‘ਸਾਰਕ’ ਮੁਲਕਾਂ ਦੇ 150 ਤੋਂ ਵੱਧ ਖ਼ਰੀਦਦਾਰ ਪਹਿਲੀ ਵਾਰ ਕਰਨਗੇ ਮੇਲੇ ਵਿਚ ਸ਼ਿਕਰਤ
ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਅਤੇ ਪੀ ਐਚ ਡੀ ਚੈਂਬਰ ਆਫ ਕਾਮਰਸ ਵੱਲੋਂ ਪੰਜਾਬ ਅੰਤਰਰਾਸ਼ਟਰੀ ਵਪਾਰ ਮੇਲਾ ‘ਪਾਈਟੈਕਸ’ ਇਸ ਵਾਰ 3 ਤੋਂ 7 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਇਸ ਮੇਲੇ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਅਤੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤਿਆਰ ਹੋ ਰਹੇ ਪੰਡਾਲ ਵਿਚ 400 ਦੇ ਕਰੀਬ ਸਟਾਲ ਲਗਾਏ ਜਾ ਰਹੇ ਹਨ। ਸ੍ਰੀ ਭਗਤ ਨੇ ਦੱਸਿਆ ਕਿ ਇਸ ਵਾਰ ਇਸ ਮੇਲੇ ਦੀ ਖਾਸ ਗੱਲ ਇਹ ਹੋਵੇਗੀ ਕਿ ਇਸ ਵਿਚ ਪਹਿਲੀ ਵਾਰ ‘ਸਾਰਕ’ ਮੁਲਕਾਂ ਦੇ ਚੁਣੇ ਹੋਏ 150 ਖ਼ਰੀਦਦਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ਹੈ, ਜਿਨ੍ਹਾਂ ਦੇ ਆਉਣ-ਜਾਣ ਅਤੇ ਰਹਿਣ-ਸਹਿਣ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਕੇਵਲ ਆਪਸੀ ਸਾਂਝ ਵਧੇਗੀ ਸਗੋਂ ਇਨ੍ਹਾਂ ਮੁਲਕਾਂ ਵਿਚਾਲੇ ਵਪਾਰ ਨੂੰ ਹੋਰ ਹੁਲਾਰਾ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕੇਵਲ ਵਿਦੇਸ਼ਾਂ ਵਿਚੋਂ ਵਪਾਰੀ ਹੀ ਆਉਂਦੇ ਸਨ, ਪਰੰਤੂ ਇਸ ਵਾਰ ਖ਼ਰੀਦਦਾਰਾਂ ਨੂੰ ਸੱਦ ਕੇ ਇਹ ਇਕ ਨਵਾਂ ਤਜ਼ਰਬਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਮੇਲੇ ਦੇ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਪਾਰਕਿੰਗ, ਮੈਡੀਕਲ ਸਹਾਇਤਾ ਅਤੇ ਸੁਰੱਖਿਆ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਤਜਿੰਦਰ ਪਾਲ ਸਿੰਘ ਸੰਧੂ, ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਜੈਦੀਪ ਸਿੰਘ, ਸ੍ਰੀ ਹਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media