ਪਠਾਨਕੋਟ, 18 ਨਵੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਜਿਨ੍ਹਾਂ ਵਿੱਚ ਆਧੁਨਿਕ ਖੇਡ ਸਟੇਡੀਅਮ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸਰਕਾਰੀ ਕਾਲਜ, ਆਡੀਟੋਰੀਅਮ ਅਤੇ ਸ਼ਾਪਿੰਗ ਕੰਪਲੈਕਸ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ, ਜੋ ਜਲਦੀ ਹੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਆਯੋਜਿਤ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ.ਏ.ਐਸ ਪ੍ਰੀਤੀ ਯਾਦਵ ਸਹਾਇਕ ਕਮਿਸ਼ਨਰ ਸਿਖਲਾਈ ਅਧੀਨ, ਸਰਵਸ਼੍ਰੀ ਸਤੀਸ਼ ਕੁਮਾਰ ਵਸ਼ਿਸਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਮੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ, ਵਿਸ਼ੇਸ਼ ਕੁਮਾਰ ਸਹਾਇਕ ਡਾਇਰੈਕਟਰ ਮੱਛੀ ਪਾਲਣ, ਸੁਖਦੇਵ ਰਾਜ ਬੀ.ਡੀ.ਪੀ.ਓ., ਪਵਨ ਕੁਮਾਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਜਰਨੈਲ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਖਰਚ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਦੇਣ ਤਾਂ ਜੋ ਸਰਕਾਰ ਤੋਂ ਹੋਰ ਫੰਡ ਮੰਗੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਚੱਲ ਰਹੇ ਵੱਡੇ ਪੰਜ ਪ੍ਰੋਜੈਕਟ ਜਲਦੀ ਮਿੱਥੇ ਸਮੇਂ ਵਿੱਚ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ 45.62 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ 14.29 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਸਰਕਾਰੀ ਕਾਲਜ ਦੀ ਇਮਾਰਤ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਜਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇਮਰੀ) ਜਰਨੈਲ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਵਿੱਚ ਪੜ੍ਹਣ ਵਾਲੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਦੇਣ ਲਈ 882 ਸਾਈਕਲ ਪ੍ਰਾਪਤ ਹੋ ਗਏ ਹਨ, ਜੋ ਇਸ ਹਫਤੇ ਦੇ ਅੰਦਰ ਹੀ ਵਿਦਿਆਰਥਣਾਂ ਨੂੰ ਵੰਡ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਲ ਅਧਿਕਾਰੀਆਂ, ਜਿਲ੍ਹਾ ਸਿੱਖਿਆ ਵਿਭਾਗ, ਸਿਹਤ ਵਿਭਾਗ ਅਤੇ ਹੋਰਨਾ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਮੀਟਿੰਗਾਂ ਵੀ ਕੀਤੀਆਂ ਅਤੇ ਇਨ੍ਹਾਂ ਵਿਭਾਗਾਂ ਵੱਲੋਂ ਕੀਤੇ ਗਏ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲਿਆ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media