Wednesday, July 29, 2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਮੰਗਲਵਾਰ

ਨਵੀ ਦਿੱਲੀ, 23 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ 24 ਅਤੇ 25 ਨਵੰਬਰ (9 ਅਤੇ 10 ਮੱਘਰ, ਸੰਮਤ ਨਾਨਕਸ਼ਾਹੀ 547) ਮੰਗਲਵਾਰ ਅਤੇ ਬੁੱਧਵਾਰ ਦਾ ਦੋ-ਦਿਨਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਮੰਗਲਵਾਰ 24 ਨਵੰਬਰ ਨੂੰ ਸਵੇਰੇ 10 ਵੱਜੇ ਲਾਲ ਕਿਲ੍ਹਾ ਗ੍ਰਾਉਂਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਅਰੰਭ ਹੋਵੇਗਾ, ਜੋ ਦਿੱਲੀ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਰਾਤ ਦੇਰ ਗੁਰਦੁਆਰਾ ਨਾਨਕ ਪਿਆਓ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦਸਿਆ ਕਿ ਇਸ ਨਗਰ ਕੀਰਤਨ ਵਿੱਚ ਰਣਜੀਤ ਨਗਾਰਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਤੋਂ ਪਿੱਛੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਬੱਚਿਆਂ ਦੇ ਬਾਵਰਦੀ ਬੈਂਡ, ਸ਼ਬਦੀ ਜੱਥੇ, ਗਤਕਾ ਪਾਰਟੀਆਂ ਅਤੇ ਸੰਗਤਾਂ ਪੈਦਲ ਸ਼ਾਮਲ ਹੋ ਨਗਰ ਕੀਰਤਨ ਦੀ ਸ਼ੋਭਾ ਵਧਾਣਗੀਆਂ।
ਸ. ਰਾਣਾ ਨੇ ਦਸਿਆ ਕਿ ਮੰਗਲਵਾਰ 24 ਨਵੰਬਰ ਨੂੰ ਹੀ ਸਵੇਰੇ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਸ਼ਾਮ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾਣਗੇ। ਜਿਨ੍ਹਾਂ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
ਸ. ਪਰਮਜੀਤ ਸਿੰਘ ਰਾਣਾ ਨੇ ਹੋਰ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਰਾਤ ਦੇਰ ਤਕ ਹੋਣ ਵਾਲਾ ਮੁੱਖ ਸਮਾਗਮ ਬੁੱਧਵਾਰ 25 ਨਵੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲਖੀਸ਼ਾਹ ਵਣਜਾਰਾ ਹਾਲ ਵਿਖੇ ਹੋਵੇਗਾ। ਜਿਸਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਆਸਾ ਦੀ ਵਾਰ ਦਾ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ ਦਾ ਰਾਗੀ ਜੱਥਾ ਕਰੇਗਾ ਅਤੇ ਭਾਈ ਰਜਿੰਦਰ ਸਿੰਘ ਬੀ ਏ, ਹੈੱਡ ਗ੍ਰੰਥੀ ਗੁਰਸ਼ਬਦ ਦੀ ਕਥਾ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਣਗੇ। ਉਪਰੰਤ 9 ਤੋਂ 10 ਵਜੇ ਤਕ ਭਾਈ ਤੇਜਿੰਦਰ ਸਿੰਘ (ਖੰਨੇ ਵਾਲੇ) ਕੀਰਤਨ ਕਰਨਗੇ, ਜਿਸਦਾ ਸਿੱਧਾ ਪ੍ਰਸਾਰਣ ਆਲ ਇੰਡਿਆ ਰੇਡਿਉ ਤੋਂ ਹੋਵੇਗਾ। ਉਨ੍ਹਾਂ ਦਸਿਆ ਕਿ ਇਨ੍ਹਾਂ ਤੋਂ ਇਲਾਵਾ ਇਸ ਸਮਾਗਮ ਵਿੱਚ ਪੰਥ ਪ੍ਰਵਾਨਤ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਇਸ ਮੋਕੇ ਤੇ ਹੋਣ ਵਾਲੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਪੁਰ ਅਧਾਰਤ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ। ਦੁਪਹਿਰ ਬਾਅਦ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀ ਭਰ, ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ। ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਇਸ ਮੌਕੇ ਤੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 2.30 ਤਕ ਅਤੇ ਰਾਤ 9 ਵਜੇ ਤੋਂ ਸਮਾਪਤੀ ਤਕ ਪੀਟੀਸੀ ਚੈਨਲ, ਚੜ੍ਹਦੀਕਲਾ ਟਾਈਮ ਟੀਵੀ ਅਤੇ ਵੈੱਬਸਾਈਟ www.baani.net ਤੇ ਹੋਵੇਗਾ। ਸ. ਰਾਣਾ ਨੇ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਇਤਿਹਾਸਕ ਗੁਰਦੁਆਰਿਆਂ ਪੁਰ ਦਰਸ਼ਨੀ ਦੀਪਮਾਲਾ ਹੋਵੇਗੀ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply