
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਖੁਰਮਣੀਆ, ਪ੍ਰੀਤਮ ਸਿੰਘ)-ਖਾਲਸਾ ਕਾਲਜ ਫਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 870 ਤੋਂ ਵਧੇਰੇ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਕਾਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨਰ (ਯੂ. ਜੀ. ਸੀ.), ਨਵੀਂ ਦਿੱਲੀ ਦੇ ਸਕੱਤਰ ਡਾ. ਜਸਪਾਲ ਸਿੰਘ ਸੰਧੂ ਨੇ ਆਪਣੇ ਭਾਸ਼ਣ ਦੌਰਾਨ ਦੇਸ਼ ਦੀ ਤਰੱਕੀ ਲਈ ਪ੍ਰੋਫ਼ੈਸ਼ਨਲ ਵਿੱਦਿਆ ਹਾਸਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰਵਾਇਤੀ ਸਿੱਖਿਆ ਤੋਂ ਇਲਾਵਾ ਹੱਥੀਂ ਕੰਮ ਕਰਨ ਤੇ ਹੁਨਰ ਨੂੰ ਉਜਾਗਰ ਕਰਨਾ ਵਿੱਦਿਆ ਦਾ ਮੁੱਖ ਮੰਤਵ ਹੋਣਾ ਚਾਹੀਦਾ ਹੈ।
ਡਾ. ਸੰਧੂ ਨੇ ਨੌਜਵਾਨਾਂ ਅਤੇ ਖ਼ਾਸ ਕਰਕੇ ਲੜਕੀਆਂ ਨੂੰ ਵਿੱਦਿਆ ਗ੍ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਮਾਜ ਵਿੱਚ ਔਰਤਾਂ ਦੇ ਹੱਕਾਂ ਦੀ ਰਾਖੀ ਤਾਂ ਹੋ ਸਕਦੀ ਹੈ ਜੇਕਰ ਉਹ ਸਿੱਖਿਅਤ ਹੋਵੇ। ਉਨ੍ਹਾਂ ਕਿਹਾ ਕਿ ਯੂ. ਜੀ. ਸੀ. ਨੇ ਬਹੁਤ ਸਾਰੀਆਂ ਨਵੀਆਂ ਸਕੀਮਾਂ ਲੜਕੀਆਂ ਦੇ ਕਾਲਜਾਂ ਲਈ ਐਲਾਨੀਆਂ ਹਨ, ਜਿਨ੍ਹਾਂ ਵਿੱਚ ਇਨ੍ਹਾਂ ਕਾਲਜਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਵਿਸ਼ੇਸ਼ ਮਹਿਮਾਨ ਵਜੋਂ ਮੌਜ਼ੂਦ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਦੀ ਹਾਜ਼ਰੀ ਵਿੱਚ ਕਾਨਵੋਕੇਸ਼ਨ ਦੀ ਪ੍ਰਧਾਨਗੀ ਕਰਦੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥਣਾਂ ਨੂੰ ਉਚ ਸਿੱਖਿਆ ਹਾਸਲ ਕਰਕੇ ਦੇਸ਼ ਸੇਵਾ ਲਈ ਅਰਪਿਤ ਹੋਣ ਲਈ ਉਤਸ਼ਾਹਿਤ ਕੀਤਾ। ਕਾਨਵੋਕੇਸ਼ਨ ਦੌਰਾਨ ਗ੍ਰੈਜ਼ੂਏਟ, ਪ੍ਰੋਫੈਸ਼ਨਲ ਡਿਗਰੀਆਂ ਆਦਿ ਨਾਲ ਸਬੰਧਿਤ ਵਿਦਿਆਰਥਣਾਂ ਨੂੰ ਡਿਗਰੀਆਂ ਦੇਣ ਤੋਂ ਇਲਾਵਾ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਤਮਗੇ ਦੇ ਕੇ ਨਿਵਾਜਿਆ ਗਿਆ। ਸ: ਮਜੀਠੀਆ ਨੇ ਵਿੱਦਿਆ ਨੂੰ ਪਰਉਪਕਾਰੀ ਦੱਸਦਿਆਂ ਕਿਹਾ ਕਿ ਸਹੀ ਢੰਗ ਨਾਲ ਸਿੱਖਿਅਤ ਆਦਮੀ ਜਾਂ ਔਰਤ ਵਿੱਚ ਹਲੀਮੀ ਹੁੰਦੀ ਹੈ। ਸ: ਛੀਨਾ ਨੇ ਕਿਹਾ ਕਿ ਜੇਕਰ ਲੜਕੇ ਨੂੰ ਪੜ੍ਹਾਇਆ ਜਾਂਦਾ ਹੈ ਤਾਂ ਉਹ ਆਪ ਵਿੱਦਿਆ ਹਾਸਲ ਕਰਦਾ ਹੈ, ਜੇਕਰ ਲੜਕੀ ਨੂੰ ਪੜ੍ਹਾਇਆ ਜਾਂਦਾ ਹੈ ਤਾਂ ਪੂਰਾ ਪਰਿਵਾਰ ਸਿੱਖਿਅਤ ਹੁੰਦਾ ਹੈ।
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਫ਼ੁੱਲਾਂ ਦੇ ਗੁਲਦਸਤੇ ਭੇਟ ਕੀਤੇ। ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤਾ ਗਿਆ। ਇਸ ਤੋਂ ਪਹਿਲਾਂ ਡਾ. ਮਾਹਲ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸੰਸਥਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਹਾਸਲ ਕੀਤੀਆਂ ਉਪਲਬੱਧੀਆਂ ਤੇ ਸਰਗਰਮੀਆਂ ਦਾ ਵਿਸਥਾਰ ਪੂਰਵਕ ਜ਼ਿਕਰ ਕੀਤਾ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਸੁਖਦੇਵ ਸਿੰਘ ਅਬਦਾਲ, ਸ: ਸਰਦੂਲ ਸਿੰਘ ਮੰਨਣ, ਮੈਂਬਰ ਗੁਰਮਹਿੰਦਰ ਸਿੰਘ, ਸ: ਐੱਸ. ਐੱਸ. ਸੇਠੀ, ਸ: ਦਲਜੀਤ ਸਿੰਘ ਸੰਧੂ, ਡਾ. ਮਹਿਲ ਸਿੰਘ, ਡਾ. ਸੁਰਿੰਦਰਪਾਲ ਕੌਰ ਢਿੱਲੋਂ, ਡਾ. ਅਮਰਪਾਲ ਸਿੰਘ, ਡਾ. ਜਸਪਾਲ ਸਿੰਘ, ਸ੍ਰੀਮਤੀ ਦੇਵਿੰਦਰ ਕੌਰ ਸੰਧੂ, ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ (6 ਪ੍ਰਿੰਸੀਪਲਜ਼) ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਨਾਨਕ ਸਿੰਘ, ਅੰਡਰ ਸੈਕਟਰੀ ਡੀ. ਐੱਸ. ਰਟੌਲ ਤੋਂ ਇਲਾਵਾ ਸਮੂੰਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media