Wednesday, October 14, 2026

63 ਲੱਖ ਰੁਪਏ ਦੀ ਰਾਸ਼ੀ 4878 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਤਬਦੀਲ-ਡੀ. ਸੀ

DC Mr. Ravi Bhagatਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ)- ਖੇਤੀਬਾੜੀ ਵਿਭਾਗ ਵੱਲੋਂ ਹਾੜ੍ਹੀ 2015-16 ਸੀਜ਼ਨ ਵਿਚ ਕਣਕ ਦੇ ਬੀਜ ਦੀ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਹੁੰਚਾਉਣ ਲਈ ਇਸ ਵਾਰ ਕੀਤੇ ਗਏ ਨਵੇਂ ਉਪਰਾਲੇ ਤਹਿਤ ਹੁਣ ਤੱਕ ਜ਼ਿਲ੍ਹੇ ਵਿਚ 63 ਲੱਖ ਰੁਪਏ ਦੀ ਰਾਸ਼ੀ 4878 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਤਬਦੀਲ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਇਸ ਸਬੰਧੀ 16,552 ਕਿਸਾਨਾਂ ਤੋਂ ਬਿਨੈ ਪੱਤਰ ਪ੍ਰਾਪਤ ਹੋਏ ਸਨ ਅਤੇ ਕੁੱਲ 22,846 ਕੁਇੰਟਲ ਕਣਕ ਦੇ ਤਸਦੀਕਸ਼ੁਦਾ ਬੀਜ ਦੀ ਮੰਗ ਕਿਸਾਨਾਂ ਵੱਲੋਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਵਿਭਾਗ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ ਹੁਣ ਤੱਕ 80 ਲੱਖ ਰੁਪਏ ਦੀ ਸਬਸਿਡੀ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਜੋ ਵੀ ਕਣਕ ਦੇ ਬੀਜ ਦੇ ਬਿੱਲ ਲਏ ਗਏ ਹਨ, ਉਹ ਤੁਰੰਤ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰਾਂ ਵਿਚ ਜਮ੍ਹਾਂ ਕਰਵਾ ਦੇਣ, ਤਾਂ ਜੋ ਉਨ੍ਹਾਂ ਦੇ ਖਾਤਿਆਂ ਵਿਚ ਸਬਸਿਡੀ ਸਮੇਂ ਸਿਰ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਖੇਤੀਬਾੜੀ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਵੀ ਦਫ਼ਤਰ ਖੁੱਲ੍ਹੇ ਰੱਖੇ ਜਾ ਰਹੇ ਹਨ ਅਤੇ ਕਿਸਾਨ ਆਪਣੇ ਬਿੱਲ ਇਨ੍ਹਾਂ ਦਿਨਾਂ ਵਿਚ ਵੀ ਜਮ੍ਹਾਂ ਕਰਵਾ ਸਕਦੇ ਹਨ।
ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਬਲਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦਾ 50 ਫੀਸਦੀ ਰਕਬਾ ਬੀਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਅਜੇ ਬਿਜਾਈ ਕਰਨੀ ਹੈ, ਉਹ ਆਪਣਾ ਬੀਜ ਸੋਧ ਕੇ ਹੀ ਬੀਜਣ, ਤਾਂ ਜੋ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੁਝ ਕਿਸਾਨਾਂ ਵੱਲੋਂ ਬਲਾਕ ਖੇਤੀਬਾੜੀ ਦਫ਼ਤਰਾਂ ਵੱਲੋਂ ਜਾਰੀ ਪਰਮਿਟ ਤਾਂ ਲੈ ਲਏ ਗਏ ਹਨ, ਪਰੰਤ ਬੀਜ ਨਹੀਂ ਖਰੀਦਿਆ ਗਿਆ, ਇਸ ਲਈ ਉਹ ਕਿਸਾਨ ਤੁਰੰਤ ਬੀਜ ਖ਼ਰੀਦ ਕੇ ਬਿੱਲ ਤੁਰੰਤ ਦਫ਼ਤਰਾਂ ਵਿਚ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਸਬਸਿਡੀ ਦਾ ਪੂਰਾ ਲਾਭ ਮਿਲ ਸਕੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply