Tuesday, March 24, 2026

’ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਪਿੰਡ ਪੱਧਰ ‘ਤੇ ਕੀਤਾ ਜਾਵੇਗਾ ਲਾਗੂ – ਸੰਧੂ

PPN0712201508

PPN0712201509

ਅੰਮ੍ਰਿਤਸਰ, 7 ਦਸੰਬਰ (ਗੁਰਚਰਨ ਸਿੰਘ)- ਪ੍ਰਧਾਨ ਮੰਤਰੀ ਵੱਲੋਂ ਬੱਚੀਆਂ ਲਈ ਸ਼ੁਰੂ ਕੀਤੀ ਗਈ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਸਭਨਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਜ਼ਿਲ੍ਹਾ ਪੱਧਰ ਤੋਂ ਲੈ ਕੇ ਸਬ-ਡਵੀਜ਼ਨ, ਬਲਾਕ ਅਤੇ ਪਿੰਡ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਲੜਕੀਆਂ ਦੀ ਲੋਹੜੀ ਮਨਾਈ ਜਾਵੇਗੀ ਤਾਂ ਜੋ ਇਹ ਸੁਨੇਹਾ ਘਰ-ਘਰ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਇਹ ਜ਼ਰੂਰੀ ਹੈ ਕਿ ਇਸ ਨੂੰ ਸੇਵਾ ਸਮਝ ਕੇ ਕੰਮ ਕੀਤਾ ਜਾਵੇ।
ਸ. ਸੰਧੂ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ ਅਗਵਾਈ ਹੇਠ ਇਕ ਜ਼ਿਲ੍ਹਾ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਗੈਰ-ਸਰਕਾਰੀ ਸੰਗਠਨਾਂ, ਨਿਆਂਪਾਲਿਕਾ ਦੇ ਪ੍ਰਤੀਨਿਧਾਂ ਤੋਂ ਇਲਾਵਾ ਸਿੱਖਿਆ ਮਾਹਿਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ।  ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਨੇ ਕਿਹਾ ਕਿ ਲੜਕੀਆਂ ਅੱਜ ਹਰੇਕ ਖੇਤਰ ਵਿਚ ਮੋਹਰੀ ਹਨ ਪਰੰਤੂ ਫਿਰ ਵੀ ਉਨ੍ਹਾਂ ਨਾਲ ਹਰੇਕ ਪੱਧਰ ‘ਤੇ ਵਿਤਕਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿਤਕਰੇ ਨੂੰ ਰੋਕਣ ਲਈ ਸਮਾਜ ਦੀ ਸੋਚ ਨੂੰ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਬੋਝ ਨਹੀਂ ਹਨ ਬਲਕਿ ਉਹ ਮਾਪਿਆਂ ਨੂੰ ਬੇਟਿਆਂ ਨਾਲੋਂ ਵੱਧ ਪਿਆਰ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਹਿਲਾਵਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਗੁਰਿੰਦਰਜੀਤ ਕੌਰ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤੇ ਜਾਣ ਦੀ ਬੇਹੱਦ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਹੋਇਆ ਹੈ ਪ੍ਰੰਤੂ ਹਾਲੇ ਵੀ ਇਸ ਸਬੰਧੀ ਬਹੁਤ ਕੁਝ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਭਾਰਤ ਸਰਕਾਰ ਵੱਲੋਂ ਮੁਲਕ ਦੇ 100 ਜ਼ਿਲ੍ਹੇ ਚੁਣੇ ਗਏ ਹਨ, ਜਿਨ੍ਹਾਂ ਵਿਚ ਪੰਜਾਬ ਦੇ ਚੁਣੇ ਗਏ 11 ਜ਼ਿਲ੍ਹਿਆਂ ਵਿਚ ਅੰਮ੍ਰਿਤਸਰ ਵੀ ਸ਼ਾਮਿਲ ਹੈ।  ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਬੁੱਟਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਵੇਲੇ ਅੰਮ੍ਰਿਤਸਰ ਵਿਚ ਲਿੰਗ ਅਨੁਪਾਤ ਦੀ ਦਰ 1000 ਪਿੱਛੇ 916 ਹੈ ਜਿਹੜੀ ਕਿ 2011 ਵਿਚ 830 ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੀ ਪੰਘੂੜਾ ਸਕੀਮ ਤਹਿਤ ਹੁਣ ਤੱਕ 100 ਤੋਂ ਵੱਧ ਜ਼ਿੰਦਗੀਆਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਨੂੰ ਰੋਕਣ ਲਈ ਸਾਨੂੰ ਲੜਕੀਆਂ ਪ੍ਰਤੀ ਆਪਣੀ ਮਾਨਸਿਕਤਾ ਬਦਲਣੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਰੂਣ ਹੱਤਿਆ ਦੀ ਬੁਰਾਈ ‘ਤੇ ਨਕੇਲ ਕੱਸਣ ਲਈ ਲਿੰਗ ਨਿਰਧਾਰਨ ਟੈਸਟ ਦੀ ਸੂਚਨਾ ਦੇਣ ਵਾਲੇ ਨੂੰ ਇਕ ਲੱਖ ਰੁਪਏ ਇਨਾਮ ਦੇਣ ਦੀ ਤਜਵੀਜ਼ ਵੀ ਰੱਖੀ ਗਈ ਹੈ।  ਇਸ ਮੌਕੇ ਆਈ. ਪੀ. ਐਸ ਸ੍ਰੀ ਦੀਪਕ ਨਿਲਾਰੀ, ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਰੋਹਿਤ ਸ਼ਰਮਾ, ਸ੍ਰੀ ਹਰਦੀਪ ਸਿੰਘ ਧਾਲੀਵਾਲ ਅਤੇ ਸ੍ਰੀ ਪੋਪਲੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply