Friday, November 22, 2024

ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਪਸ਼ੂਧਨ ਮੇਲਾ ਤੇ ਦੁੱਧ ਚੁਆਈ ਮੁਕਾਬਲੇ ਸ਼ੁਰੂ

PPN2611201502ਬਟਾਲਾ, 26 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪਸ਼ੂ ਪਾਲਣ ਵਿਭਾਗ ਵੱਲੋਂ 2 ਰੋਜ਼ਾ ਜ਼ਿਲ੍ਹਾ ਪੱਧਰੀ ਪਸ਼ੂਧਨ ਮੇਲਾ ਅਤੇ ਦੁੱਧ ਚੁਆਈ ਮੁਕਾਬਲੇ ਅੱਜ ਸ਼ਾਨੋ-ਸ਼ੌਕਤ ਨਾਲ ਬਟਾਲਾ ਦੀ ਆਧੁਨਿਕ ਪਸ਼ੂ ਮੇਲਾ ਗਰਾਉਂਡ ਵਿਖੇ ਸ਼ੁਰੂ ਹੋ ਗਏ ਹਨ। ਇਸ ਪਸ਼ੂਧਨ ਚੈਪੀਂਅਨਸ਼ਿਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਵ ਅਰੋੜਾ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਅਰਵਿੰਦ ਸ਼ਰਮਾਂ, ਡੀ.ਐੱਸ.ਪੀ. ਸਿਟੀ ਜੇ.ਐੱਸ. ਸੰਧੂ, ਸਹਾਇਕ ਡਾਇਰੈਕਟਰ ਡਾ. ਸ਼ਾਮ ਸਿੰਘ, ਡਾ. ਸਰਬਜੀਤ ਸਿੰਘ, ਡਾ. ਗੁਰਦੇਵ ਸਿੰਘ, ਡਾ. ਪਵਨ ਕੁਮਾਰ ਗਾਂਧੀ ਸਾਬਕਾ ਡਿਪਟੀ ਡਾਇਰੈਕਟਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਜ਼ਿਲ੍ਹਾ ਪੱਧਰੀ ਪਸ਼ੂ ਧੰਨ ਮੇਲੇ ‘ਚ ਅੱਜ ਪਸ਼ੂਆਂ ਦੀਆਂ 53 ਵੱਖ-ਵੱਖ ਕੈਟਾਗਰੀਆਂ ਦੇ ਮੁਕਾਬਲੇ ਸ਼ੁਰੂ ਹੋ ਗਏ, ਜਿਨ੍ਹਾਂ ‘ਚ ਇਸ ਵਾਰ ਰਿਕਾਰਡ 2866 ਪਸ਼ੂਆਂ ਦੀਆਂ ਐਂਟਰੀਆਂ ਦਰਜ਼ ਕੀਤੀਆਂ ਗਈਆਂ ਹਨ। ਇਸਤੋਂ ਇਲਾਵਾ 298 ਪਸ਼ੂ ਦੁੱਧ ਚੁਆਈ ਮੁਕਾਬਿਲਆਂ ‘ਚ ਭਾਗ ਲੈ ਰਹੇ ਹਨ। ਪਸ਼ੂ ਮੰਡੀ ਵਿੱਚ ਵੱਖ-ਵੱਖ ਮੁਕਾਬਲਿਆਂ ਲਈ 5 ਰਿੰਗ ਬਣਾਏ ਗਏ ਹਨ ਜਿਨ੍ਹਾਂ ‘ਚ ਪਸ਼ੂ ਪਾਲਣ ਵਿਭਾਗ ਤੇ ਸ੍ਰੀ ਗੁਰੂ ਅੰਗਦ ਦੇਵ ਯੂਨੀਵਰਸਿਟੀ ਦੇ ਮਾਹਿਰ ਡਾਕਟਰਾਂ ਵੱਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਜਾ ਰਹੀ ਹੈ। ਅੱਜ ਪਹਿਲੇ ਦਿਨ ਘੋੜਿਆਂ, ਮੱਝਾਂ, ਗਾਵਾਂ ਤੇ ਬੱਕਰੀਆਂ ਦੀਆਂ ਵੱਖ-ਵੱਖ ਨਸਲਾਂ ਦੇ ਮੁਕਾਬਲੇ ਸ਼ੁਰੂ ਕਰਵਾਏ ਗਏ। ਮੇਲੇ ਦੇ ਅਖੀਰਲੇ ਦਿਨ 27 ਨਵੰਬਰ ਨੂੰ ਪਸ਼ੂਆਂ ਦੀ ਹੋਰ ਕੈਟਾਗਰੀਆਂ ਦੇ ਮੁਕਾਬਲਿਆਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਡਾਗ ਸ਼ੌਅ ਕਰਾਇਆ ਜਾਵੇਗਾ। ਇਨ੍ਹਾਂ ਸਾਰਿਆਂ ਮੁਕਾਬਲਿਆਂ ਦੇ ਜੇਤੂਆਂ ਨੂੰ ਭਲਕੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਵੱਲੋਂ 5.50 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।
ਪਸ਼ੂਧਨ ਚੈਂਪੀਅਨਸ਼ਿਪ ਦਾ ਰਸਮੀ ਉਦਘਾਟਨ ਕਰਨ ਤੋਂ ਬਾਅਦ ਮੇਲੇ ‘ਚ ਆਏ ਪਸ਼ੂ ਪਾਲਕਾਂ, ਕਿਸਾਨਾਂ ਅਤੇ ਆਮ ਲਕਾਂ ਦਾ ਸਵਾਗਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪਸ਼ੂ ਧੰਨ ਮੇਲੇ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਧੰਦੇ ਵੱਲ ਆਕਰਸ਼ਤ ਕਰਨ ‘ਚ ਕਾਮਯਾਬ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲੇ ਰਾਹੀਂ ਜਿਥੇ ਵਧੀਆ ਨਸਲ ਦੇ ਪਸ਼ੂ ਧੰਨ ਵਾਲੇ ਕਿਸਾਨਾਂ ਨੂੰ ਮਾਣ ਮਿਲਦਾ ਹੈ ਉਥੇ ਅਜਿਹੇ ਪਸ਼ੂ ਪਾਲਕਾਂ ਵੱਲ ਦੇਖ ਕੇ ਹੋਰ ਲੋਕ ਵੀ ਸੇਧ ਪ੍ਰਾਪਤ ਕਰਦੇ ਹਨ। ਸ. ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਤਹਿਤ ਸਹਾਇਕ ਧੰਦੇ ਸ਼ੁਰੂ ਕਰਨ ਲਈ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸਦਾ ਕਿਸਾਨ ਭਰਾਵਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਪਸ਼ੂ ਪਾਲਣ ਵਰਗੇ ਲਾਹੇਵੰਦ ਸਹਾਇਕ ਧੰਦੇ ਅਪਨਾਉਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਅਰਵਿੰਦ ਸ਼ਰਮਾਂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀ ਜ਼ਿਲ੍ਹਾ ਗੁਰਦਾਸਪੁਰ ਟੀਮ ਨੇ ਪਸ਼ੂ ਧੰਨ ਨੂੰ ਵਧਾਉਣ ‘ਚ ਜਿਕਰਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੇ ਪਸ਼ੂ ਧੰਨ ਮੇਲੇ ਲੋਕਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਵੱਲ ਆਕਰਸ਼ਿਤ ਕਰਨ ‘ਚ ਬਹੁਤ ਸਹਾਈ ਸਿੱਧ ਹੋਏ ਹਨ ਅਤੇ ਇਹੀ ਕਾਰਨ ਹੈ ਕਿ ਇਸ ਵਾਰ ਪਿਛਲੀ ਵਾਰ ਨਾਲੋਂ ਵੀ ਵੱਧ ਐਂਟਰੀਆਂ ਮੁਕਾਬਲਿਆਂ ਲਈ ਆਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਵਿਭਾਗ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕਰਨ ਲਈ ਵੱਚਨਬੱਧ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਦੀਆਂ 236 ਪਸ਼ੂ ਸੰਸਥਾਵਾਂ ਜਿਨ੍ਹਾਂ ਵਿੱਚ 127 ਪਸ਼ੂ ਹਸਪਤਾਲ ਅਤੇ 109 ਪਸ਼ੂ ਡਿਸਪੈਂਸਰੀਆਂ ਪਸ਼ੂਆਂ ਦੇ ਇਲਾਜ ਲਈ ਉਪਲੱਬਧ ਹਨ। ਡਾ. ਸ਼ਰਮਾ ਨੇ ਇਸ ਪਸ਼ੂ ਧੰਨ ਮੇਲੇ ‘ਚ ਵੱਡੀ ਗਿਣਤੀ ‘ਚ ਪਹੁੰਚੇ ਪਸ਼ੂ ਪਾਲਕਾਂ ਤੇ ਕਿਸਾਨਾਂ ਦਾ ਧੰਨਵਾਦ ਵੀ ਕੀਤਾ।
ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੰਦੇ ਸਟਾਲ ਵੀ ਲਗਾਏ ਗਏ। ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸ਼ੇਖੂਪੁਰਾ ਦੇ ਵਿਦਿਆਰਥੀਆਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਨੇ ਵੱਖ-ਵੱਖ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਮੇਲੇ ਦੀਆਂ ਰੌਣਕਾਂ ਨੂੰ ਵਧਾਇਆ। ਇਸੇ ਦੌਰਾਨ ਘੋੜੀਆਂ ਦੇ ਨਾਚ ਨੇ ਵੀ ਦਰਸ਼ਕਾਂ ਦਾ ਖੂਬ ਮੰਨੋਰੰਜਨ ਕੀਤਾ। ਇਸ ਮੌਕੇ ਡਾ. ਜੋਗਿੰਦਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਸੇਖਵਾਂ, ਹਰਦਿਆਲ ਸਿੰਘ ਭਾਮ, ਖੇਤੀਬਾੜੀ ਅਫਸਰ ਅਵਤਾਰ ਸਿੰਘ ਬੁੱਟਰ, ਅਮਰਬੀਰ ਸਿੰਘ ਕਾਹਲੋਂ, ਡਾ. ਮਨਪ੍ਰੀਤ ਕੌਰ, ਡਾ. ਲਖਵਿੰਦਰ ਸਿੰਘ, ਡਾ. ਕਿਰਨਪ੍ਰੀਤ ਕੌਰ, ਅਮਨਦੀਪ, ਸੁਭਾਸ਼ ਚੰਦਰ, ਬੁੱਧ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਸ਼ੂ ਪਾਲਕ, ਕਿਸਾਨ ਅਤੇ ਦਰਸ਼ਕ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply