸਾਨੂੰ ਸਰਦਾਰ ਪਟੇਲ ਦੇ ਨਕਸ਼ੇ ਕਦਮਾਂ ‘ਤੇ ਚੱਲਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤ ਅੱਜ ਵਿਕਾਸ ਦੀ ਰਾਹ ‘ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਦੋ ਦਹਾਕਿਆਂ ਵਿੱਚ ਇਹ ਅਮਰੀਕਾ ਅਤੇ ਬਰਤਾਨੀਆ ਵਰਗੇ ਵਿਕਸਤ ਮੁਲਕਾਂ ਨੂੰ ਪਿੱਛੇ ਛੱਡ ਦੇਵੇਗਾ।
ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਪੂਰੀ ਤਰ੍ਹਾਂ ਇਕਮੱਤ ਹੋ ਕੇ ਜਨਤਾ ਦੀ ਸੇਵਾ ਕਰ ਰਹੀ ਹੈ। ਬਿਹਾਰ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਉਥੇ ਕਈ ਪਾਰਟੀਆਂ ਦੇ ਗਠਜੋੜ ਖਿਲਾਫ਼ ਭਾਜਪਾ ਟੱਕਰ ਲੈ ਰਹੀ ਹੈ ਅਤੇ ਆਸ ਪ੍ਰਗਟਾਈ ਕਿ ਬਿਹਾਰ ਵਿਚ ਭਾਜਪਾ ਆਪਣੇ ਬਲਬੂਤੇ ‘ਤੇ ਸਰਕਾਰ ਬਣਾਉਣ ਬਣਾਉਣ ਵਿਚ ਸਫਲ ਹੋਵੇਗੀ। ਇਕ ਰੈਂਕ ਇਕ ਪੈਨਸ਼ਨ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਲਾਗੂ ਕਰਨਾ ਐਨ ਡੀ ਏ ਸਰਕਾਰ ਦੀ ਇਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਹਾਲੇ ਵੀ ਇਸ ਸਬੰਧੀ ਧਰਨੇ-ਮੁਜ਼ਾਹਰੇ ਕਰ ਰਹੇ ਹਨ, ਉਹ ਨੋਟੀਫਿਕੇਸ਼ਨ ਦਾ ਇੰਤਜ਼ਾਰ ਕਰ ਰਹੇ ਹਨ।ਸਰਹੱਦ ਪਾਰੋਂ ਨਸ਼ਿਆਂ ਦੀ ਹੋ ਰਹੀ ਸਮੱਗਲਿੰਗ ਸਬੰਧੀ ਇਕ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਰਾਓ ਇੰਦਰਜੀਤ ਸਿੰਘ ਨੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਕੱਠਿਆਂ ਹੋ ਕੇ ਹੰਭਲਾ ਮਾਰਨਾ ਹੋਵੇਗਾ।
ਸਮਾਗਮ ਨੂੰ ਸ੍ਰੀ ਰਾਜਿੰਦਰ ਮੋਹਨ ਸਿੰਘ ਛੀਨਾ, ਸ੍ਰੀ ਕੇਵਲ ਗਿੱਲ ਨੇ ਵੀ ਸੰਬੋਧਨ ਕੀਤਾ ਅਤੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ, ਆਜ਼ਾਦੀ ਸੰਘਰਸ਼ ਅਤੇ ਪ੍ਰਾਪਤੀਆਂ ‘ਤੇ ਚਾਨਣਾ ਪਾਇਆ। ਇਸ ਤੋਂ ਪਹਿਲਾਂ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਦਾ ਅੰਮ੍ਰਿਤਸਰ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਸਰਕਟ ਹਾਊਸ ਵਿਖੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।
Punjab Post Daily Online Newspaper & Print Media
